ਨਵੀਂ ਦਿੱਲੀ: ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਰਾਹੁਲ ਗਾਂਧੀ ਬਨਾਮ ਰਾਜਪਾਲ ਦਰਮਿਆਨ ਤਲਖੀ ਵਧਦੀ ਜਾ ਰਹੀ ਹੈ। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੂੰ ਕਿਹਾ ਹੈ ਕਿ ਉਹ ਬਿਨਾਂ ਕਿਸੇ ਸ਼ਰਤ ਦੇ ਜੰਮੂ-ਕਸ਼ਮੀਰ ਜਾਣ ਦਾ ਸੱਦਾ ਸਵੀਕਾਰ ਕਰਦੇ ਹਨ। ਉਨ੍ਹਾਂ ਪੁੱਛਿਆ ਕਿ ਉਹ ਦੱਸਣ ਕਦੋਂ ਆਉਣਾ ਹੈ? ਵੱਡੀ ਗੱਲ ਇਹ ਹੈ ਕਿ ਰਾਹੁਲ ਗਾਂਧੀ ਨੇ ਆਪਣੇ ਟਵੀਟ ਵਿੱਚ ਰਾਜਪਾਲ ਮਲਿਕ 'ਤੇ ਤਨਜ਼ ਕੱਸਦੇ ਹੋਏ ਉਨ੍ਹਾਂ ਨੂੰ 'ਮਾਲਕ' ਦੱਸਿਆ ਹੈ।
ਇਸ ਤੋਂ ਪਹਿਲਾਂ ਰਾਜਪਾਲ ਸੱਤਿਆਪਾਲ ਮਲਿਕ ਨੇ ਕਿਹਾ ਸੀ ਕਿ ਰਾਹੁਲ ਗਾਂਧੀ ਕਸ਼ਮੀਰ ਆਉਣ ਲਈ ਸ਼ਰਤਾਂ ਜੋੜ ਰਹੇ ਹਨ। ਹੁਣ ਰਾਹੁਲ ਗਾਂਧੀ ਨੇ ਟਵੀਟ ਕੀਤਾ, 'ਪਿਆਰੇ ਮਾਲਕ, ਮੈਂ ਆਪਣੇ ਟਵੀਟ 'ਤੇ ਤੁਹਾਡਾ ਬਿਆਨ ਦੇਖਿਆ। ਮੈਂ ਤੁਹਾਡੇ ਜੰਮੂ-ਕਸ਼ਮੀਰ ਆਉਣ ਉੱਥੋਂ ਦੇ ਲੋਕਾਂ ਨੂੰ ਮਿਲਣ ਦਾ ਸੱਦਾ ਬਿਨਾਂ ਕਿਸੇ ਸ਼ਰਤ ਦੇ ਸਵੀਕਾਰ ਕਰਦਾ ਹਾਂ। ਦੱਸੋ ਕਿ ਮੈਂ ਕਦੋਂ ਆਵਾਂ?'
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਰਾਜਪਾਲ ਸਤਿਆਪਾਲ ਮਲਿਕ ਨੇ ਰਾਹੁਲ ਗਾਂਧੀ ਦੀ ਇਸ ਮੰਗ ਨੂੰ ਖਾਰਜ ਕਰ ਦਿੱਤਾ ਸੀ ਕਿ ਵਿਰੋਧੀ ਧਿਰ ਦੇ ਲੀਡਰਾਂ ਨੂੰ ਵਾਦੀ ਦਾ ਦੌਰਾ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਸੱਤਿਆਪਾਲ ਮਲਿਕ ਨੇ ਕਿਹਾ ਹੈ ਕਿ ਰਾਹੁਲ ਗਾਂਧੀ ਮਾਮਲੇ ਦਾ ਸਿਆਸੀਕਰਨ ਕਰ ਰਹੇ ਹਨ।