Farmers Protest: ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਲਈ ਸੰਘਰਸ਼ ਕਰ ਰਹੇ ਕਿਸਾਨ ਅੱਜ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਮਿਲਣਗੇ। ਉਨ੍ਹਾਂ ਦੀ ਮੀਟਿੰਗ ਦੁਪਹਿਰ ਕਰੀਬ 12 ਵਜੇ ਸੰਸਦ ਵਿੱਚ ਹੀ ਹੋਵੇਗੀ। ਇਹ ਜਾਣਕਾਰੀ ਕਿਸਾਨ ਆਗੂਆਂ ਨੇ ਦਿੱਤੀ ਹੈ। ਕਿਸਾਨਾਂ ਦੀ ਮੰਗ ਹੈ ਕਿ ਵਿਰੋਧੀ ਪਾਰਟੀਆਂ ਦੇ ਆਗੂ ਮੌਨਸੂਨ ਸੈਸ਼ਨ ਵਿੱਚ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦਾ ਪ੍ਰਸਤਾਵ ਲਿਆਉਣ।


ਕਿਸਾਨਾਂ ਨੇ ਇਸ ਲਈ ਭਾਜਪਾ ਦੇ 240 ਸੰਸਦ ਮੈਂਬਰਾਂ ਨੂੰ ਛੱਡ ਕੇ ਬਾਕੀ ਸਾਰੇ ਸੰਸਦ ਮੈਂਬਰਾਂ ਨੂੰ ਮੰਗ ਪੱਤਰ ਵੀ ਸੌਂਪੇ ਹਨ। ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਇਸ ਸਬੰਧੀ ਇੱਕ ਪ੍ਰਾਈਵੇਟ ਬਿੱਲ ਤਿਆਰ ਕਰਕੇ ਭੇਜਿਆ ਹੈ। ਇਸ ਤੋਂ ਪਹਿਲਾਂ ਕਿਸਾਨਾਂ ਨੇ 22 ਜੁਲਾਈ ਨੂੰ ਦਿੱਲੀ ਵਿੱਚ ਕਿਸਾਨ ਮਜ਼ਦੂਰ ਨੈਸ਼ਨਲ ਕਾਨਫਰੰਸ ਕੀਤੀ ਸੀ। ਇਸ ਵਿੱਚ ਕਿਸਾਨਾਂ ਨੇ ਆਪਣੇ ਸੰਘਰਸ਼ ਸਬੰਧੀ ਸਾਰੀ ਗੱਲ ਰੱਖੀ ਸੀ। ਇਸ ਤੋਂ ਬਾਅਦ ਕਈ ਪਾਰਟੀਆਂ ਦੇ ਆਗੂਆਂ ਨੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਸੀ।


ਕਿਸਾਨਾਂ ਨਾਲ ਮੁਲਾਕਾਤ ਕਰਨ ਵਾਲੇ ਆਗੂਆਂ ਵਿੱਚ ਹਰਸਿਮਰਤ ਕੌਰ ਬਾਦਲ, ਸੁਖਜਿੰਦਰ ਸਿੰਘ ਰੰਧਾਵਾ, ਅਮਰਿੰਦਰ ਸਿੰਘ ਰਾਜਾ ਵੜਿੰਗ, ਵਰੁਣ ਚੌਧਰੀ, ਜੈ ਪ੍ਰਕਾਸ਼ ਜੇਪੀ, ਅਰਵਿੰਦ ਸਾਵੰਤ, ਰਾਜਕੁਮਾਰ ਰੋਤ, ਸਈਅਦ ਆਗਾ ਰੁਹੱਲਾ ਮਹਿੰਦੀ, ਵਿਕਰਮਜੀਤ ਸਿੰਘ ਸਾਹਨੀ, ਮਾਲਵਿੰਦਰ ਸਿੰਘ ਕੰਗ ਤੇ ਡਾ: ਅਮਰ ਸਿੰਘ ਸ਼ਾਮਲ ਸਨ।


ਦੱਸ ਦਈਏ ਕਿ ਪੰਜਾਬ ਵਿੱਚ ਕਿਸਾਨ 13 ਫਰਵਰੀ ਤੋਂ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਦਿੱਲੀ ਜਾਣ ਦੀ ਆਪਣੀ ਮੰਗ 'ਤੇ ਅੜੇ ਹੋਏ ਹਨ। ਹਾਲਾਂਕਿ ਹਰਿਆਣਾ ਸਰਹੱਦ ਬੰਦ ਹੋਣ ਕਾਰਨ ਉਹ ਅੱਗੇ ਨਹੀਂ ਵਧ ਸਕੇ। ਲੋਕ ਸਭਾ ਚੋਣਾਂ ਦੌਰਾਨ ਵੀ ਕਿਸਾਨ ਆਪਣੇ ਧਰਨੇ 'ਤੇ ਡਟੇ ਰਹੇ। ਉਨ੍ਹਾਂ ਭਾਜਪਾ ਆਗੂਆਂ ਤੇ ਉਮੀਦਵਾਰਾਂ ਖ਼ਿਲਾਫ਼ ਪ੍ਰਦਰਸ਼ਨ ਵੀ ਕੀਤਾ। ਕਿਸਾਨਾਂ ਦਾ ਸਪੱਸ਼ਟ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਹ ਪਿੱਛੇ ਨਹੀਂ ਹਟਣਗੇ। ਕਈ ਰਾਜਾਂ ਦੇ ਕਿਸਾਨ ਇਸ ਸੰਘਰਸ਼ ਵਿੱਚ ਸ਼ਾਮਲ ਹੋ ਸਕਦੇ ਹਨ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।