Opoosition Leader In Lok Sabha: ਲੋਕ ਸਭਾ ਚੋਣਾਂ 2024 ਦੇ ਨਤੀਜਿਆਂ ਤੋਂ ਬਾਅਦ ਸਰਕਾਰ ਬਣੀ ਸੀ। ਇਸ ਤੋਂ ਬਾਅਦ ਸਦਨ ਵਿੱਚ ਵਿਰੋਧੀ ਧਿਰ ਦਾ ਨੇਤਾ ਕੌਣ ਹੋਵੇਗਾ ਇਸ ਨੂੰ ਲੈ ਕੇ ਲਗਾਤਾਰ ਚਰਚਾ ਹੁੰਦੀ ਰਹੀ? ਹੁਣ ਇਹ ਚਰਚਾ ਵੀ ਖ਼ਤਮ ਹੋ ਗਈ ਹੈ ਅਤੇ ਉੱਤਰ ਪ੍ਰਦੇਸ਼ ਦੀ ਰਾਏਬਰੇਲੀ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਅਤੇ ਕਾਂਗਰਸ ਦੇ ਦਿੱਗਜ ਨੇਤਾ ਰਾਹੁਲ ਗਾਂਧੀ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹੋਣਗੇ। ਇਹ ਐਲਾਨ ਕਾਂਗਰਸ ਪਾਰਟੀ ਨੇ ਕੀਤਾ ਹੈ।



ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਕਿਹਾ ਕਿ ਰਾਹੁਲ ਗਾਂਧੀ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹੋਣਗੇ। ਇਹ ਫੈਸਲਾ ਕਾਂਗਰਸ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਇਸ ਸਬੰਧੀ ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਪ੍ਰੋਟੇਮ ਸਪੀਕਰ ਨੂੰ ਪੱਤਰ ਲਿਖ ਕੇ ਜਾਣਕਾਰੀ ਦਿੱਤੀ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਹੋਣਗੇ।


 


 






ਚਿੱਠੀ ਲਿਖ ਕੇ ਦਿੱਤੀ  ਜਾਣਕਾਰੀ - ਕੇਸੀ ਵੇਣੂਗੋਪਾਲ


ਵੇਣੂਗੋਪਾਲ ਨੇ ਕਿਹਾ, "ਅਸਥਾਈ ਸਪੀਕਰ ਭਰਤਰਿਹਰੀ ਮਹਿਤਾਬ ਨੂੰ ਇੱਕ ਪੱਤਰ ਲਿਖਿਆ ਅਤੇ ਰਾਹੁਲ ਗਾਂਧੀ ਨੂੰ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਨੇਤਾ ਨਿਯੁਕਤ ਕਰਨ ਦੇ ਫੈਸਲੇ ਬਾਰੇ ਜਾਣਕਾਰੀ ਦਿੱਤੀ।" ਉਨ੍ਹਾਂ ਕਿਹਾ ਕਿ ਬਾਕੀ ਅਹੁਦੇਦਾਰਾਂ ਬਾਰੇ ਫੈਸਲਾ ਬਾਅਦ ਵਿੱਚ ਲਿਆ ਜਾਵੇਗਾ।


ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦਾ ਨੇਤਾ ਨਿਯੁਕਤ ਕਰਨ ਦਾ ਪ੍ਰਸਤਾਵ ਕੀਤਾ ਪਾਸ


ਇਹ ਫੈਸਲਾ 18ਵੀਂ ਲੋਕ ਸਭਾ ਦੇ ਸਪੀਕਰ ਦੇ ਅਹੁਦੇ ਨੂੰ ਲੈ ਕੇ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਵਿਚਾਲੇ ਚੱਲ ਰਹੀ ਖਿੱਚੋਤਾਣ ਦੌਰਾਨ ਆਇਆ ਹੈ। ਭਾਜਪਾ ਨੇ ਇਸ ਅਹੁਦੇ ਲਈ ਓਮ ਬਿਰਲਾ ਨੂੰ ਉਮੀਦਵਾਰ ਬਣਾਇਆ ਹੈ ਜਦਕਿ ਕਾਂਗਰਸ ਨੇ ਕੇ. ਸੁਰੇਸ਼ ਨੂੰ।


ਇਸ ਤੋਂ ਪਹਿਲਾਂ 9 ਜੂਨ ਨੂੰ ਕਾਂਗਰਸ ਵਰਕਿੰਗ ਕਮੇਟੀ (CWC) ਨੇ ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਵਿਰੋਧੀ ਧਿਰ ਦਾ ਨੇਤਾ ਨਿਯੁਕਤ ਕਰਨ ਦਾ ਪ੍ਰਸਤਾਵ ਪਾਸ ਕੀਤਾ ਸੀ। CWC ਦੀ ਬੈਠਕ ਤੋਂ ਬਾਅਦ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਇਸ ਬਾਰੇ ਸੋਚਣ ਲਈ ਕੁਝ ਸਮਾਂ ਚਾਹੀਦਾ ਹੈ, ਉਸ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ।


ਕਾਂਗਰਸ ਨੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਆਪਣੀਆਂ ਸੀਟਾਂ ਦੀ ਗਿਣਤੀ 2019 ਦੀਆਂ 52 ਤੋਂ ਵਧਾ ਕੇ 99 ਕਰ ਦਿੱਤੀ ਹੈ। 2014 ਦੀਆਂ ਚੋਣਾਂ ਵਿੱਚ ਪਾਰਟੀ ਸਿਰਫ਼ 44 ਸੀਟਾਂ ਹੀ ਜਿੱਤਣ ਵਿੱਚ ਕਾਮਯਾਬ ਰਹੀ ਸੀ।