Ajmer News : ਰਾਜਸਥਾਨ  (Rajasthan) ਦੇ ਅਜਮੇਰ (Ajmer) ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਆਵਾਜ਼ ਪ੍ਰਦੂਸ਼ਣ ਨੂੰ ਰੋਕਣ ਲਈ ਸਾਰੇ ਜਨਤਕ ਅਤੇ ਧਾਰਮਿਕ ਸਥਾਨਾਂ 'ਤੇ ਲਾਊਡ ਸਪੀਕਰਾਂ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਹੈ। ਅਜਮੇਰ ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਪਾਬੰਦੀ 7 ਅਪ੍ਰੈਲ ਤੋਂ ਲਾਗੂ ਕਰ ਦਿੱਤੀ ਹੈ।

 

 ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਧਾਰਮਿਕ ਸਥਾਨਾਂ 'ਤੇ ਲਗਾਏ ਗਏ ਲਾਊਡ ਸਪੀਕਰਾਂ ਨੂੰ ਲੈ ਕੇ ਕਈ ਵਿਵਾਦ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅਜਮੇਰ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਮਹੀਨੇ ਲਈ ਸ਼ਹਿਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਹੈ। ਨਾਲ ਹੀ ਅਗਲੇ ਇੱਕ ਮਹੀਨੇ ਤੱਕ ਕਿਸੇ ਵੀ ਧਾਰਮਿਕ ਸਮਾਗਮ ਵਿੱਚ ਝੰਡੇ ਅਤੇ ਬੈਨਰਾਂ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ।



 

ਇਸ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਹੋਣ ਵਾਲੇ ਧਾਰਮਿਕ ਸਮਾਗਮਾਂ ਵਿੱਚ ਸਰਕਾਰੀ ਥਾਵਾਂ, ਜਨਤਕ ਚੌਂਕਾਂ, ਬਿਜਲੀ ਅਤੇ ਟੈਲੀਫੋਨ ਦੇ ਖੰਭਿਆਂ ਅਤੇ ਕਿਸੇ ਵੀ ਵਿਅਕਤੀ ਦੀ ਜਾਇਦਾਦ ’ਤੇ ਯੋਗ ਪ੍ਰਵਾਨਗੀ ਤੋਂ ਬਿਨਾਂ ਕਿਸੇ ਕਿਸਮ ਦਾ ਕੋਈ ਵੀ ਬੈਨਰ ਜਾਂ ਝੰਡਾ ਨਹੀਂ ਲਗਾਇਆ ਜਾ ਸਕਦਾ। ਇਹ ਵੀ ਲਿਖਿਆ ਗਿਆ ਹੈ ਕਿ ਜੇਕਰ ਕੋਈ ਅਜਿਹਾ ਕਰਦਾ ਫੜਿਆ ਗਿਆ ਤਾਂ ਉਸ ਵਿਅਕਤੀ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

ਕਰੌਲੀ ਵਿੱਚ ਹੋਈ ਸੀ ਹਿੰਸਾ  


ਦੱਸ ਦੇਈਏ ਕਿ ਹਾਲ ਹੀ ਵਿੱਚ ਰਾਜਸਥਾਨ ਦੇ ਕਰੌਲੀ ਸ਼ਹਿਰ ਵਿੱਚ ਹਿੰਦੂ ਸੰਗਠਨਾਂ ਵੱਲੋਂ ਨਵ ਸੰਵਤਸਰ ਦੇ ਮੌਕੇ 'ਤੇ ਕੱਢੀ ਗਈ ਬਾਈਕ ਰੈਲੀ 'ਤੇ ਪਥਰਾਅ ਤੋਂ ਬਾਅਦ ਹਿੰਸਾ ਭੜਕ ਗਈ ਸੀ। ਉਦੋਂ ਤੋਂ ਕਰੌਲੀ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਹਾਲਾਂਕਿ ਅਜੇ ਵੀ ਸ਼ਾਂਤੀ ਹੈ ਅਤੇ ਕਿਸੇ ਤਰ੍ਹਾਂ ਦੀ ਹਿੰਸਾ ਦੀ ਕੋਈ ਖਬਰ ਨਹੀਂ ਹੈ।