ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਖ਼ਾਲਿਸਤਾਨ ਲਹਿਰ ਨੂੰ ਮੁੜ ਸਰਗਰਮ ਨਾ ਹੋਣ ਦੇਣ ਦੀ ਗੱਲ ਕਹੀ ਹੈ। ਰਾਜਨਾਥ ਸਿੰਘ ਨੇ ਇੱਥੇ ਸਮਾਗਮ ਵਿੱਚ ਆਪਣੇ ਭਾਸ਼ਣ ਦੌਰਾਨ ਕਿਹਾ ਪਿਛਲੇ ਮਹੀਨੇ ਲੰਡਨ ਵਿੱਚ ਹੋਈ ‘ਰੈਫ਼ਰੰਡਮ 2020 ਰੈਲੀ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਖ਼ਾਲਿਸਤਾਨ ਦੀ ਲਹਿਰ ਨੂੰ ਮੁੜ ਉੱਭਰਨ ਨਹੀਂ ਦਿੱਤਾ ਜਾਏਗਾ।
ਰਾਜਨਾਥ ਸਿੰਘ ਨੇ ਕਿਹਾ ਕਿ ਬ੍ਰਿਟੇਨ ਵਿੱਚ 10 ਲੱਖ ਤੋਂ ਵੱਧ ਸਿੱਖ ਵਸਦੇ ਹਨ, ਪਰ ਰੈਲੀ ਵਿੱਚ 1500 ਤੋਂ 2000 ਲੋਕ ਹੀ ਸ਼ਾਮਲ ਹੋਏ ਸਨ ਤੇ ਭਾਰਤ ਤੋਂ ਕਿਸੇ ਵੀ ਸਿੱਖ ਨੇ ਇਨ੍ਹਾਂ ਪ੍ਰਦਰਸ਼ਨਾਂ ਵਿੱਚ ਹਿੱਸਾ ਨਹੀਂ ਲਿਆ ਸੀ। ਇਸ ਤੋਂ ਇਲਾਵਾ ਇਸ ਰੈਲੀ ਵਿੱਚ ਪਾਕਿਸਤਾਨ ਦੀ ਆਈਐਸਆਈ ਦਾ ਹੱਥ ਵੀ ਜ਼ਾਹਿਰ ਹੋ ਗਿਆ।
ਪਿਛਲੇ ਦਿਨੀਂ ਪੰਜ ਬੁੱਧੀਜੀਵੀਆਂ ਨੂੰ ਨਜ਼ਰਬੰਦ ਕਰਨ 'ਤੇ ਆਲੋਚਕਾਂ ਦਾ ਮੂੰਹ ਬੰਦ ਕਰਨ ਦੇ ਇਲਜ਼ਾਮਾਂ ਵਿੱਚ ਘਿਰੀ ਮੋਦੀ ਸਰਕਾਰ ਦਾ ਬਚਾਅ ਕਰਦਿਆਂ ਰਾਜਨਾਥ ਨੇ ਭਰੋਸਾ ਦਿਵਾਇਆ ਕਿ ਜਮਹੂਰੀ ਅਧਿਕਾਰਾਂ ਨੂੰ ਠੇਸ ਨਹੀਂ ਵੱਜਣ ਦਿੱਤੀ ਜਾਵੇਗੀ ਅਤੇ ਪ੍ਰੈਸ਼ਰ ਕੁੱਕਰ ਦੀ ਸੀਟੀ ਬੰਦ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਜਾਵੇਗੀ।
ਰਾਜਨਾਥ ਨੇ ਕਿਹਾ ਕਿ ਪ੍ਰੈਸ਼ਰ ਕੁੱਕਰ ਦੀ ਭਾਫ਼ ਬੰਦ ਕਰਨ ਦੀ ਕੋਈ ਕੋਸ਼ਿਸ਼ ਨਹੀਂ ਹੋਵੇਗੀ। ਲੋਕਤੰਤਰ ਵਿੱਚ ਸਾਰਿਆਂ ਨੂੰ ਕੁਝ ਵੀ ਬੋਲਣ ਦੀ ਆਜ਼ਾਦੀ ਹੈ ਪਰ ਦੇਸ਼ ਨੂੰ ਅਸਥਿਰ ਕਰਨ ਜਾਂ ਹਿੰਸਾ ਫੈਲਾਉਣ ਦੀ ਖੁੱਲ੍ਹ ਨਹੀਂ ਦਿੱਤੀ ਜਾਵੇਗੀ। ਉਹ ਸੁਪਰੀਮ ਕੋਰਟ ਵੱਲੋਂ ਕੀਤੀ ਟਿੱਪਣੀ ਬਾਰੇ ਪ੍ਰਤੀਕਿਰਿਆ ਦੇ ਰਹੇ ਸਨ ਜਿਸ ਵਿੱਚ ਕੋਰਟ ਨੇ ਕਿਹਾ ਸੀ ਕਿ ਵਿਰੋਧ ਲੋਕਤੰਤਰ ਦਾ ਸੇਫਟੀ ਵਾਲਵ ਹੈ ਤੇ ਜੇ ਤੁਸੀਂ ਸੇਫਟੀ ਵਾਲਵ ਬੰਦ ਕਰਨ ਦੀ ਕੋਸ਼ਿਸ਼ ਕਰੋਗੇ ਤਾਂ ਪ੍ਰੈਸ਼ਰ ਕੁੱਕਰ ਫਟ ਜਾਵੇਗਾ।