ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ ਦੇ ਲੀਡਰ ਰਾਕੇਸ਼ ਟਿਕੈਤ ਨੇ ਐਲਾਨ ਕੀਤਾ ਹੈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਹਰਿਆਣਾ ਤੋਂ ਬਾਅਦ ਰਾਜਸਥਾਨ, ਉੱਤਰ ਪ੍ਰਦੇਸ਼, ਮਹਾਰਾਸ਼ਟਰ, ਗੁਜਰਾਤ ਸਣੇ ਹੋਰ ਸੂਬਿਆਂ ਵਿੱਚ ਵੀ ਕਿਸਾਨ ਮਹਾਪੰਚਾਇਤਾਂ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਨੂੰ ਸਪਸ਼ਟ ਕਰ ਦਿੱਤਾ ਹੈ ਕਿ ਖੇਤੀ ਕਾਨੂੰਨ ਰੱਦ ਹੋਣ ਤੱਕ ਕਿਸਾਨਾਂ ਦੀ ਘਰ ਵਾਪਸੀ ਨਹੀਂ ਹੋਵੇਗੀ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜੇਕਰ ਹਾਲੇ ਵੀ ਸਰਕਾਰ ਕਿਸਾਨਾਂ ਦੀ ਗੱਲ ਨਹੀਂ ਸੁਣੇਗੀ ਤਾਂ ਕਿਸਾਨ ਭਵਿੱਖ ਵਿੱਚ 40 ਲੱਖ ਟਰੈਕਟਰਾਂ ਦਾ ਕਾਫ਼ਲਾ ਲੈ ਕੇ ਦਿੱਲੀ ਵੱਲ ਕੂਚ ਕਰੇਗਾ।


ਕਿਸਾਨ ਲੀਡਰ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਜੇਕਰ ਫ਼ਸਲ ਨੂੰ ਅੱਗ ਲਗਾ ਕੇ ਕੁਰਬਾਨੀ ਵੀ ਦੇਣੀ ਪਈ ਤਾਂ ਕਿਸਾਨ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਸਰਕਾਰ ਕਹਿ ਰਹੀ ਹੈ ਕਿ ਕਿਸਾਨ ਦੋ ਮਹੀਨਿਆਂ ਬਾਅਦ ਫ਼ਸਲ ਦੀ ਵਾਢੀ ਲਈ ਘਰ ਚਲੇ ਜਾਣਗੇ ਪਰ ਕਿਸਾਨ ਆਪਣੀ ਫ਼ਸਲ ਕੁਰਬਾਨ ਕਰਨ ਲਈ ਤਿਆਰ ਹਨ ਤੇ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਘਰਾਂ ਨੂੰ ਚਾਲੇ ਪਾਉਣਗੇ।


ਟਿਕੈਤ ਨੇ ਕਿਹਾ ਕਿ ਪੰਜਾਬ ਦੀ ਧਰਤੀ ਤੋਂ ਸ਼ੁਰੂ ਹੋਇਆ ਕਿਸਾਨ ਸੰਘਰਸ਼ ਅੱਜ ਜਨ ਅੰਦੋਲਨ ਬਣ ਚੁੱਕਿਆ ਹੈ ਜਿਸ ਵਿੱਚ ਦੇਸ਼ ਭਰ ਤੋਂ ਹਰ ਤਬਕੇ ਦੇ ਲੋਕ ਸ਼ਾਮਲ ਹੋ ਰਹੇ ਹਨ। ਮੀਡੀਆ ਵੱਲੋਂ ਟਿਕੈਤ ਨੂੰ ਕਿਸਾਨ ਅੰਦੋਲਨ ਦਾ ਚਿਹਰੇ ਕਹੇ ਜਾਣ ਉੱਪਰ ਉਨ੍ਹਾਂ ਦੁਹਰਾਇਆ ਕਿ ਕਿਸਾਨਾਂ ਦੇ ਮੰਚ ਤੇ ਪੰਚ ਉਹੀ ਰਹਿਣਗੇ ਤੇ ਸੰਯੁਕਤ ਕਿਸਾਨ ਮੋਰਚੇ ਦੇ ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨਪਾਲ, ਗੁਰਨਾਮ ਸਿੰਘ ਚੜੂਨੀ ਸਣੇ ਹੋਰ ਆਗੂਆਂ ਵੱਲੋਂ ਲਏ ਗਏ ਫ਼ੈਸਲਿਆਂ ਨੂੰ ਲਾਗੂ ਕੀਤਾ ਜਾਵੇਗਾ।