Rakesh Tikait on supreme court committee on farm laws and Anil Ghanwat


ਨਵੀਂ ਦਿੱਲੀ: ਰੱਦ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਲੈ ਕੇ ਇੱਕ ਵਾਰ ਫਿਰ ਚਰਚਾ ਸ਼ੁਰੂ ਹੋ ਗਈ ਹੈ। ਦਰਅਸਲ, ਸੁਪਰੀਮ ਕੋਰਟ ਵੱਲੋਂ ਤਿੰਨ ਖੇਤੀ ਕਾਨੂੰਨਾਂ ਦਾ ਅਧਿਐਨ ਕਰਨ ਲਈ ਗਠਿਤ ਕਮੇਟੀ ਇਸ ਨੂੰ ਪੂਰੀ ਤਰ੍ਹਾਂ ਰੱਦ ਨਾ ਕਰਨ ਦੇ ਹੱਕ ਵਿੱਚ ਸੀ। ਇਸ ਦੀ ਬਜਾਏ, ਕਮੇਟੀ ਨੇ ਸੂਬਿਆਂ ਨੂੰ ਨਿਰਧਾਰਤ ਕੀਮਤਾਂ 'ਤੇ ਫਸਲਾਂ ਦੀ ਖਰੀਦ ਦਾ ਅਧਿਕਾਰ ਦੇਣ ਤੇ ਜ਼ਰੂਰੀ ਵਸਤਾਂ ਐਕਟ ਨੂੰ ਖ਼ਤਮ ਕਰਨ ਦਾ ਸੁਝਾਅ ਦਿੱਤਾ ਸੀ। ਕਮੇਟੀ ਦੇ ਤਿੰਨ ਮੈਂਬਰਾਂ ਚੋਂ ਇੱਕ ਅਨਿਲ ਘਨਵਤ ਨੇ ਸੋਮਵਾਰ ਨੂੰ ਰਿਪੋਰਟ ਜਾਰੀ ਕਰਦਿਆਂ ਇਹ ਗੱਲ ਕਹੀ।




ਹੁਣ ਇਸ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਇਸ 'ਤੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਟਿਕੈਤ ਨੇ ਕਿਹਾ, "ਘਨਵਤ ਨੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਸਮਰਥਨ ਵਿੱਚ ਸੁਪਰੀਮ ਕੋਰਟ ਵਿੱਚ ਪੇਸ਼ ਕੀਤੀ ਰਿਪੋਰਟ ਨੂੰ ਜਨਤਕ ਕੀਤਾ ਤੇ ਸਾਬਤ ਕੀਤਾ ਕਿ ਉਹ ਕੇਂਦਰ ਸਰਕਾਰ ਦੀ ਕਠਪੁਤਲੀ ਹੈ।" ਉਨ੍ਹਾਂ ਅੱਗੇ ਕਿਹਾ, "ਇਸ ਦੀ ਆੜ ਵਿੱਚ ਜੇਕਰ ਕੇਂਦਰ ਦੀ ਮਨਸ਼ਾ ਇਨ੍ਹਾਂ ਬਿੱਲਾਂ ਨੂੰ ਮੁੜ ਲਿਆਉਣ ਦੀ ਹੈ, ਤਾਂ ਦੇਸ਼ ਵਿੱਚ ਹੋਰ ਵੱਡੇ ਕਿਸਾਨ ਅੰਦੋਲਨ ਦੇ ਉੱਠਣ ਵਿੱਚ ਦੇਰ ਨਹੀਂ ਲੱਗੇਗੀ।"


ਪੁਣੇ ਸਥਿਤ ਕਿਸਾਨ ਆਗੂ ਅਨਿਲ ਘਨਵਤ ਨੇ ਕਿਹਾ ਕਿ ਉਨ੍ਹਾਂ ਨੇ ਕਮੇਟੀ ਦੀ ਰਿਪੋਰਟ ਜਾਰੀ ਕਰਨ ਲਈ ਤਿੰਨ ਵਾਰ ਸੁਪਰੀਮ ਕੋਰਟ ਨੂੰ ਲਿਖਿਆ ਸੀ ਪਰ ਕੋਈ ਜਵਾਬ ਨਾ ਮਿਲਣ ਕਾਰਨ ਉਹ ਖੁਦ ਹੀ ਇਸ ਨੂੰ ਜਾਰੀ ਕਰ ਰਹੇ ਹਨ। ਪ੍ਰੈੱਸ ਕਾਨਫਰੰਸ ਵਿੱਚ ਅਰਥ ਸ਼ਾਸਤਰੀ ਅਸ਼ੋਕ ਗੁਲਾਟੀ ਤੇ ਖੇਤੀ ਅਰਥ ਸ਼ਾਸਤਰੀ ਪ੍ਰਮੋਦ ਕੁਮਾਰ ਜੋਸ਼ੀ ਮੌਜੂਦ ਨਹੀਂ ਸੀ।


ਕਮੇਟੀ ਨੇ 19 ਮਾਰਚ 2021 ਨੂੰ ਤਿੰਨ ਖੇਤੀਬਾੜੀ ਕਾਨੂੰਨਾਂ 'ਤੇ ਆਪਣੀਆਂ ਸਿਫ਼ਾਰਸ਼ਾਂ ਦਿੱਤੀਆਂ ਸੀ, ਜਿਨ੍ਹਾਂ ਨੇ ਕਿਸਾਨਾਂ ਨੂੰ ਸਰਕਾਰੀ ਮੰਡੀਆਂ ਤੋਂ ਬਾਹਰ ਪ੍ਰਾਈਵੇਟ ਕੰਪਨੀਆਂ ਨੂੰ ਖੇਤੀ ਉਪਜ ਵੇਚਣ ਦੀ ਇਜਾਜ਼ਤ ਦਿੱਤੀ ਸੀ। ਪਿਛਲੇ ਸਾਲ ਨਵੰਬਰ ਵਿੱਚ ਉੱਤਰ ਪ੍ਰਦੇਸ਼ ਤੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਸੀ। ਘਨਵਤ ਨੇ ਕਿਹਾ ਕਿ ਕਮੇਟੀ ਨੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਪ੍ਰਣਾਲੀ ਨੂੰ ਕਾਨੂੰਨੀ ਬਣਾਉਣ ਲਈ ਰਾਜਾਂ ਲਈ ਆਜ਼ਾਦੀ ਸਮੇਤ ਕਾਨੂੰਨਾਂ ਵਿੱਚ ਕਈ ਬਦਲਾਅ ਕਰਨ ਦਾ ਸੁਝਾਅ ਵੀ ਦਿੱਤਾ ਹੈ।


ਇਹ ਵੀ ਪੜ੍ਹੋ: Farmer Protest: ਮੁੜ ਭਖੇਗੀ ਕਿਸਾਨ ਅੰਦੋਲਨ ਦੀ ਚਿੰਗਾੜੀ, ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ 'ਤੇ ਲਾਏ ਮੰਗਾਂ ਪੂਰੀਆਂ ਨਾ ਕਰਨ ਦੇ ਦੋਸ਼