ਨਵੀਂ ਦਿੱਲੀ: ਕਿਸਾਨਾਂ ਵੱਲੋਂ ਲਗਾਤਾਰ ਖੇਤੀ ਕਾਨੂੰਨਾਂ ਦਾ ਵਿਰੋਧ ਜਾਰੀ ਹੈ। ਦਿੱਲੀ ਦੀਆਂ ਬਰੂਹਾਂ ਤੇ ਕਿਸਾਨਾਂ ਨੂੰ ਪ੍ਰਦਰਸ਼ਨ ਕਰਦੇ ਹੋਏ ਅੱਜ 89ਵੇਂ ਦਿਨ ਹੋ ਗਏ ਹਨ ਪਰ ਇਸ ਮੁੱਦੇ ਤੇ ਫਿਲਹਾਲ ਕੋਈ ਹੱਲ ਨਿਕਲਦਾ ਨਜ਼ਰ ਨਹੀਂ ਆ ਰਿਹਾ ਹੈ। ਕਿਸਾਨ ਸਿੰਘੂ, ਟਿੱਕਰੀ, ਗਾਜ਼ੀਪੁਰ ਤੇ ਡੇਰਾ ਲਾਈ ਬੈਠੇ ਹਨ। ਹੁਣ ਕਿਸਾਨਾਂ ਨੇ ਇਸ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ।ਕਿਸਾਨ ਵੱਖ-ਵੱਖ ਥਾਂ ਮਹਾਪੰਚਾਇਤਾਂ ਕਰ ਰਹੇ ਹਨ। ਅੱਜ ਹਰਿਆਣਾ ਦੇ ਸਿਰਸਾ ਵਿੱਚ ਵੀ ਮਹਾਪੰਚਾਇਤ ਹੋਣ ਵਾਲੀ ਹੈ। ਇਸ ਵਿੱਚ ਕਿਸਾਨ ਨੇਤਾ ਰਾਕੇਸ਼ ਟਿਕੈਤ ਪਹੁੰਚਣ ਵਾਲੇ ਹਨ।

ਇਸ ਵਿਚਾਲੇ ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਨੇ ਕਿਸਾਨਾਂ ਨੂੰ ਗੱਲਬਾਤ ਲਈ ਇੱਕ ਵਾਰ ਫੇਰ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਭੀੜ ਇਕੱਠਾ ਕਰਨ ਨਾਲ ਕਾਨੂੰਨ ਨਹੀਂ ਬਦਲਦੇ। ਕਿਸਾਨ ਯੂਨੀਅਨਾਂ ਦੱਸਣ ਕਿ ਇਨ੍ਹਾਂ ਕਾਨੂੰਨਾਂ ਵਿੱਚ ਕਿਸਾਨਾਂ ਖਿਲਾਫ ਕੀ ਹੈ, ਸਰਕਾਰ ਉਨ੍ਹਾਂ ਵਿੱਚ ਸੋਧ ਕਰਨ ਨੂੰ ਤਿਆਰ ਹੈ।

ਉਧਰ ਕਿਸਾਨ ਨੇਤਾਵਾਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਇਲਾਵਾ ਹੋਰ ਕੁੱਝ ਵੀ ਮਨਜ਼ੂਰ ਨਹੀਂ।ਕਿਸਾਨ ਜੱਥੇਬੰਦੀਆਂ ਦਾ ਕਹਿਣਾ ਹੈ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਇੱਕ ਤੋਂ ਡੇਢ ਸਾਲ ਲਈ ਮੁਅੱਤਲ ਰੱਖਣ ਦਾ ਸਰਕਾਰ ਦਾ ਮੌਜੂਦਾ ਪ੍ਰਸਤਾਵ ਉਨ੍ਹਾਂ ਨੂੰ ਮਨਜ਼ੂਰ ਨਹੀਂ ਹੈ। ਕਿਸਾਨ ਯੂਨੀਅਨ ਆਗੂ ਰਾਕੇਸ਼ ਟਿਕੈਤ ਨੇ ਸਰਕਾਰ ਨੂੰ ਅਲਟੀਮੇਟਮ ਦਿੰਦੇ ਹੋਏ ਕਿਹਾ ਕਿ 2 ਅਕਤੂਬਰ ਤੱਕ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈ ਲਵੇ।