Ram Rahim Case: ਰਾਮ ਰਹੀਮ ਇੱਕ ਹੋਰ ਕੇਸ 'ਚ ਦੋਸ਼ੀ ਕਰਾਰ
Gurmeet Ram Rahim Convicted: ਰਣਜੀਤ ਸਿੰਘ ਕਤਲ ਕੇਸ ਵਿੱਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸ਼ੁੱਕਰਵਾਰ ਨੂੰ ਡੇਰਾਮੁਖੀ ਰਾਮ ਰਹੀਮ ਸਮੇਤ ਪੰਜ ਦੋਸ਼ੀਆਂ ਨੂੰ ਦੋਸ਼ੀ ਕਰਾਰ ਦਿੱਤਾ। ਸਾਰੇ ਦੋਸ਼ੀਆਂ ਨੂੰ 12 ਅਕਤੂਬਰ ਨੂੰ ਸਜ਼ਾ ਸੁਣਾਈ ਜਾਵੇਗੀ।
ਚੰਡੀਗੜ੍ਹ: ਡੇਰਾ ਸਿਰਸਾ ਦੇ ਮੁੱਖੀ ਰਾਮ ਰਹੀਮ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਰਾਮ ਰਹੀਮ ਨੂੰ ਇੱਕ ਹੋਰ ਕੇਸ 'ਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਹੁਣ ਰਾਮ ਰਹੀਮ ਨੂੰ ਰਣਜੀਤ ਸਿੰਘ ਕਤਲ ਕੇਸ 'ਚ ਦੋਸ਼ੀ ਕਰਾਰ ਦਿੱਤਾ ਗਿਆ ਹੈ।
ਡੇਰਾ ਮੁਖੀ ਰਾਮ ਰਹੀਮ 'ਤੇ ਚੱਲ ਰਹੇ ਰਣਜੀਤ ਕਤਲ ਮਾਮਲੇ 'ਚ ਸੀਬੀਆਈ ਅਦਾਲਤ ਨੇ ਵੱਡਾ ਫੈਸਲਾ ਦਿੱਤਾ ਹੈ। ਸੁਨਾਰੀਆ ਜੇਲ੍ਹ ਵਿੱਚ ਬੰਦ ਰਾਮ ਰਹੀਮ ਸਮੇਤ ਪੰਜ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਸੀਬੀਆਈ ਦੀ ਵਿਸ਼ੇਸ਼ ਅਦਾਲਤ 12 ਅਕਤੂਬਰ ਨੂੰ ਸਾਰੇ ਦੋਸ਼ੀਆਂ ਦੀ ਸਜ਼ਾ ਦਾ ਐਲਾਨ ਕਰੇਗੀ।
ਬਾਬਾ ਰਾਮ ਰਹੀਮ 'ਤੇ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਬਾਬਾ ਰਾਮ ਰਹੀਮ ਸਮੇਤ ਕ੍ਰਿਸ਼ਨ ਲਾਲ, ਜਸਵੀਰ ਸਬਦੀਲ ਅਤੇ ਅਵਤਾਰ ਵੀ ਦੋਸ਼ੀ ਹਨ। ਗੁਰਮੀਤ ਰਾਮ ਰਹੀਮ ਪਹਿਲਾਂ ਹੀ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਦੋ ਸਾਧਵੀਆਂ ਨਾਲ ਬਲਾਤਕਾਰ ਅਤੇ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ।
ਅੰਤਿਮ ਬਹਿਸ ਤੋਂ ਬਾਅਦ ਲਿਆ ਗਿਆ ਫੈਸਲਾ
18 ਅਗਸਤ ਨੂੰ ਮਾਮਲੇ ਦੀ ਸੁਣਵਾਈ ਦੌਰਾਨ ਬਚਾਅ ਪੱਖ ਨੇ ਸੀਬੀਆਈ ਅਦਾਲਤ ਵਿੱਚ ਅੰਤਿਮ ਦਲੀਲ ਦੇ ਸਾਰੇ ਦਸਤਾਵੇਜ਼ ਪੇਸ਼ ਕੀਤੇ ਸੀ। ਸੀਬੀਆਈ ਅਦਾਲਤ ਨੇ ਬਚਾਅ ਪੱਖ ਅਤੇ ਸੀਬੀਆਈ ਪੱਖ ਤੋਂ ਪੁੱਛਿਆ ਸੀ ਕਿ ਕੀ ਇਸ ਵਿੱਚ ਕੋਈ ਵੀ ਧਿਰ ਕੋਈ ਹੋਰ ਦਲੀਲ ਦੇਣਾ ਚਾਹੁੰਦੀ ਹੈ? ਦੋਵਾਂ ਧਿਰਾਂ ਨੇ ਇਸ ਤੋਂ ਇਨਕਾਰ ਕਰ ਦਿੱਤਾ ਸੀ।
ਬੇਅਦਬੀ ਮਾਮਲੇ ਵਿੱਚ ਕੋਈ ਕਲੀਨ ਚਿੱਟ ਨਹੀਂ
ਦੂਜੇ ਪਾਸੇ ਪੰਜਾਬ ਪੁਲਿਸ ਨੇ 2015 ਦੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਕਲੀਨ ਚਿੱਟ ਦੇਣ ਦੀਆਂ ਰਿਪੋਰਟਾਂ ਨੂੰ ਖਾਰਜ ਕਰ ਦਿੱਤਾ ਹੈ। ਇਹ ਬਿਆਨ ਪੰਜਾਬ ਦੇ ਪੁਲਿਸ ਮੁਖੀ ਦਾ ਵਾਧੂ ਚਾਰਜ ਸੰਭਾਲ ਰਹੇ ਇਕਬਾਲ ਪ੍ਰੀਤ ਸਿੰਘ ਸਹੋਤਾ ਦੇ ਹਵਾਲੇ ਨਾਲ ਕੁਝ ਰਿਪੋਰਟਾਂ ਚ ਆਇਆ ਹੈ। ਰਿਪੋਰਟਾਂ ਵਿੱਚ ਦੋਸ਼ ਹੈ ਕਿ ਉਨ੍ਹਾਂ ਨੇ 2015 ਦੇ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੀ ਅਗਵਾਈ ਕਰਦਿਆਂ ਰਾਮ ਰਹੀਮ ਨੂੰ ਕਲੀਨ ਚਿੱਟ ਦਿੱਤੀ ਸੀ।
ਸਹੋਤਾ ਨੂੰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਦਾ ਵਾਧੂ ਚਾਰਜ ਦਿੱਤਾ ਗਿਆ ਹੈ। 12 ਅਕਤੂਬਰ 2015 ਨੂੰ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਪਿੰਡ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਕੁਝ ਫਟੇ ਹੋਏ ਪੰਨੇ ਮਿਲੇ ਸੀ, ਜਿਸ ਤੋਂ ਬਾਅਦ ਬਾਜਾਖਾਨਾ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ। ਬਰਗਾੜੀ ਪਿੰਡ ਵਿੱਚ 2015 ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਜਾਂਚ ਲਈ ਸਟੇਟ ਬਿਊਰੋ ਆਫ਼ ਇਨਵੈਸਟੀਗੇਸ਼ਨ ਸਹੋਤਾ ਦੇ ਮੁਖੀ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ ਬਣਾਈ ਗਈ ਸੀ।
ਇਹ ਵੀ ਪੜ੍ਹੋ: Coronavirus India Updates: ਦੇਸ਼ 'ਚ ਕੋਰੋਨਾ ਦੇ ਕੇਸ ਘਟੇ, 24 ਘੰਟਿਆਂ 'ਚ 21,257 ਨਵੇਂ ਕੇਸ, 271 ਮੌਤਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: