ਚੰਡੀਗੜ੍ਹ: ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾਯਾਫ਼ਤਾ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਜ਼ਮਾਨਤ ਮਿਲ ਗਈ ਹੈ। ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਰਾਮ ਰਹੀਮ ਨੂੰ 400 ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਮਾਮਲੇ ਵਿੱਚ ਇਹ ਰਾਹਤ ਦਿੱਤੀ ਹੈ। ਇਸ ਸਮੇਂ, ਰਾਮ ਰਹੀਮ ਬਲਾਤਕਾਰ ਦੇ ਦੋਸ਼ ਵਿੱਚ ਸਜ਼ਾ ਭੁਗਤ ਰਿਹਾ ਹੈ।
ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਦੇ ਜੱਜ ਜਗਦੀਪ ਸਿੰਘ ਨੇ ਰਾਮ ਰਹੀਮ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਕਰਦਿਆਂ ਇਹ ਫੈਸਲਾ ਸੁਣਾਇਆ ਹੈ। ਜਗਦੀਪ ਸਿੰਘ ਉਹੀ ਜੱਜ ਹਨ, ਜਿਨ੍ਹਾਂ ਨੇ ਰਾਮ ਰਹੀਮ ਨੂੰ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ।
ਇਸੇ ਮਾਮਲੇ ਦੀ ਸੁਣਵਾਈ ਅੱਜ ਸੀਬੀਆਈ ਜੱਜ ਕਪਿਲ ਰਾਠੀ ਦੀ ਅਦਾਲਤ ਵਿੱਚ ਸੁਣਵਾਈ ਹੋਵੇਗੀ। ਹਾਲਾਂਕਿ, ਰਾਮ ਰਹੀਮ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਹੈ ਅਤੇ ਅਦਾਲਤ ਨੇ ਉਸ ਦੀ ਇਸ ਸਜ਼ਾ 'ਤੇ ਰੋਕ ਨਹੀਂ ਲਾਈ ਹੈ। ਇਸ ਲਈ ਉਹ ਜੇਲ੍ਹ ਵਿੱਚੋਂ ਓਨਾ ਚਿਰ ਬਾਹਰ ਨਹੀਂ ਆ ਸਕਦਾ ਜਿੰਨਾ ਚਿਰ ਕਿਸੇ ਉੱਪਰਲੀ ਅਦਾਲਤ ਵੱਲੋਂ ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾ 'ਤੇ ਰੋਕ ਨਹੀਂ ਲਾਈ ਜਾਂਦੀ।