Ram Rahim Parole : ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ 40 ਦਿਨਾਂ ਦੀ
  ਪੈਰੋਲ 'ਤੇ ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ ਹੈ। ਕਾਗਜ਼ੀ ਕਾਰਵਾਈ ਪੂਰੀ ਨਾ ਹੋਣ ਕਾਰਨ ਰਾਮ ਰਹੀਮ ਕੱਲ੍ਹ ਜੇਲ੍ਹ ਤੋਂ ਬਾਹਰ ਨਹੀਂ ਜਾ ਸਕਿਆ। ਜਾਣਕਾਰੀ ਅਨੁਸਾਰ ਰਾਮ ਰਹੀਮ ਅੱਜ ਸਵੇਰੇ 6:55 ਵਜੇ ਸੁਰੱਖਿਆ ਪ੍ਰਬੰਧਾਂ ਦਰਮਿਆਨ ਬਾਗਪਤ ਯੂਪੀ ਲਈ ਰਵਾਨਾ ਹੋਇਆ ਹੈ। ਗੁਰਮੀਤ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਮਿਲ ਗਈ ਹੈ। ਗੁਰਮੀਤ ਰਾਮ ਰਹੀਮ ਸਾਧਵੀ ਯੌਨ ਸ਼ੋਸ਼ਣ ਮਾਮਲੇ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ 20 ਸਾਲ ਅਤੇ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।

 

ਦਰਅਸਲ 'ਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਇੱਕ ਵਾਰ ਫ਼ਿਰ ਪੈਰੋਲ ਮਿਲ ਗਈ ਹੈ। ਹਰਿਆਣਾ ਸਰਕਾਰ ਵੱਲੋਂ ਕੇਂਦਰ ਨੂੰ ਪੈਰੋਲ ਲਈ ਭੇਜੀ ਗਈ ਅਰਜ਼ੀ ਨੂੰ ਗ੍ਰਹਿ ਵਿਭਾਗ ਨੇ ਮਨਜੂਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਡੇਰਾ ਮੁਖੀ ਪੈਰੋਲ ਦੌਰਾਨ ਯੂਪੀ ਦੇ ਬਾਗਪਤ ਆਸ਼ਰਮ ਵਿੱਚ ਰਹੇਗਾ। ਰਾਮ ਰਹੀਮ ਦੇ ਪਰਿਵਾਰ ਵੱਲੋਂ ਹਰਿਆਣਾ ਸਰਕਾਰ ਨੂੰ ਚਿੱਠੀ ਲਿਖ ਕੇ ਪੈਰੋਲ ਦੀ ਮੰਗ ਕੀਤੀ ਗਈ ਸੀ, ਜਿਸ 'ਤੇ ਜੇਲ੍ਹ ਮੰਤਰੀ ਰਣਜੀਤ ਸਿੰਘ ਨੇ ਕਮਿਸ਼ਨਰ ਤੋਂ ਰਿਪੋਰਟ ਮੰਗੀ ਸੀ।

 

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਗੁਰਮੀਤ ਰਾਮ ਰਹੀਮ ਸਿੰਘ ਨੂੰ 2 ਵਾਰ ਪੈਰੋਲ ਮਿਲ ਚੁੱਕੀ ਹੈ।  ਹਰਿਆਣਾ ਸਰਕਾਰ ਨੇ ਪਹਿਲਾਂ ਫਰਵਰੀ ਵਿੱਚ ਅਤੇ ਦੂਜੀ ਵਾਰ ਜੁਲਾਈ ਮਹੀਨੇ ਵਿੱਚ ਡੇਰਾ ਮੁਖੀ ਨੂੰ 30 ਦਿਨਾਂ ਦੀ ਪੈਰੋਲ ਦਿੱਤੀ ਸੀ, ਜਿਸ ਦੌਰਾਨ ਉਹ ਯੂਪੀ ਦੇ ਬਾਗਪਤ ਵਿਖੇ ਆਸ਼ਰਮ ਵਿੱਚ ਰਿਹਾ ਸੀ। ਰਾਮ ਰਹੀਮ ਹੁਣ ਤੱਕ ਕਈ ਵਾਰ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ। ਪਿਛਲੇ ਸਾਲ 12 ਮਈ 2021 ਨੂੰ ਡੇਰਾ ਮੁਖੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਉਸ ਦੌਰਾਨ ਰਾਮ ਰਹੀਮ ਨੂੰ 48 ਘੰਟਿਆਂ ਦੀ ਪੈਰੋਲ ਮਿਲੀ ਸੀ।
 
ਜ਼ਿਕਰਯੋਗ ਹੈ ਕਿ ਰਾਮ ਰਹੀਮ ਨੂੰ 25 ਅਗਸਤ 2017 ਨੂੰ ਵਿਸ਼ੇਸ਼ ਸੀਬੀਆਈ ਅਦਾਲਤ ਨੇ ਦੋ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਸਜ਼ਾ ਸੁਣਾਈ ਸੀ। ਪੰਚਕੂਲਾ 'ਚ ਹਿੰਸਾ ਤੋਂ ਬਾਅਦ ਰਾਮ ਰਹੀਮ ਨੂੰ ਸੁਨਾਰੀਆ ਜੇਲ੍ਹ ਭੇਜ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕੇਸ ਵਿੱਚ ਵੀ ਸਜ਼ਾ ਸੁਣਾਈ ਗਈ ਸੀ।