ਪੰਚਕੂਲਾ: ਰਣਜੀਤ ਸਿੰਘ ਦੇ ਕਤਲ ਮਾਮਲੇ ਵਿੱਚ ਸਵੈ-ਐਲਾਨਿਤ ਧਾਰਮਿਕ ਆਗੂ ਰਾਮ ਰਹੀਮ ਦੀ ਸਜ਼ਾ ਦਾ ਅੱਜ ਪੰਚਕੂਲਾ ਅਦਾਲਤ ਵਿੱਚ ਐਲਾਨ ਕੀਤਾ ਜਾਵੇਗਾ। 8 ਅਕਤੂਬਰ ਨੂੰ ਰਣਜੀਤ ਸਿੰਘ ਦੇ ਕਤਲ ਵਿੱਚ ਰਾਮ ਰਹੀਮ ਸਮੇਤ 5 ਦੋਸ਼ੀਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਰਾਮ ਰਹੀਮ ਸਮੇਤ ਕ੍ਰਿਸ਼ਨਾ ਲਾਲ, ਜਸਵੀਰ ਸਬਦੀਲ ਅਤੇ ਅਵਤਾਰ ਨੂੰ ਵੀ ਦੋਸ਼ੀ ਪਾਇਆ ਗਿਆ ਹੈ। ਦੱਸ ਦਈਏ ਕਿ ਰਣਜੀਤ ਸਿੰਘ ਦੀ ਸਾਲ 2002 ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।


ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਪਿਛਲੇ ਸ਼ੁੱਕਰਵਾਰ ਨੂੰ ਰਾਮ ਰਹੀਮ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ। ਰਾਮ ਰਹੀਮ ਪਹਿਲਾਂ ਹੀ ਸਾਧਵੀਆਂ ਨਾਲ ਬਲਾਤਕਾਰ ਅਤੇ ਇੱਕ ਪੱਤਰਕਾਰ ਦੇ ਕਤਲ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਕਤਲ ਕੇਸ ਦੇ ਇੱਕ ਹੋਰ ਮੁਲਜ਼ਮ ਦੀ ਇੱਕ ਸਾਲ ਪਹਿਲਾਂ ਮੌਤ ਹੋ ਗਈ ਸੀ। ਹਾਲ ਹੀ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰਣਜੀਤ ਸਿੰਘ ਕਤਲ ਕੇਸ ਨੂੰ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਤੋਂ ਪੰਜਾਬ, ਹਰਿਆਣਾ ਜਾਂ ਚੰਡੀਗੜ੍ਹ ਦੀ ਕਿਸੇ ਹੋਰ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਤਬਦੀਲ ਕਰਨ ਦੀ ਮੰਗ ਵਾਲੀ ਪਟੀਸ਼ਨ ਖਾਰਜ ਕਰ ਦਿੱਤਾ ਸੀ।


ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ੀ


ਕਾਨੂੰਨ ਵਿਵਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਰਾਮ ਰਹੀਮ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਚਾਰ ਹੋਰ ਦੋਸ਼ੀਆਂ ਨੂੰ ਸਖ਼ਤ ਸੁਰੱਖਿਆ ਦੇ ਵਿਚਕਾਰ ਅੰਬਾਲਾ ਜੇਲ੍ਹ ਤੋਂ ਪੰਚਕੂਲਾ ਅਦਾਲਤ ਵਿੱਚ ਲਿਆਂਦਾ ਜਾਵੇਗਾ, ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। 5 ਜਾਂ 5 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ਦੀ ਇਜਾਜ਼ਤ ਨਹੀਂ ਹੈ।


ਕਿਉਂ ਕੀਤਾ ਗਿਆ ਰਣਜੀਤ ਸਿੰਘ ਦਾ ਕਤਲ?


2002 ਵਿੱਚ ਇੱਕ ਅਣਜਾਣ ਚਿੱਠੀ ਪ੍ਰਸਾਰਿਤ ਕਰਨ ਵਿੱਚ ਉਸਦੀ ਸ਼ੱਕੀ ਭੂਮਿਕਾ ਦੇ ਚਲਦਿਆਂ ਡੇਰਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਚਿੱਠੀ ਵਿੱਚ ਦੱਸਿਆ ਗਿਆ ਸੀ ਕਿ ਕਿਵੇਂ ਡੇਰਾ ਮੁਖੀ ਡੇਰਾ ਹੈੱਡਕੁਆਰਟਰ ਵਿੱਚ ਔਰਤਾਂ ਦਾ ਯੌਨ ਸ਼ੋਸ਼ਣ ਕਰਦਾ ਹੈ। ਸੀਬੀਆਈ ਦੀ ਚਾਰਜਸ਼ੀਟ ਦੇ ਮੁਤਾਬਕ, ਡੇਰਾ ਮੁਖੀ ਦਾ ਮੰਨਣਾ ਸੀ ਕਿ ਰਣਜੀਤ ਸਿੰਘ ਇਸ ਗੁਮਨਾਮ ਚਿੱਠੀ ਦੇ ਪ੍ਰਸਾਰਨ ਦੇ ਪਿੱਛੇ ਸੀ ਅਤੇ ਉਸਨੂੰ ਮਾਰਨ ਦੀ ਸਾਜ਼ਿਸ਼ ਰਚੀ ਗਈ ਸੀ।


ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ


ਗੁਰਮੀਤ ਰਾਮ ਰਹੀਮ ਨੂੰ 2017 ਵਿੱਚ ਦੋ ਪੈਰੋਕਾਰਾਂ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਸੁਣਾਈ ਗਈ ਸੀ ਅਤੇ ਇਸ ਵੇਲੇ ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਦੋ ਸਾਲ ਪਹਿਲਾਂ ਡੇਰਾ ਮੁਖੀ ਨੂੰ ਇੱਕ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਕਤਲ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਵੀ ਸੁਣਾਈ ਗਈ ਸੀ।


ਇਹ ਵੀ ਪੜ੍ਹੋ: Weather Update: ਦਿੱਲੀ-ਐਨਸੀਆਰ 'ਚ ਬਦਲਿਆ ਮੌਸਮ, ਲਗਾਤਾਰ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904