(Source: ECI/ABP News/ABP Majha)
ਲਾਲ ਕਿਲ੍ਹਾ ਹਿੰਸਾ: ਦਿੱਲੀ ਪੁਲਿਸ ਵੱਲੋਂ ਜੰਮੂ-ਕਸ਼ਮੀਰ ਤੋਂ ਕਿਸਾਨ ਲੀਡਰ ਗ੍ਰਿਫ਼ਤਾਰ
ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਦੋਵੇਂ ਵਿਅਕਤੀ ਜੰਮੂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਨਾਲ ਸਬੰਧ ਰੱਖਦੇ ਹਨ।
ਨਵੀਂ ਦਿੱਲੀ: ਬੀਤੀ 26 ਜਨਵਰੀ ਨੂੰ ਗਣਤੰਤਰ ਦਿਵਸ ਵਾਲੇ ਦਿਨ ਲਾਲ ਕਿਲ੍ਹੇ ਵਿੱਚ ਵਾਪਰੀਆਂ ਘਟਨਾਵਾਂ ਸਬੰਧੀ ਦਿੱਲੀ ਪੁਲਿਸ ਨੇ ਉੱਘੇ ਕਿਸਾਨ ਲੀਡਰ ਸਣੇ ਦੋ ਜਣਿਆਂ ਨੂੰ ਜੰਮੂ ਤੋਂ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀਆਂ ਦੀ ਸ਼ਨਾਖ਼ਤ ਜੰਮੂ ਤੇ ਕਸ਼ਮੀਰ ਯੂਨਾਈਟਿਡ ਕਿਸਾਨ ਫਰੰਟ ਦੇ ਚੇਅਰਮੈਨ ਮੋਹਿੰਦਰ ਸਿੰਘ (45) ਤੇ ਮਨਦੀਪ ਸਿੰਘ (23) ਵਜੋਂ ਹੋਈ ਹੈ।
ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਦੋਵੇਂ ਵਿਅਕਤੀ ਜੰਮੂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਨਾਲ ਸਬੰਧ ਰੱਖਦੇ ਹਨ। ਪੁਲਿਸ ਦਾ ਦਾਅਵਾ ਹੈ ਕਿ ਦੋਵਾਂ ਵਿਅਕਤੀਆਂ ਦਾ ਲਾਲ ਕਿਲ੍ਹੇ ਵਿੱਚ ਵਾਪਰੀਆਂ ਹਿੰਸਕ ਘਟਨਾਵਾਂ ਦੀ ਵਿਉਂਤਬੰਦੀ ਕਰਨ ਤੇ ਇਸ ਨੂੰ ਅਮਲੀ ਜਾਮਾ ਪਹਿਨਾਉਣ ਵਿੱਚ ਪੂਰਾ ਯੋਗਦਾਨ ਹੈ। ਦੋਵਾਂ ਵਿਅਕਤੀਆਂ ਨੂੰ ਦਿੱਲੀ ਪੁਲਿਸ ਦੀ ਕ੍ਰਾਇਮ ਬ੍ਰਾਂਚ ਨੇ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ।
ਹਾਲਾਂਕਿ, ਮੋਹਿੰਦਰ ਸਿੰਘ ਦੀ ਪਤਨੀ ਨੇ ਆਪਣੇ ਪਤੀ ਨੂੰ ਬੇਕਸੂਰ ਦੱਸਦਿਆਂ ਆਖਿਆ ਕਿ ਉਸ ਦੇ ਪਤੀ ਨੇ ਉਸ ਨੂੰ ਐਸਐਸਪੀ ਨੇ ਬੁਲਾਇਆ ਹੈ ਪਰ ਉਸ ਦੇ ਗਾਂਧੀ ਨਗਰ ਪੁਲਿਸ ਸਟੇਸ਼ਨ ਜਾਣ ਤੋਂ ਪਹਿਲਾਂ ਹੀ ਉਸ ਦਾ ਮੋਬਾਈਲ ਫ਼ੋਨ ਬੰਦ ਹੋ ਗਿਆ। ਉਸ ਨੇ ਇਹ ਵੀ ਦਾਅਵਾ ਕੀਤਾ ਕਿ ਉਸ ਦਾ ਪਤੀ ਦਿੱਲੀ ਬਾਰਡਰ 'ਤੇ ਮੌਜੂਦ ਸੀ ਨਾ ਕਿ ਲਾਲ ਕਿਲ੍ਹੇ ਅੰਦਰ।