ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਦਾਅਵਾ ਕੀਤਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਵੱਲੋਂ ਦਿੱਤੇ ਗਏ ਅਚਨਚੇਤ ਅਸਤੀਫ਼ੇ ਨੇ ਪੋਲ ਖੋਲ੍ਹ ਦਿੱਤੀ ਹੈ ਕਿ ਸੂਬੇ ਅੰਦਰ ਨਸ਼ਾ ਤਸਕਰੀ ਦੇ ਕੇਸਾਂ ਵਿੱਚ ਸੂਬਾਈ ਤੇ ਕੇਂਦਰੀ ਜਾਂਚ ਏਜੰਸੀਆਂ ਨੂੰ ਕਿੰਨੇ ਵੱਡੇ ਪੱਧਰ 'ਤੇ ਦਬਾਅ ਥੱਲੇ ਰੱਖਿਆ ਜਾ ਰਿਹਾ ਹੈ। ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਇਸ ਸਮੁੱਚੇ ਮਾਮਲੇ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਪਸ਼ਟ ਕਰਨ ਲਈ ਕਿਹਾ ਕਿ ਉਹ ਜਾਂਚ ਏਜੰਸੀਆਂ ’ਤੇ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਦਾ ਸਾਹਮਣਾ ਕਰ ਰਹੇ ਬਿਕਰਮ ਸਿੰਘ ਮਜੀਠੀਆ ਨੂੰ ਬਚਾਉਣ ਲਈ ਦਬਾਅ ਕਿਉਂ ਪਾ ਰਹੇ ਹਨ?

'ਆਪ' ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਇਸ ਮਾਮਲੇ 'ਚ ਮਜੀਠੀਆ ਤੇ ਉਨ੍ਹਾਂ ਦੇ ਰਿਸ਼ਤੇਦਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕੋਲੋਂ ਵੀ ਜਵਾਬ ਤਲਬ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇ ਨਿਰੰਜਨ ਸਿੰਘ ਆਪਣੇ ਅਸਤੀਫ਼ੇ ਬਾਰੇ ਜਨਤਕ ਤੌਰ 'ਤੇ ਇਸ ਤਰ੍ਹਾਂ ਦਾ ਖ਼ੁਲਾਸਾ ਕਰਦੇ ਤਾਂ ਉਨ੍ਹਾਂ ਦੀ ਦਲੀਲ ਨੂੰ ਰਾਜਨੀਤੀ ਤੋਂ ਪ੍ਰੇਰਿਤ ਕਹਿ ਕੇ ਰੱਦ ਕੀਤਾ ਜਾ ਸਕਦਾ ਸੀ, ਪਰ ਇਹ ਇਲਜ਼ਾਮ ਅਦਾਲਤ ਦੀ ਸੁਣਵਾਈ ਦੌਰਾਨ ਦਰਜ ਕਰਵਾਏ ਗਏ ਹਨ, ਜੋ ਨਜ਼ਰਅੰਦਾਜ਼ ਨਹੀਂ ਹੋ ਸਕਦੇ।

ਉਨ੍ਹਾਂ ਕਿਹਾ ਕਿ 6 ਹਜ਼ਾਰ ਕਰੋੜ ਦੇ ਚਰਚਿਤ ਨਸ਼ਾ ਤਸਕਰੀ ਕੇਸ ਦੀ ਜਾਂਚ ਕਰ ਰਹੇ ਨਿਰੰਜਨ ਸਿੰਘ ਵੱਲੋਂ ਰਹੱਸਮਈ ਤਰੀਕੇ ਨਾਲ ਦਿੱਤੇ ਗਏ ਅਸਤੀਫ਼ੇ ਦੀਆਂ ਤਾਰਾਂ ਬਾਦਲ ਪਰਿਵਾਰ ਦੇ ਕਰੀਬੀ ਰਿਸ਼ਤੇਦਾਰ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਜਾ ਜੁੜੀਆਂ ਹਨ। ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਨਸ਼ਾ ਤਸਕਰੀ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਦਾ ਸਹਿਯੋਗ ਕਰ ਰਹੀ ਐਮਿਕਸ ਕਿਊਰੀ ਨੇ ਸਪਸ਼ਟ ਸ਼ਬਦਾਂ 'ਚ ਦਲੀਲ ਦਰਜ ਕਰਵਾਈ ਹੈ ਕਿ ਮਜੀਠੀਆ ਖ਼ਿਲਾਫ਼ ਕਾਰਵਾਈ ਕਰਨ ਦੀ ਮਨਜ਼ੂਰੀ ਨਾ ਦਿੱਤੇ ਜਾਣ ਤੋਂ ਨਿਰਾਸ਼ ਨਿਰੰਜਨ ਸਿੰਘ ਨੂੰ ਅਸਤੀਫ਼ਾ ਦੇਣ ਲਈ ਮਜਬੂਰ ਹੋਣਾ ਪਿਆ।