ਚੰਡੀਗੜ੍ਹ: ਸ੍ਰੀ ਅਕਾਲ ਤਖ਼ਤ ਦੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਜਿੱਤ ਦੀ ਵਧਾਈ ਦਿੰਦਿਆਂ ਕਿਹਾ ਕਿ 23 ਸਾਲਾਂ ਬਾਅਦ ਪੰਜਾਬ ਵਿੱਚ ਪੰਥਕ ਰਾਜਨੀਤੀ ਦੀ ਵਾਪਸੀ ਹੋਈ ਹੈ। ਜਥੇਦਾਰ ਮੰਡ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਿਮਰਨਜੀਤ ਸਿੰਘ ਮਾਨ ਪਾਸੋਂ ਬਹੁਤ ਸਾਰੀਆਂ ਆਸਾਂ ਹਨ ਤੇ ਉਹ ਹਰ ਵਰਗ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉਤਰਨਗੇ। 


ਇਸ ਦੌਰਾਨ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਸਿੰਘ ਮੰਡ ਨੇ ਕਿਹਾ ਕਿ ਪੰਜਾਬ ਵਿੱਚ ਦਰਿਆਈ ਪਾਣੀਆਂ ਦਾ ਮਸਲਾ, ਫ਼ਿਰੋਜ਼ਪੁਰ ਸਰਹੱਦ ਨੂੰ ਵਪਾਰ ਵਾਸਤੇ ਖੋਲ੍ਹਣ ਦਾ ਮਸਲਾ, ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦਾ ਮਸਲਾ, ਦੇਸ਼ ਦੇ ਕਿਸਾਨਾਂ ਨਾਲ ਜੁੜੇ ਮੁੱਦੇ ਤੇ ਬੰਦੀ ਸਿੰਘਾਂ ਦੀ ਰਿਹਾਈ ਵਰਗੇ ਮਸਲਿਆਂ ਸਬੰਧੀ ਸਿਮਰਨਜੀਤ ਸਿੰਘ ਮਾਨ ਸੰਸਦ ਵਿੱਚ ਆਪਣੀ ਆਵਾਜ਼ ਬੁਲੰਦ ਜ਼ਰੂਰ ਕਰਨਗੇ। ਉਨ੍ਹਾਂ ਇਹ ਵੀ ਆਖਿਆ ਕਿ ਦੂਜੀਆਂ ਸਿਆਸੀ ਪਾਰਟੀਆਂ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਸੰਗਰੂਰ ਵਾਸੀਆਂ ਨੇ ਉਨ੍ਹਾਂ ਨੂੰ ਨਕਾਰ ਦਿੱਤਾ ਹੈ ਤੇ ਇਨ੍ਹਾਂ ਚੋਣਾਂ ਵਿੱਚ ਹੱਕ ਤੇ ਸੱਚ ਦੀ ਜਿੱਤ ਹੋਈ ਹੈ। 


ਉਧਰ, ਸੰਗਰੂਰ ਸੰਸਦੀ ਹਲਕੇ ਦੀ ਉਪ ਚੋਣ ਜਿੱਤਣ ਵਾਲੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਹੈ ਕਿ ਚੋਣ ਨਤੀਜੇ ਨਾਲ ਪੰਜਾਬ ਦੀ ਸਿਆਸਤ ਵਿੱਚ ਤਬਦੀਲੀ ਆਵੇਗੀ। ਉਨ੍ਹਾਂ ਕਿਹਾ ਕਿ ਪੰਥ ਦਾ ਭਵਿੱਖ ਸੁਨਹਿਰੀ ਹੈ ਤੇ ਚੰਗੇ ਦਿਨ ਆਉਣਗੇ। ਮਾਨ ਨੇ ਕਿਹਾ ਕਿ ਉਨ੍ਹਾਂ ਦੀ ਜਿੱਤ ਮਰਹੂਮ ਅਦਾਕਾਰ ਦੀਪ ਸਿੱਧੂ ਤੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਸਮਰਪਿਤ ਹੈ। ਸੰਗਰੂਰ ਦੇ ਲੋਕਾਂ ਨੇ ਬਹਾਦਰੀ ਨਾਲ ਉਨ੍ਹਾਂ ਦੇ ਹੱਕ ਵਿੱਚ ਫ਼ਤਵਾ ਦੇ ਕੇ ਕਾਂਗਰਸ, ਭਾਜਪਾ, ‘ਆਪ’ ਤੇ ਆਰਐਸਐਸ ਨੂੰ ਖੂੰਜੇ ਲਗਾ ਦਿੱਤਾ ਹੈ। 


ਸਿਮਰਨਜੀਤ ਸਿੰਘ ਮਾਨ ਨੇ ਕਿਹਾ, ‘‘ਮਾਲਵੇ ਦੇ ਲੋਕਾਂ ਨੇ ਮੇਰੇ ਉੱਪਰ ਕਿਰਪਾ ਕੀਤੀ ਹੈ ਤੇ ਮੈਨੂੰ ਆਪਣਾ ਨੁਮਾਇੰਦਾ ਚੁਣਿਆ ਹੈ। ਹੁਣ ਹਲਕੇ ਦੇ ਲੋਕਾਂ ਦੀ ਸੇਵਾ ਕਰਨਾ ਮੇਰੀ ਡਿਊਟੀ ਹੈ।’’ ਉਨ੍ਹਾਂ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਚਾਰ ਸਾਲਾਂ ਦੀ ਨੌਕਰੀ ਦੌਰਾਨ ਨੌਜਵਾਨ ਕੀ ਸਿੱਖਣਗੇ? ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਨੂੰ ਜਬਰਨ ਹਿੰਦੂ ਰਾਸ਼ਟਰ ਬਣਾਉਣਾ ਚਾਹੁੰਦੀ ਹੈ। ਕੇਂਦਰ ਸਰਕਾਰ ਜਾਣਬੁੱਝ ਕੇ ਅਜਿਹੇ ਕਾਨੂੰਨ ਪਾਸ ਕਰ ਰਹੀ ਹੈ, ਜਿਸ ਨਾਲ ਸਿੱਖਾਂ ਤੇ ਮੁਸਲਮਾਨਾਂ ਦਾ ਭਾਰਤ ਵਿੱਚ ਰਹਿਣਾ ਮੁਸ਼ਕਿਲ ਕਰ ਦਿੱਤਾ ਗਿਆ ਹੈ। 


ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਨੇ ਕਿਹਾ ਕਿ ਮੁਸਲਮਾਨਾਂ ਦੇ ਘਰ ਢਾਹੇ ਜਾ ਰਹੇ ਹਨ ਤੇ ਦੇਸ਼ ਵਿੱਚ ਮੁਸਲਮਾਨ ਸੁਰੱਖਿਅਤ ਨਹੀਂ ਹਨ। ਕਸ਼ਮੀਰ ਵਿੱਚ ਮੁਸਲਮਾਨਾਂ ਉੱਪਰ ਜਬਰ ਹੋ ਰਿਹਾ ਹੈ ਪਰ ਸੰਵਿਧਾਨ ਕਿਸੇ ਦੀ ਆਜ਼ਾਦੀ ਜਾਂ ਜਾਨ ਲੈਣ ਦੀ ਇਜਾਜ਼ਤ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਉਹ ਘੱਟ ਗਿਣਤੀਆਂ ਉੱਪਰ ਹੋ ਰਹੇ ਜਬਰ ਖ਼ਿਲਾਫ਼ ਤੇ ਹੋਰ ਅਹਿਮ ਮੁੱਦਿਆਂ ’ਤੇ ਦੇਸ਼ ਦੀ ਸੰਸਦ ਵਿੱਚ ਆਵਾਜ਼ ਉਠਾਉਣਗੇ।