ਰੇਵਾੜੀ ਬਲਾਤਕਾਰ ਮਾਮਲਾ: ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ, ਇੱਕ ਫ਼ੌਜੀ ਵੀ ਸ਼ਾਮਲ
ਚੰਡੀਗੜ੍ਹ: ਪਿਛਲੇ ਦਿਨੀਂ ਹਰਿਆਣਾ 'ਚ 19 ਸਾਲਾ ਕੁੜੀ ਨਾਲ ਸਮੂਹਿਕ ਬਲਾਤਕਾਰ ਕਰਨ ਦੇ ਮਾਮਲੇ 'ਚ ਸ਼ਾਮਲ ਤਿੰਨ ਮੁਲਜ਼ਮਾਂ ਚੋਂ ਇੱਕ ਭਾਰਤੀ ਫ਼ੌਜ ਦਾ ਜਵਾਨ ਹੈ ਜੋ ਇਸ ਸਮੇਂ ਰਾਜਸਥਾਨ 'ਚ ਤਾਇਨਾਤ ਹੈ। ਪੁਲਿਸ ਵੱਲੋਂ ਉਸ ਨੂੰ ਗ੍ਰਿਫਤਾਰ ਕਰਨ ਲਈ ਰਾਜਸਥਾਨ ਟੀਮ ਰਵਾਨਾ ਕੀਤੀ ਗਈ ਹੈ। ਪੁਲਿਸ ਨੇ ਮਾਮਲੇ ਦੇ ਤਿੰਨ ਦੋਸ਼ੀਆਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਹਨ।
ਤਿੰਨਾਂ ਮੁਲਜ਼ਮਾਂ ਨੇ ਬੁੱਧਵਾਰ ਨੂੰ ਲੜਕੀ ਨੂੰ ਉਸ ਵੇਲੇ ਅਗਵਾ ਕਰ ਲਿਆ ਸੀ ਜਦੋਂ ਉਹ ਕੋਚਿੰਗ ਸੈਂਟਰ ਤੋਂ ਪਰਤ ਕੇ ਬੱਸ ਅੱਡੇ ਬੱਸ ਦਾ ਇੰਤਜ਼ਾਰ ਕਰ ਰਹੀ ਸੀ।
ਹਰਿਆਣਾ ਪੁਲਿਸ ਦੇ ਡੀਜੀਪੀ ਬੀਐਸ ਸੰਧੂ ਨੇ ਦੱਸਿਆ ਕਿ ਤਿੰਨ ਮੁਲਜ਼ਮਾਂ 'ਚੋਂ ਇਕ ਆਰਮੀ ਜਵਾਨ ਹੈ ਤੇ ਪੁਲਿਸ ਟੀਮ ਉਸਨੂੰ ਗ੍ਰਿਫਤਾਰ ਕਰਨ ਲਈ ਰਾਜਸਥਾਨ ਰਵਾਨਾ ਹੋ ਚੁੱਕੀ ਹੈ ਤੇ ਉਮੀਦ ਹੈ ਕਿ ਅੱਜ ਉਸਦੀ ਗ੍ਰਿਫਤਾਰੀ ਹੋ ਸਕੇ।
ਉਨ੍ਹਾਂ ਦੱਸਿਆ ਕਿ ਬਾਕੀ ਦੋ ਮੁਲਜ਼ਮਾਂ ਦੀ ਭਾਲ ਵੀ ਜਾਰੀ ਹੈ ਤੇ ਉਮੀਦ ਹੈ ਕਿ ਉਹ ਵੀ ਜਲਦ ਹੀ ਪੁਲਿਸ ਦੀ ਗ੍ਰਿਫਤ 'ਚ ਹੋਣਗੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇਸ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਵੀ ਗਠਨ ਕੀਤਾ ਗਿਆ ਹੈ।
ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦਿਆਂ ਗਿਆ ਕਿ ਉਨ੍ਹਾਂ ਦੀ ਬੇਟੀ ਇਸ ਘਟਨਾ ਤੋਂ ਬਾਅਦ ਸਦਮੇ 'ਚ ਹੈ ਪਰ ਪੁਲਿਸ ਦੇ ਹੱਥ ਅਜੇ ਵੀ ਖਾਲੀ ਹਨ।