ਮਹਾਰਾਸ਼ਟਰ ਦੇ ਨਾਸਿਕ ਜ਼ਿਲੇ 'ਚ ਸ਼ੁੱਕਰਵਾਰ ਸ਼ਾਮ ਨੂੰ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਵਿਦਿਆਰਥੀਆਂ ਦੇ ਇੱਕ ਗਰੁੱਪ ਨੂੰ ਲਿਜਾ ਰਹੀ ਇੱਕ ਕਾਰ ਦੋ ਹੋਰ ਵਾਹਨਾਂ ਨਾਲ ਟਕਰਾ ਗਈ, ਜਿਸ ਵਿੱਚ ਪੰਜ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਸਿੰਨਾਰ ਨੇੜੇ ਮੋਹਦਰੀ ਘਾਟ 'ਤੇ ਵਾਪਰਿਆ ਹੈ। ਕਾਲਜ ਦੇ ਅੱਠ ਵਿਦਿਆਰਥੀਆਂ ਦਾ ਇੱਕ ਗਰੁੱਪ ਨਾਸਿਕ ਤੋਂ ਸਿੰਨਾਰ ਜਾ ਰਿਹਾ ਸੀ। ਜਦੋਂ ਉਸ ਦੀ ਤੇਜ਼ ਰਫ਼ਤਾਰ ਕਾਰ ਨੇ ਲੇਨ ਪਾਰ ਕੀਤੀ ਤਾਂ ਉਸ ਨੇ ਉਲਟ ਦਿਸ਼ਾ ਤੋਂ ਆ ਰਹੀਆਂ ਦੋ ਹੋਰ ਕਾਰਾਂ ਨੂੰ ਟੱਕਰ ਮਾਰ ਦਿੱਤੀ।

ਪੁਲਿਸ ਨੇ ਦੱਸਿਆ ਕਿ ਕਾਰ 'ਚ ਸਵਾਰ ਸਾਰੇ ਵਿਦਿਆਰਥੀਆਂ ਦੀ ਉਮਰ 18-20 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਪੰਜ ਵਿਦਿਆਰਥੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਇਸ ਦੇ ਨਾਲ ਹੀ ਸਾਹਮਣੇ ਤੋਂ ਆ ਰਹੀ ਇੱਕ ਕਾਰ ਦਾ ਡਰਾਈਵਰ ਵੀ ਜ਼ਖਮੀ ਹੋ ਗਿਆ। ਪੁਲਿਸ ਇਸ ਘਟਨਾ ਦੀ ਜਾਂਚ ਕਰ ਰਹੀ ਹੈ।

ਕਾਰ ਵਿੱਚ ਹੋਰ ਵੀ ਸਨ ਸਵਾਰੀਆਂ 



ਦੱਸਿਆ ਜਾ ਰਿਹਾ ਹੈ ਕਿ ਕਾਰ 'ਚ ਸਮਰੱਥਾ ਤੋਂ ਜ਼ਿਆਦਾ ਲੋਕ ਬੈਠੇ ਸਨ, ਜਦਕਿ ਕਾਰ ਦੀ ਰਫਤਾਰ ਵੀ ਕਾਫੀ ਜ਼ਿਆਦਾ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਅਚਾਨਕ ਕਾਰ ਦਾ ਟਾਇਰ ਫਟ ਗਿਆ ਅਤੇ ਗੱਡੀ ਦੂਜੀ ਲੇਨ ਵਿੱਚ ਜਾ ਵੜੀ। ਜਿਸ ਕਾਰਨ ਸਾਹਮਣੇ ਤੋਂ ਆ ਰਹੀ ਕਾਰ ਦੀ ਜ਼ੋਰਦਾਰ ਟੱਕਰ ਹੋਣ ਕਾਰਨ ਇਹ ਹਾਦਸਾ ਵਾਪਰਿਆ।

2 ਵਿਦਿਆਰਥੀਆਂ ਦੀਆਂ ਲਾਸ਼ਾਂ ਦੀ ਅਜੇ ਤੱਕ ਨਹੀਂ ਹੋਈ ਪਛਾਣ 


ਹਾਦਸੇ ਵਿੱਚ ਸਾਕਸ਼ੀ ਘਾਇਲ, ਸਾਹਿਲ ਵਾਰਕੇ, ਗਾਇਤਰੀ ਫਰਤਾਲੇ ਅਤੇ ਸੁਨੀਲ ਡਾਲਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਫਿਲਹਾਲ ਉਨ੍ਹਾਂ ਦਾ ਇਲਾਜ ਸਿੰਨਰ ਅਤੇ ਨਾਸਿਕ ਦੇ ਨਿੱਜੀ ਹਸਪਤਾਲਾਂ 'ਚ ਚੱਲ ਰਿਹਾ ਹੈ। ਜਾਣਕਾਰੀ ਮੁਤਾਬਕ ਇਨ੍ਹਾਂ ਚਾਰ ਲੋਕਾਂ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਹੁਣ ਤੱਕ ਤਿੰਨ ਵਿਦਿਆਰਥੀਆਂ ਦੀ ਪਛਾਣ ਹੋ ਗਈ ਹੈ, ਜਿਨ੍ਹਾਂ ਦੇ ਨਾਂ ਸਯਾਲੀ ਪਾਟਿਲ, ਪ੍ਰਤੀਕਸ਼ਾ ਘੁਲੇ ਅਤੇ ਸ਼ੁਭਮ ਤਾਏ ਹਨ, ਜਦਕਿ ਦੋ ਵਿਦਿਆਰਥੀਆਂ ਦੀਆਂ ਲਾਸ਼ਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।