ਨਵੀਂ ਦਿੱਲੀ: ਸਤਲੁਜ ਯਮਨਾ ਲਿੰਕ ਨਹਿਰ ਦੇ ਮੁੱਦੇ ਉੱਤੇ ਸੁਪਰੀਮ ਕੋਰਟ ਵੱਲੋਂ ਪੰਜਾਬ ਨੂੰ ਝਟਕਾ ਦਿੱਤਾ ਗਿਆ ਹੈ। ਸੁਪਰੀਮ ਕੋਰਟ ਦੀ ਪੰਜ ਮੈਂਬਰੀ ਬੈਂਚ ਨੇ ਨਹਿਰ ਦਾ ਨਿਰਮਾਣ ਕਾਰਜ ਜਾਰੀ ਰੱਖਣ ਦਾ ਹੁਕਮ ਦਿੱਤਾ ਹੈ। ਇਸ ਤਰ੍ਹਾਂ ਅਦਾਲਤ ਦਾ ਫ਼ੈਸਲਾ ਹਰਿਆਣਾ ਦੇ ਹਿੱਤ ਵਿੱਚ ਆਇਆ ਹੈ। ਅਦਾਲਤ ਨੇ ਪੰਜਾਬ ਵੱਲੋਂ ਪਾਣੀਆਂ ਸਬੰਧੀ 2004 ਦੇ ਰੱਦ ਕੀਤੇ ਗਏ ਸਮਝੌਤਿਆਂ ਨੂੰ ਗ਼ੈਰਕਾਨੂੰਨੀ ਕਰਾਰ ਦਿੱਤਾ ਹੈ।
ਦੂਜੇ ਪਾਸੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਹਰਿਆਣਾ ਨੂੰ ਪਾਣੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਪੰਜਾਬ ਕੋਲ ਕਿਸੇ ਵੀ ਹੋਰ ਸੂਬੇ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਨਹੀਂ ਹੈ। ਉਹਨਾਂ ਆਖਿਆ ਕਿ ਮੌਜੂਦਾ ਸਰਕਾਰ ਕਿਸੇ ਵੀ ਸੂਰਤ ਵਿੱਚ ਨਹਿਰ ਚਾਲੂ ਨਹੀਂ ਹੋਣ ਦੇਵੇਗੀ।
ਇਸ ਦੇ ਨਾਲ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਲੋਕ ਸਭਾ ਦੇ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਲੋਕ ਸਭਾ ਸਪੀਕਰ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ। ਇਸ ਦੇ ਨਾਲ ਕਾਂਗਰਸ ਦੇ ਸਾਰੇ ਵਿਧਾਇਕ ਪੰਜਾਬ ਵਿਧਾਨ ਸਭਾ ਤੋਂ ਅਸਤੀਫਾ ਦੇਣਗੇ।