ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਅੱਜ ਗੁਰਦੁਆਰਾ ਰਕਾਬ ਗੰਜ ਤੋਂ ਜੰਤਰ ਮੰਤਰ ਤਕ ਰੋਸ ਮਾਰਚ ਕੱਢ ਕੇ 1984 ਵਿੱਚ ਹੋਈ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਗਈ। ਹਾਲਾਂਕਿ ਦਿੱਲੀ ਪੁਲਿਸ ਨੇ ਉਨ੍ਹਾਂ ਦੇ ਕਾਫਲੇ ਨੂੰ ਪ੍ਰੈਸ ਕਲੱਬ ਆਫ ਇੰਡੀਆ ਨੇੜੇ ਰਾਇਜ਼ੀਨਾ ਮਾਰਗ ਕੋਲ ਹੀ ਰੋਕ ਕੇ ਸੁਖਬੀਰ ਬਾਦਲ, ਹਰਸਿਮਰਤ ਕੌਰ ਬਾਦਲ, ਮਨਜੀਤ ਸਿੰਘ ਜੀਕੇ, ਮਨਜਿੰਦਰ ਸਿੰਘ ਸਿਰਸਾ ਤੇ ਬਿਕਰਮ ਸਿੰਘ ਮਜੀਠੀਆ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਇਸ ਮੌਕੇ ਅਕਾਲੀ ਦਲ ਵਰਕਰਾਂ ਨੇ ਕਾਂਗਰਸ, ਰਾਹੁਲ ਗਾਂਧੀ ਤੇ ਸੋਨੀਆ ਗਾਂਧੀ ਖਿਲਾਫ ਨਾਅਰੇਬਾਜ਼ੀ ਕੀਤੀ। ਅਕਾਲੀ ਵਰਕਰ ਬੈਰੀਕੇਡ ਤੋੜ ਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਘਰ ਵੱਲ ਵਧ ਰਹੇ ਸਨ। ਦਿੱਲੀ ਪੁਲਿਸ ਨੇ ਸਾਰੇ ਅਕਾਲੀ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਗੁਰਦੁਆਰਾ ਰਕਾਬ ਗੰਜ ਵਿਖੇ ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਲਈ ਕਾਂਗਰਸ ਜ਼ਿੰਮੇਵਾਰ ਹੈ। ਉਨ੍ਹਾਂ ਕਾਂਗਰਸ ’ਤੇ ਇਲਜ਼ਾਮ ਲਾਇਆ ਕਿ ਪਾਰਟੀ ਦੋਸ਼ੀਆਂ ਦੀ ਬਚਾਅ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਨਿਆਂ ਲੈਣ ਲਈ ਦਿੱਲੀ ਕੂਚ ਕੀਤਾ ਹੈ। ਪਿਛਲੇ 34 ਸਾਲਾਂ ਤੋਂ ਨਿਆਂ ਨਹੀਂ ਮਿਲ ਰਿਹਾ। ਉਨ੍ਹਾਂ ਕਾਂਗਰਸ ’ਤੇ ਇਲਜ਼ਾਮ ਲਾਇਆ ਕਿ ਸਿੱਖਾਂ ਦੇ ਕਤਲ ਕਰਨ ਵਾਲਿਆਂ ਨੂੰ ਪਾਰਟੀ ਨੇ ਟਿਕਟਾਂ ਦਿੱਤੀਆਂ ਹੋਈਆਂ ਹਨ।