ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਸਰਕਾਰ ਉੱਪਰ ਵੱਡਾ ਇਲਜ਼ਾਮ ਲਾਇਆ ਹੈ। ਮੋਰਚੇ ਦੇ ਲੀਡਰ ਯੁੱਧਵੀਰ ਸਿੰਘ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵਿਰੁੱਧ ਉੱਠਣ ਵਾਲੀ ਆਵਾਜ਼ ਨੂੰ ਦਬਾਉਣ ਲਈ ਹਰ ਤਰ੍ਹਾਂ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਗੁਜਰਾਤ ਵਿੱਚ ਪ੍ਰੈੱਸ ਕਾਨਫ਼ਰੰਸ ਕਰ ਰਹੇ ਸੀ ਤਾਂ ਗੁਜਰਾਤ ਪੁਲਿਸ ਪੱਤਰਕਾਰਾਂ ਅੱਗੇ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਲੈ ਗਈ।


ਉਨ੍ਹਾਂ ਕਿਹਾ ਕਿ ਕਿਸਾਨ ਪੌਣੇ ਪੰਜ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਹਨ। ਇਸ ਦੌਰਾਨ 350 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ ਪਰ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਆਪਣੀ ਅੜੀ ’ਤੇ ਹੈ ਤਾਂ ਕਿਸਾਨ ਵੀ ਪਿੱਛੇ ਨਹੀਂ ਹਟੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ, ਇਹ ਸੰਘਰਸ਼ ਜਾਰੀ ਰਹੇਗਾ।


ਉਧਰ, ਸੰਯੁਕਤ ਕਿਸਾਨ ਮੋਰਚੇ ਦੇ ਲੀਡਰ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਕਿਸਾਨ ਅੰਦੋਲਨ ਖ਼ਿਲਾਫ਼ ‘ਅਪਰੇਸ਼ਨ ਕਲੀਨ’ ਚਲਾਉਣ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਕੇਂਦਰ ਸਰਕਾਰ ਕੋਈ ਅਜਿਹਾ ਕਦਮ ਉਠਾਉਂਦੀ ਹੈ ਤਾਂ ਕਿਸਾਨਾਂ ਵੱਲੋਂ ਭਾਜਪਾ ਖ਼ਿਲਾਫ਼ ‘ਸੂਤਾਈ ਅਭਿਆਨ’ ਚਲਾਇਆ ਜਾਵੇਗਾ। ਇਹ ‘ਸੂਤਾਈ ਅਭਿਆਨ ਪੂਰੇ ਦੇਸ਼ ਵਿੱਚ ਚਲਾਇਆ ਜਾਵੇਗਾ। ਸਰਕਾਰ ਅਜਿਹਾ ਕਦਮ ਉਠਾ ਕੇ ਕੇ ਦੇਖ ਲਵੇ, ਕਿਸਾਨ ਇੱਕ ਘੰਟੇ ਵਿੱਚ ਉਸ ਦਾ ਮੂੰਹ-ਤੋੜ ਜਵਾਬ ਦੇਣਗੇ।


ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਖ਼ਿਲਾਫ਼ ਅੰਦੋਲਨ ਲੰਬਾ ਚੱਲੇਗਾ, ਇਸ ਲਈ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਅੰਦੋਲਨ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਂਦੇ ਹੋਏ ਘਰ ਦੇ ਕੰਮਾਂ ਦੇ ਨਾਲ-ਨਾਲ ਅੰਦੋਲਨ ਵਿੱਚ ਬਰਾਬਰ ਸਮਾਂ ਦੇਣਾ ਜ਼ਰੂਰੀ ਹੋਵੇਗਾ। ਉਨ੍ਹਾਂ ਹਰ ਵਰਗ ਦੇ ਲੋਕਾਂ ਨੂੰ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇਸ਼ ਨੂੰ ਕਾਰਪੋਰੇਟਾਂ ਦਾ ਗੁਲਾਮ ਬਣਾਉਣ ’ਚ ਲੱਗੀ ਹੋਈ ਹੈ ਤੇ ਇਹ ਕਿਸਾਨ ਅੰਦੋਲਨ ਹੀ ਦੇਸ਼ ਨੂੰ ਕਾਰਪੋਰੇਟਾਂ ਤੋਂ ਆਜ਼ਾਦ ਕਰਵਾਏਗਾ।


ਟਿਕੈਤ ਨੇ ਕਿਹਾ ਕਿ ਕਾਰਪੋਰੇਟ ਘਰਾਣੇ ਆਪਣੇ ਨਿੱਜੀ ਹਿੱਤਾਂ ਲਈ ਕੰਮ ਕਰਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਦੇਸ਼ ਦੇ ਸਰਕਾਰੀ ਵਿਭਾਗਾਂ ਨੂੰ ਇੱਕ-ਇੱਕ ਕਰਕੇ ਕਾਰਪੋਰੇਟ ਘਰਾਣਿਆਂ ਹਵਾਲੇ ਕਰਨ ਵਿੱਚ ਲੱਗੀ ਹੋਈ ਹੈ। ਸਰਕਾਰ ਦੇ ਅਜਿਹੇ ਕਦਮ ਦੇਸ਼ ਨੂੰ ਬਰਬਾਦੀ ਵੱਲ ਲੈ ਕੇ ਜਾ ਰਹੇ ਹਨ, ਜਿਸ ਦਾ ਹਰ ਵਰਗ ਦੇ ਲੋਕ ਵਿਰੋਧ ਕਰ ਰਹੇ ਹਨ।


ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਰ ਕੇ ਰੇਲਵੇ, ਬੈਂਕ, ਹਵਾਈ ਅੱਡਾ ਅਥਾਰਿਟੀ ਸਣੇ ਹੋਰਨਾਂ ਵਿਭਾਗਾਂ ਦੇ ਮੁਲਾਜ਼ਮ ਵੀ ਕਿਸਾਨ ਅੰਦੋਲਨ ਦੀ ਹਮਾਇਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਰਤ ਕਾਨੂੰਨ ਵਿੱਚ ਸੋਧਾਂ ਕਰਕੇ ਮਜ਼ਦੂਰਾਂ ਦੇ ਅਧਿਕਾਰਾਂ ਨੂੰ ਖੋਰਾ ਲਾਉਣ ਦਾ ਕੰਮ ਕੀਤਾ ਹੈ। ਹੁਣ ਕਿਸੇ ਵੀ ਕੰਪਨੀ ਵਿੱਚ ਕੰਮ ਕਰਨ ਵਾਲੇ ਕਾਮੇ ਯੂਨੀਅਨ ਨਹੀਂ ਬਣਾ ਸਕਦੇ ਹਨ ਤੇ ਕੋਈ ਰੋਸ ਪ੍ਰਗਟਾਵਾ ਨਹੀਂ ਕਰ ਸਕਦੇ ਹਨ।


ਇਹ ਵੀ ਪੜ੍ਹੋ: Farmers Protest: ਸਰਕਾਰ ਨਾਲ ਮੀਟਿੰਗ 'ਚ Sanyukt Kisan Morcha ਵੱਲੋਂ ਵੱਡਾ ਫੈਸਲਾ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904