Sanjay Singh Released: ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਬੁੱਧਵਾਰ (3 ਅਪ੍ਰੈਲ) ਨੂੰ ਤਿਹਾੜ ਜੇਲ੍ਹ ਤੋਂ ਰਿਹਾਅ ਹੋ ਗਏ ਹਨ। ਛੇ ਮਹੀਨਿਆਂ ਬਾਅਦ ਜੇਲ੍ਹ ਤੋਂ ਬਾਹਰ ਆਉਣ ’ਤੇ ਉਨ੍ਹਾਂ ਨੇ ਹੱਥ ਖੜ੍ਹੇ ਕਰਕੇ ਵਰਕਰਾਂ ਨੂੰ ਵਧਾਈ ਦਿੱਤੀ। ਜੇਲ ਤੋਂ ਬਾਹਰ ਆਉਣ ਤੋਂ ਬਾਅਦ ਸੰਜੇ ਸਿੰਘ ਨੇ ਕਿਹਾ ਕਿ ਇਹ ਜਸ਼ਨ ਮਨਾਉਣ ਦਾ ਸਮਾਂ ਨਹੀਂ ਹੈ। ਇਹ ਸੰਘਰਸ਼ ਦਾ ਸਮਾਂ ਹੈ। ਉਨ੍ਹਾਂ ਕਿਹਾ ਕਿ ਜੇਲ੍ਹਾਂ ਦੇ ਤਾਲੇ ਟੁਟਣਗੇ, ਸਾਰੇ ਆਗੂ ਰਿਹਾਅ ਹੋਣਗੇ।
ਇਸ ਤੋਂ ਪਹਿਲਾਂ ਮੰਗਲਵਾਰ (2 ਅਪ੍ਰੈਲ) ਨੂੰ ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਸੀ। ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਸੰਜੇ ਸਿੰਘ ਨੂੰ ਸਾਰੀਆਂ ਕਾਨੂੰਨੀ ਪ੍ਰਕਿਰਿਆਵਾਂ ਪੂਰੀਆਂ ਕਰਨ ਤੋਂ ਬਾਅਦ ਤਿਹਾੜ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਜ਼ਮਾਨਤ ਦੀਆਂ ਸ਼ਰਤਾਂ ਹੇਠਲੀ ਅਦਾਲਤ ਤੈਅ ਕਰੇਗੀ।
ਹੇਠਲੀ ਅਦਾਲਤ ਨੇ ਬੁੱਧਵਾਰ ਨੂੰ ਸੰਜੇ ਸਿੰਘ ਨੂੰ ਆਪਣਾ ਪਾਸਪੋਰਟ ਸੌਂਪਣ, ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਤੋਂ ਬਾਹਰ ਜਾਣ ਤੋਂ ਪਹਿਲਾਂ ਆਪਣੀ ਯਾਤਰਾ ਦੇ ਪ੍ਰੋਗਰਾਮ ਬਾਰੇ ਸੂਚਿਤ ਕਰਨ ਅਤੇ ਆਪਣੇ ਫ਼ੋਨ ਦੀ 'ਲੋਕੇਸ਼ਨ' ਨੂੰ ਹਮੇਸ਼ਾ ਚਾਲੂ ਰੱਖਣ ਦਾ ਵੀ ਨਿਰਦੇਸ਼ ਦਿੱਤਾ। ਅਦਾਲਤ ਨੇ ਸੰਜੇ ਸਿੰਘ ਨੂੰ 2 ਲੱਖ ਰੁਪਏ ਦਾ ਨਿੱਜੀ ਮੁਚੱਲਕਾ ਅਤੇ ਇੰਨੀ ਹੀ ਰਕਮ ਦੀ ਜ਼ਮਾਨਤ ਜਮ੍ਹਾ ਕਰਵਾਉਣ ਦਾ ਵੀ ਨਿਰਦੇਸ਼ ਦਿੱਤਾ ਹੈ।
ਇਹ ਵੀ ਪੜ੍ਹੋ: Haryana news: ਕਿਸਾਨਾਂ ਦੀ ਗ੍ਰਿਫ਼ਤਾਰੀ ਦੇ ਵਿਰੋਧ 'ਚ ਕਿਸਾਨਾਂ ਨੇ ਬਣਾਈ ਨਵੀਂ ਰਣਨੀਤੀ, ਕਰ ਦਿੱਤਾ ਆਹ ਐਲਾਨ
ਤਿਹਾੜ ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਉਨ੍ਹਾਂ ਨੇ ਸਭ ਤੋਂ ਪਹਿਲਾਂ ਜੇਲ੍ਹ ਦੇ ਮੁੱਖ ਗੇਟ 'ਤੇ ਉਡੀਕ ਕਰ ਰਹੇ ਪਾਰਟੀ ਦੇ ਲੋਕਾਂ ਅਤੇ ਸਮਰਥਕਾਂ ਦਾ ਹੱਥ ਹਿਲਾ ਕੇ ਸਵਾਗਤ ਕੀਤਾ।
ਉੱਥੇ ਹੀ ਉਨ੍ਹਾਂ ਦੀ ਪਤਨੀ ਅਨੀਤਾ ਸਿੰਘ ਨੇ ਬੁੱਧਵਾਰ ਸਵੇਰੇ ਇਕ ਨਿਊਜ਼ ਏਜੰਸੀ ਨਾਲ ਗੱਲਬਾਤ ਦੌਰਾਨ ਕਿਹਾ ਸੀ ਕਿ ਤਿਹਾੜ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਹ ਸਭ ਤੋਂ ਪਹਿਲਾਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ 'ਤੇ ਪਹੁੰਚਣਗੇ ਅਤੇ ਸੁਨੀਤਾ ਭਾਬੀ ਨੂੰ ਮਿਲਣਗੇ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਨੂੰ 4 ਅਕਤੂਬਰ, 2023 ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਈਡੀ ਨੇ ਦਿੱਲੀ ਵਿੱਚ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ਨੂੰ ਗ੍ਰਿਫਤਾਰ ਕਰਨ ਤੋਂ ਪਹਿਲਾਂ ਈਡੀ ਨੇ ਸੰਜੇ ਸਿੰਘ ਤੋਂ ਕਈ ਘੰਟੇ ਪੁੱਛਗਿੱਛ ਕੀਤੀ ਸੀ। ਉਸ ਤੋਂ ਬਾਅਦ 'ਆਪ' ਸੰਸਦ ਮੈਂਬਰ ਨੂੰ ਜ਼ਮਾਨਤ ਨਹੀਂ ਮਿਲ ਸਕੀ। ਉੱਥੇ ਹੀ ਮੰਗਲਵਾਰ ਨੂੰ ਸੁਪਰੀਮ ਕੋਰਟ ਨੇ ਈਡੀ ਦਾ ਪੱਖ ਜਾਣਨ ਤੋਂ ਬਾਅਦ ਉਨ੍ਹਾਂ ਦੀ ਰਿਹਾਈ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ: CM mann meet with kejriwal: ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਮਿਲਣ ਜਾਣਗੇ ਸੀਐਮ ਮਾਨ! ਲਿਖੀ ਚਿੱਠੀ