ਹੁਸ਼ਿਆਰਪੁਰ: ਸਾਬਕਾ ਕੇਂਦਰੀ ਮੰਤਰੀ ਤੇ ਕਾਂਗਰਸ ਦੀ ਸੀਨੀਅਰ ਲੀਡਰ ਸੰਤੋਸ਼ ਚੌਧਰੀ ਹੁਣ ਹੁਸ਼ਿਆਰਪੁਰ ਤੋਂ ਚੋਣ ਨਹੀਂ ਲੜਨਗੇ। ਉਨ੍ਹਾਂ ਰਾਹੁਲ ਗਾਂਧੀ ਨੂੰ ਚਿੱਠੀ ਲਿਖ ਕੇ ਇਹ ਐਲਾਨ ਕੀਤਾ ਹੈ। ਦੱਸ ਦੇਈਏ ਡਾ. ਰਾਜ ਕੁਮਾਰ ਨੂੰ ਟਿਕਟ ਮਿਲਣ ਤੋਂ ਨਾਰਾਜ਼ ਚੱਲ ਰਹੇ ਸੰਤੋਸ਼ ਚੌਧਰੀ ਦੇ ਸਮਰਥਕਾਂ ਨੇ ਦਾਅਵਾ ਕੀਤਾ ਸੀ ਕਿ ਉਹ ਆਜ਼ਾਦ ਚੋਣ ਲੜ ਸਕਦੇ ਹਨ ਪਰ ਹੁਣ ਅਜਿਹਾ ਨਹੀਂ ਹੋਵੇਗਾ।


ਸੰਤੋਸ਼ ਚੌਧਰੀ ਨੇ ਚਿੱਠੀ ਵਿੱਚ ਲਿਖਿਆ ਹੈ ਕੇ ਪਾਰਟੀ ਨੇ ਉਨ੍ਹਾਂ ਨੂੰ ਨਜ਼ਰ-ਅੰਦਾਜ਼ ਕੀਤਾ ਹੈ। ਸਮਰਥਕ ਚੋਣ ਲੜਨ ਲਈ ਕਹਿ ਰਹੇ ਸਨ ਪਰ ਉਹ ਚੋਣ ਨਹੀਂ ਲੜਨਗੇ। ਪਹਿਲਾਂ ਉਨ੍ਹਾਂ ਪਾਰਟੀ 'ਤੇ ਭੜਾਸ ਕੱਢਦਿਆਂ ਕਿਹਾ ਸੀ ਕਿ ਪਾਰਟੀ ਨੇ ਪਹਿਲਾਂ ਉਨ੍ਹਾਂ ਦੇ ਪਤੀ ਤੇ ਹੁਣ ਉਨ੍ਹਾਂ ਨੂੰ ਵੀ ਦਰਕਿਨਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਸੀ ਕਿ ਜੇ ਲੋਕ ਕਹਿਣਗੇ ਤਾਂ ਉਹ ਆਜ਼ਾਦ ਚੋਣ ਲੜਨ ਲਈ ਤਿਆਰ ਹਨ।

ਚੌਧਰੀ ਨੇ ਪਾਰਟੀ 'ਤੇ ਇਲਜ਼ਾਮ ਲਾਇਆ ਸੀ ਕਿ ਪਹਿਲਾਂ ਉਨ੍ਹਾਂ ਦੇ ਪਤੀ ਨੂੰ ਟਿਕਟ ਨਾ ਦੇ ਕੇ ਉਨ੍ਹਾਂ ਨਾਲ ਧੋਖਾ ਕੀਤਾ ਹੈ, ਜੋ ਇਹ ਗ਼ਮ ਬਰਦਾਸ਼ਤ ਨਹੀਂ ਕਰ ਪਾਏ ਤੇ ਉਨ੍ਹਾਂ ਦੀ ਮੌਤ ਹੋ ਗਈ। ਹੁਣ ਪਾਰਟੀ ਉਨ੍ਹਾਂ ਨਾਲ ਵੀ ਇਹੋ ਕੁਝ ਕਰ ਰਹੀ ਹੈ। ਇੱਥੋਂ ਤਕ ਕਿ ਜ਼ਿਲ੍ਹਾ ਕਾਂਗਰਸ ਕਮੇਟੀ ਵੀ ਉਨ੍ਹਾਂ ਨਾਲ ਵਿਤਕਰਾ ਕਰ ਰਹੀ ਹੈ।