Kisan Protest against Agnipath: ਮੋਦੀ ਸਰਕਾਰ ਵੱਲੋਂ ਕੁਝ ਦਿਨ ਪਹਿਲਾਂ ਐਲਾਨੀ ਗਈ 'Agnipath Scheme' ਨੂੰ ਲੈ ਕੇ ਜਿੱਥੇ ਦੇਸ਼ ਭਰ  'ਚ ਵਿਰੋਧ ਪ੍ਰਦਰਸ਼ਨ ਜਾਰੀ ਹਨ ਉੱਥੇ ਹੀ ਹੁਣ ਸੰਯੁਕਤ ਕਿਸਾਨ ਮੋਰਚਾ ਕੇਂਦਰ ਦੀ ਵਿਰੋਧ ਕਰ ਰਹੇ ਬੇਰਜ਼ਗਾਰ ਨੌਜਵਾਨਾਂ ਦੇ ਹੱਕ ਵਿੱਚ ਨਿੱਤਰ ਆਇਆ ਹੈ।  ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ 24 ਜੂਨ ਨੂੰ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਹੈ। ਇਸ ਪ੍ਰਦਰਸ਼ਨ ਦਾ ਐਲਾਨ ਕਰਨ ਵਾਲੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਟਵੀਟ ਕਰਕੇ ਕਿਹਾ ਸੀ ਕਿ, '24 ਜੂਨ ਨੂੰ ਅਗਨੀਪਥ ਯੋਜਨਾ ਦੇ ਖਿਲਾਫ ਦੇਸ਼ ਭਰ 'ਚ ਜ਼ਿਲਾ-ਤਹਿਸੀਲ ਹੈੱਡਕੁਆਰਟਰ 'ਤੇ ਪ੍ਰਦਰਸ਼ਨ ਕੀਤਾ ਜਾਵੇਗਾ।


ਦੇਸ਼ ਭਰ 'ਚ ਅੱਜ ਰਾਸ਼ਟਰਪਤੀ ਦੇ ਨਾਮ ਡੀਸੀਜ਼ ਨੂੰ ਮੰਗ ਪੱਤਰ ਸੌਂਪੇ ਜਾਣਗੇ ਅਤੇ ਇਸ ਪ੍ਰਦਰਸ਼ਨ ਲਈ ਰਾਕੇਸ਼ ਟਿਕੈਤ ਵੱਲੋਂਂ ਨੌਜਵਾਨਾਂ ਨੂੰ ਸ਼ਾਮਲ ਹੋਣ ਲਈ ਵੀ ਅਪੀਲ ਕੀਤੀ ਗਈ ਹੈ। 


ਮੋਰਚੇ ’ਚ ਹਿੱਸਾ ਲੈਣ ਵਾਲੀਆਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੀ ਰੋਸ ਪ੍ਰਦਰਸ਼ਨ ਕਰਕੇ ਕੇਂਦਰ ਅੱਗੇ ਅਗਨੀਪਥ ਯੋਜਨਾ ਵਾਪਸ ਲੈਣ ਦੀ ਮੰਗ ਰੱਖਣਗੀਆਂ। ਇਸ ਮੌਕੇ ਡਿਪਟੀ ਕਮਿਸ਼ਨਰਾਂ ਰਾਹੀਂ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਵੀ ਸੌਂਪੇ ਭੇਜੇ ਜਾਣਗੇ।

ਕਿਸਾਨ ਆਗੂ ਮਨਜੀਤ ਸਿੰਘ ਰਾਏ ਤੇ ਬੂਟਾ ਸਿੰਘ ਬੁਰਜ ਗਿੱਲ ਨੇ ਦੋਸ਼ ਲਾਇਆ ਕਿ ਤਿੰਨੋਂ ਸੈਨਾਵਾਂ ਦੇ ਮੁਖੀਆਂ ਵੱਲੋਂ ਆਰਐਸਐਸ ਤੇ ਭਾਜਪਾ ਦੇ ਇਸ਼ਾਰੇ ’ਤੇ ਦੇਸ਼ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਡਰਾਉਣ ਧਮਕਾਉਣ ਦਾ ਕੰਮ ਕੀਤਾ ਜਾ ਰਿਹਾ ਹੈ ਕਿ ਇਸ ਯੋਜਨਾ ਦਾ ਵਿਰੋਧ ਕਰਨ ਵਾਲਿਆਂ ਨੂੰ ਫੌਜ ਵਿੱਚ ਭਰਤੀ ਨਹੀਂ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਵਿਰੋਧ ਪ੍ਰਗਟਾਉਣਾ ਦੇਸ਼ ਵਾਸੀਆਂ ਦਾ ਸੰਵਿਧਾਨਕ ਹੱਕ ਹੈ।

ਯੂਪੀ ਦੀ ਯੋਗੀ ਆਦਿੱਤਿਆਨਾਥ ਸਰਕਾਰ ਵੱਲੋਂ ਘੱਟ ਗਿਣਤੀਆਂ, ਜਮਹੂਰੀ ਤਾਕਤਾਂ ਤੇ ਆਪਣੇ ਸਿਆਸੀ ਵਿਰੋਧੀਆਂ ਨੂੰ ਡਰਾਉਣ-ਧਮਕਾਉਣ ਲਈ ਧਾਰਨ ਕੀਤੀ ਬੁਲਡੋਜ਼ਰ ਦੀ ਫਾਸ਼ੀਵਾਦੀ ਨੀਤੀ ’ਤੇ ਰੋਕ ਲਾਉਣ ਤੇ ਸੰਯੁਕਤ ਕਿਸਾਨ ਮੋਰਚੇ ਦੇ ਇੱਕ ਪ੍ਰਮੁੱਖ ਆਗੂ ਆਲ ਇੰਡੀਆ ਕਿਸਾਨ ਮਜ਼ਦੂਰ ਸਭਾ ਦੇ ਜਨਰਲ ਸਕੱਤਰ ਡਾ. ਅਸ਼ੀਸ਼ ਮਿੱਤਲ ਉੱਪਰ ਪ੍ਰਯਾਗਰਾਜ ਵਿੱਚ ਦਰਜ ਕੀਤੇ ਪੁਲੀਸ ਕੇਸ ਅਤੇ ਜਾਰੀ ਕੀਤੇ ਗ਼ੈਰ-ਜ਼ਮਾਨਤੀ ਵਾਰੰਟਾਂ ਨੂੰ ਰੱਦ ਕਰਨ ਦੀ ਮੰਗ ਵੀ ਕੀਤੀ ਜਾਵੇਗੀ।