Farmers Protest: ਦਿੱਲੀ ਕੂਚ ਕਰ ਰਹੇ ਕਿਸਾਨਾਂ ਨੇ ਮੁੜ ਮੋਦੀ ਸਰਕਾਰ ਨੂੰ ਗੱਲਬਾਤ ਰਾਹੀਂ ਮਸਲੇ ਦਾ ਹੱਲ ਕਰਨ ਲਈ ਕਿਹਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਸਬੰਧੀ ਗੱਲਬਾਤ ਲਈ ਕੇਂਦਰ ਵੱਲੋਂ ਆਉਣ ਵਾਲੀ ਕਿਸੇ ਵੀ ਤਜਵੀਜ਼ ’ਤੇ ਵਿਚਾਰ ਕਰਨਗੇ ਪਰ ਗੱਲਬਾਤ ਲਈ ਹਾਂ-ਪੱਖੀ ਮਾਹੌਲ ਸਿਰਜਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਗਾਰੰਟੀ ਦੇਣ ਲਈ ਕਾਨੂੰਨ ਬਣਾਉਣ ਦੀ ਅਪੀਲ ਕੀਤੀ।
ਪੰਧੇਰ ਨੇ ਕਿਹਾ, ‘ਇਹ ਕਿਹਾ ਜਾਂਦਾ ਹੈ ਕਿ ਤੁਹਾਡਾ (ਮੋਦੀ) ਦਿਲ ਵੱਡਾ ਹੈ। ਸਾਨੂੰ ਐਮਐਸਪੀ ਦੀ ਗਾਰੰਟੀ ਦਾ ਕਾਨੂੰਨ ਦਿਓ।’ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਕਿਸਾਨਾਂ ਨੂੰ ਗੱਲਬਾਤ ਲਈ ਕੋਈ ਸੱਦਾ ਮਿਲਿਆ ਹੈ ਤਾਂ ਉਨ੍ਹਾਂ ਕਿਹਾ ਕਿ ਕਿਹਾ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ।’ ਅੰਬਾਲਾ ਨੇੜੇ ਸ਼ੰਭੂ ਸਰਹੱਦ ‘ਤੇ ਪੱਤਰਕਾਰਾਂ ਨੂੰ ਉਨ੍ਹਾਂ ਕਿਹਾ,‘ਅਸੀਂ ਸੱਦੇ ‘ਤੇ ਵਿਚਾਰ ਕਰਾਂਗੇ।’
ਉਧਰ, ਕਿਸਾਨਾਂ ਮਜ਼ਦੂਰਾਂ ਉਤੇ ਅੱਥਰੂ ਗੈਸ ਦੇ ਗੋਲੇ ਤੇ ਰਬੜ ਦੀਆਂ ਗੋਲੀਆਂ ਵਰ੍ਹਾਉਣ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 15 ਫਰਵਰੀ ਚਾਰ ਘੰਟਿਆਂ ਲਈ ਪੰਜਾਬ ਵਿੱਚ ਰੇਲਾਂ ਰੋਕਣ ਦਾ ਫੈਸਲਾ ਕੀਤਾ ਗਿਆ ਹੈ। ਰੇਲਾਂ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੋਕੀਆਂ ਜਾਣਗੀਆਂ। ਜਥੇਬੰਦੀ ਵਲੋਂ ਕਿਸਾਨੀ ਮੰਗਾਂ ਦੇ ਹੱਕ ਵਿੱਚ ਵੀ ਪਹਿਲਾਂ ਵਾਂਗ ਡਟਵੀਂ ਆਵਾਜ਼ ਉਠਾਉਣ ਦਾ ਵੀ ਫੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ: Amritsar News: ਕਿਸਾਨਾਂ 'ਤੇ ਗੋਲੇ ਦਾਗਣ 'ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ...ਪੰਜਾਬ ਸਰਕਾਰ ਕਰੇ ਤੁਰੰਤ ਕਾਰਵਾਈ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਅੱਜ ਲੁਧਿਆਣਾ ਵਿਖੇ ਬਾਅਦ ਦੁਪਹਿਰ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋ ਰਹੀ ਹੈ, ਜਿਸ ਵਿਚ ਰੇਲਾਂ ਰੋਕਣ ਦਾ ਮਾਮਲਾ ਉਠਾਇਆ ਜਾਵੇਗਾ।
ਉਧਰ, ਖਨੌਰੀ ਬਾਰਡਰ ’ਤੇ ਅੱਜ ਹਾਲਾਤ ਮੁੜ ਤਣਾਅ ਵਾਲੇ ਬਣ ਗਏ। ਬਾਅਦ ਦੁਪਹਿਰ ਕਿਸਾਨਾਂ ਨੇ ਅੱਜ ਦੂਜੇ ਦਿਨ ਜਿਉ ਹੀ ਅੱਗੇ ਵਧਣ ਦਾ ਯਤਨ ਕੀਤਾ ਤਾਂ ਹਰਿਆਣਾ ਪੁਲਿਸ ਨਾਲ ਟਕਰਾਅ ਹੋ ਗਿਆ। ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਉਪਰ ਲਾਠੀਚਾਰਜ ਕੀਤਾ ਗਿਆ ਤੇ ਦੋਵੇਂ ਪਾਸੇ ਤੋਂ ਪੱਥਰਬਾਜ਼ੀ ਵੀ ਹੋਈ ਹੈ।
ਪੁਲਿਸ ਵੱਲੋਂ ਵੱਡੀ ਗਿਣਤੀ ਵਿੱਚ ਅੱਥਰੂ ਗੈਸ ਦੇ ਗੋਲੇ ਦਾਗੇ ਗਏ। ਪੁਲਿਸ ਲਾਠੀਚਾਰਜ ਨਾਲ ਕਰੀਬ 7-8 ਕਿਸਾਨ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ’ਚੋਂ ਗਭੀਰ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਹਾਲਾਤ ਤਣਾਅ ਵਾਲੇ ਬਣੇ ਹੋਏ ਹਨ। ਕਿਸਾਨ ਬਾਰਡਰ ਦੇ ਨੇੜੇ ਪੁੱਜ ਗਏ ਤੇ ਲਗਾਤਾਰ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਉਪਰ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ।