ਸਤਪਾਲ ਮਲਿਕ ਨੇ ਮੁੜ ਕੀਤੀ ਕਿਸਾਨਾਂ ਲਈ ਆਵਾਜ਼ ਬੁਲੰਦ, ਆਪਣੀ ਹੀ ਸਰਕਾਰ 'ਤੇ ਖੜ੍ਹੇ ਕੀਤੇ ਸਵਾਲ
ਮਲਿਕ ਨੇ ਕਿਹਾ ਕਿ ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ਤੋਂ ਆਪਣਾ ਧਰਨਾ ਸਿਰਫ਼ ਉਠਾਇਆ ਹੈ ਪਰ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਖ਼ਿਲਾਫ਼ ਉਨ੍ਹਾਂ ਦਾ ਅੰਦੋਲਨ ਅਜੇ ਵੀ ਖ਼ਤਮ ਨਹੀਂ ਹੋਇਆ।
ਮੁਜ਼ੱਫਰਨਗਰ: ਮੇਘਾਲਿਆ ਦੇ ਰਾਜਪਾਲ ਸਤਪਾਲ ਮਲਿਕ ਨੇ ਮੁੜ ਦੇਸ਼ ਦੇ ਕਿਸਾਨਾਂ ਲਈ ਆਵਾਜ਼ ਬੁਲੰਦ ਕੀਤੀ ਹੈ। ਬੀਜੇਪੀ ਦੇ ਸੀਨੀਅਰ ਲੀਡਰ ਨੇ ਆਪਣੀ ਹੀ ਸਰਕਾਰ ਉੱਪਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਹੈ ਕਿ ਕਿਸਾਨਾਂ ਨਾਲ ਪਿਛਲੇ ਸਾਲ ਦਸੰਬਰ ’ਚ ਕੀਤੇ ਗਏ ਵਾਅਦੇ ਅਜੇ ਤੱਕ ਸਰਕਾਰ ਨੇ ਪੂਰੇ ਨਹੀਂ ਕੀਤੇ। ਉਨ੍ਹਾਂ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਬਾਰੇ ਕਾਨੂੰਨ ਬਣਾਉਣ ਦੀ ਵਕਾਲਤ ਵੀ ਕੀਤੀ।
ਮਲਿਕ ਨੇ ਕਿਹਾ ਕਿ ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ਤੋਂ ਆਪਣਾ ਧਰਨਾ ਸਿਰਫ਼ ਉਠਾਇਆ ਹੈ ਪਰ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਖ਼ਿਲਾਫ਼ ਉਨ੍ਹਾਂ ਦਾ ਅੰਦੋਲਨ ਅਜੇ ਵੀ ਖ਼ਤਮ ਨਹੀਂ ਹੋਇਆ। ਮਲਿਕ ਨੇ ਕਿਹਾ ਕਿ ਦੇਸ਼ ’ਚ ਮਹਿੰਗਾਈ ਤੇ ਬੇਰੁਜ਼ਗਾਰੀ ਬਾਰੇ ਕੋਈ ਚਰਚਾ ਨਹੀਂ ਹੋ ਰਹੀ ਜਦਕਿ ਨੌਜਵਾਨ ਨੌਕਰੀਆਂ ਤੋਂ ਬਿਨਾਂ ਸੜਕਾਂ ’ਤੇ ਘੁੰਮ ਰਹੇ ਹਨ।
ਰਾਜਪਾਲ ਨੇ ਕਿਹਾ,‘‘ਅਹਿਮ ਮੁੱਦਿਆਂ ਦੀ ਬਜਾਏ ਬੇਤੁਕੇ ਮਾਮਲਿਆਂ ’ਤੇ ਬਹਿਸਾਂ ਹੋ ਰਹੀਆਂ ਹਨ।’’ ਹਿੰਦੂਆਂ ਤੇ ਮੁਸਲਮਾਨਾਂ ਨੂੰ ਆਪਸ ’ਚ ਲੜਾਈ ਬੰਦ ਕਰਨ ਦਾ ਹੋਕਾ ਦਿੰਦਿਆਂ ਉਨ੍ਹਾਂ ਕਿਹਾ ਕਿ ਦੋਵੇਂ ਫਿਰਕਿਆਂ ਨੂੰ ਬੇਰੁਜ਼ਗਾਰੀ ਤੇ ਦੇਸ਼ ਨੂੰ ਦਰਪੇਸ਼ ਹੋਰ ਮੁਸ਼ਕਲਾਂ ਨੂੰ ਉਜਾਗਰ ਕਰਨਾ ਚਾਹੀਦਾ ਹੈ।
ਉੱਤਰ ਪ੍ਰਦੇਸ਼ ’ਚ ਬੁਲਡੋਜ਼ਰਾਂ ਦੀ ਵਰਤੋਂ ਬਾਰੇ ਉਨ੍ਹਾਂ ਕਿਹਾ ਕਿ ਗਰੀਬਾਂ ਨੂੰ ਸਮਾਂ ਦਿੱਤੇ ਬਿਨਾਂ ਉਨ੍ਹਾਂ ਦੇ ਘਰਾਂ ਨੂੰ ਨਹੀਂ ਢਾਹਿਆ ਜਾਣਾ ਚਾਹੀਦਾ ਹੈ। ਦੱਸ ਦਈਏ ਕਿ ਕਿਸਾਨ ਅੰਦੋਲਨ ਜਦੋਂ ਸਿਖਰਾਂ ’ਤੇ ਸੀ ਤਾਂ ਮਲਿਕ ਨੇ ਕਿਸਾਨਾਂ ਦੇ ਪੱਖ ’ਚ ਆਵਾਜ਼ ਬੁਲੰਦ ਕੀਤੀ ਸੀ ਜਿਸ ਕਾਰਨ ਸਰਕਾਰ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਸੀ। ਮੇਘਾਲਿਆ ਦੇ ਰਾਜਪਾਲ ਸਤਪਾਲ ਮਲਿਕ ਨੇ ਕਿਸਾਨ ਅੰਦੋਲਨ ਦੌਰਾਨ ਵੀ ਮੋਦੀ ਸਰਕਾਰ ਨੂੰ ਘੇਰਿਆ ਸੀ।