ਨਵੀਂ ਦਿੱਲੀ: 1984 ਦੇ ਸਿੱਖ ਕਤਲੇਆਮ ਦੌਰਾਨ ਪੰਜ ਸਿੱਖਾਂ ਦਾ ਕਤਲ ਕਰਨ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸੱਜਣ ਕੁਮਾਰ ਦੀ ਅਪੀਲ 'ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਸੀਬੀਆਈ ਨੂੰ ਨੋਟਿਸ ਭੇਜਿਆ ਹੈ ਤੇ 6 ਹਫ਼ਤਿਆਂ ਅੰਦਰ ਜਵਾਬ ਤਲਬ ਕੀਤਾ ਹੈ। ਅਦਾਲਤ ਨੇ ਸੱਜਣ ਦੀ ਜ਼ਮਾਨਤ ਪਟੀਸ਼ਨ ’ਤੇ ਵੀ ਸੀਬੀਆਈ ਕੋਲੋਂ ਜਵਾਬ ਮੰਗਿਆ ਹੈ। ਸੱਜਣ ਨੇ ਸੁਪਰੀਮ ਕੋਰਟ 'ਚ ਉਮਰ ਕੈਦ ਦੀ ਸਜ਼ਾ ਨੂੰ ਚੁਣੌਤੀ ਦਿੱਤੀ ਸੀ।

ਸੱਜਣ ਕੁਮਾਰ ਨੇ ਬੀਤੀ 31 ਦਸੰਬਰ ਨੂੰ ਆਪਣੇ ਦੋ ਸਾਥੀ ਮੁਜਰਮ ਮਹੇਂਦਰ ਯਾਦਵ ਤੇ ਕ੍ਰਿਸ਼ਨ ਖੋਖਰ ਦਿੱਲੀ ਦੀ ਕੜਕੜਡੂਮਾ ਅਦਾਲਤ ਵਿੱਚ ਸਮਰਪਣ ਕਰ ਦਿੱਤਾ ਸੀ। ਦਿੱਲੀ ਛਾਉਣੀ ਵਿੱਚ ਪੰਜ ਸਿੱਖਾਂ ਦੇ ਕਤਲ ਦੇ ਮਾਮਲੇ ਵਿੱਚ ਸੱਜਣ ਕੁਮਾਰ ਸਮੇਤ ਛੇ ਜਣਿਆਂ ਨੂੰ ਧਾਰਾ 302 ਤਹਿਤ ਦੋਸ਼ੀ ਠਹਿਰਾਇਆ ਗਿਆ ਹੈ। ਅਦਾਲਤ ਨੇ ਸੱਜਣ ਕੁਮਾਰ ਨੂੰ ਪੰਜ ਲੱਖ ਰੁਪਏ ਜ਼ੁਰਮਾਨਾ ਵੀ ਲਾਇਆ ਸੀ।

ਦਿੱਲੀ ਹਾਈਕੋਰਟ ਨੇ ਸੱਜਣ ਕੁਮਾਰ ਤੋਂ ਇਲਾਵਾ ਸਾਬਕਾ ਵਿਧਾਇਕ ਮਹਿੰਦਰ ਯਾਦਵ ਤੇ ਕਿਸ਼ਨ ਖੋਖਰ ਦੀ ਸਜ਼ਾ ਨੂੰ 10-10 ਸਾਲ ਤਕ ਵਧਾ ਦਿੱਤਾ ਗਿਆ ਸੀ। ਕੈਪਟਨ ਭਾਗਮਲ, ਗਿਰਧਾਰੀ ਲਾਲ ਤੇ ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਖੋਖਰ ਦੀ ਉਮਰ ਕੈਦ ਦੀ ਸਜ਼ਾ ਬਰਕਰਾਰ ਰੱਖੀ। ਇਸ ਪਿੱਛੋਂ ਸੱਜਣ ਕੁਮਾਰ ਨੇ ਦਿੱਲੀ ਹਾਈਕੋਰਟ ਵੱਲੋਂ ਸੁਣਾਈ ਗਈ ਤਾ-ਉਮਰ ਕੈਦ ਦੀ ਸਜ਼ਾ ਨੂੰ ਚੁਣੌਤੀ ਦੇਣ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ।