Himachal Pradesh Weather: ਹਿਮਾਚਲ ਪ੍ਰਦੇਸ਼ ਅਤੇ ਉੱਤਰੀ ਭਾਰਤ ਦੇ ਕਈ ਹਿੱਸੇ ਅੱਜਕੱਲ ਭਾਰੀ ਮੀਂਹ ਅਤੇ ਬੱਦਲ ਫਟਣ ਵਾਲੀਆਂ ਘਟਨਾਵਾਂ ਕਾਰਨ ਪ੍ਰਭਾਵਿਤ ਹੋ ਰਹੇ ਹਨ। ਰਾਜ ਵਿੱਚ ਆਫ਼ਤ ਦੀ ਇਸ ਗੰਭੀਰ ਸਥਿਤੀ ਨੂੰ ਦੇਖਦਿਆਂ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਅਹਿਮ ਕਦਮ ਚੁੱਕੇ ਹਨ।
ਉਨ੍ਹਾਂ ਨੇ ਰੈੱਡ ਅਲਰਟ ਵਾਲੇ ਜ਼ਿਲ੍ਹਿਆਂ ਵਿੱਚ ਸਕੂਲ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਸੰਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤਾ ਹੈ ਕਿ ਭਾਰਤੀ ਮੌਸਮ ਵਿਭਾਗ (IMD) ਵੱਲੋਂ ਜਾਰੀ ਚੇਤਾਵਨੀ ਨੂੰ ਧਿਆਨ ਵਿੱਚ ਰੱਖਦਿਆਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਤਰਜੀਹ ਦਿੰਦੇ ਹੋਏ ਤੁਰੰਤ ਸਕੂਲ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਜਾਣ।
ਅਗਲੇ 24 ਘੰਟਿਆਂ ਦੌਰਾਨ ਭਾਰੀ ਮੀਂਹ ਦੀ ਸੰਭਾਵਨਾ – IMD
ਰਾਜ ਵਿੱਚ ਅਗਲੇ 24 ਘੰਟਿਆਂ ਦੌਰਾਨ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਦੇ ਅਨੁਸਾਰ ਅੱਜ ਸ਼ਾਮ ਤੋਂ ਮੀਂਹ ਦੀ ਤੀਬਰਤਾ ਫਿਰ ਵਧ ਸਕਦੀ ਹੈ। ਬੀਤੇ 24 ਘੰਟਿਆਂ ਵਿੱਚ ਵੀ ਕਈ ਥਾਵਾਂ 'ਤੇ ਭਾਰੀ ਮੀਂਹ ਹੋਈ ਹੈ, ਜਿਸ ਨਾਲ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ। ਇਸ ਦੌਰਾਨ ਮੌਸਮ ਵਿਭਾਗ ਵੱਲੋਂ ਸੋਲਨ, ਸਿਰਮੌਰ, ਕਾਂਗੜਾ ਅਤੇ ਮੰਡੀ ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਜਿੱਥੇ ਅਗਲੇ ਕੁਝ ਘੰਟਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ।
ਆਫ਼ਤ ਸਥਿਤੀ ਲਈ ਤਿਆਰ ਰਹਿਣ ਦੇ ਵੀ ਦਿੱਤੇ ਗਏ ਨਿਰਦੇਸ਼
ਸਰਕਾਰ ਵੱਲੋਂ ਹਾਲਾਤ 'ਤੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਿਸੇ ਵੀ ਐਮਰਜੈਂਸੀ ਸਥਿਤੀ ਦਾ ਸਾਹਮਣਾ ਕਰਨ ਲਈ ਸਾਵਧਾਨ ਰਹਿਣ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਨਿਰਦੇਸ਼ਾਂ ਦੀ ਪਾਲਣਾ ਕਰਣ। ਅਧਿਕਾਰੀਆਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ ਤਾਂ ਜੋ ਕਿਸੇ ਵੀ ਆਫ਼ਤ ਵਾਲੀ ਸਥਿਤੀ ਵਿੱਚ ਤੁਰੰਤ ਕਾਰਵਾਈ ਕੀਤੀ ਜਾ ਸਕੇ। ਰਾਜ ਸਰਕਾਰ ਰਾਹਤ ਅਤੇ ਬਚਾਅ ਕੰਮਾਂ ਲਈ ਪੂਰੀ ਤਰ੍ਹਾਂ ਤਿਆਰ ਹੈ।
ਕਾਂਗੜਾ ਵਿੱਚ ਪਾਣੀ ਦੇ ਪੱਧਰ ਵਧਣ ਨਾਲ ਵਧਿਆ ਖਤਰਾ
ਦੂਜੇ ਪਾਸੇ, ਕਾਂਗੜਾ ਜ਼ਿਲ੍ਹੇ ਵਿੱਚ ਖਾਸ ਸਾਵਧਾਨੀ ਵੱਲ ਧਿਆਨ ਦਿੱਤਾ ਜਾ ਰਿਹਾ ਹੈ ਕਿਉਂਕਿ ਇੱਥੇ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਮੀਂਹ ਹੋ ਰਹੀ ਹੈ, ਜਿਸ ਕਾਰਨ ਨਦੀਆਂ ਤੇ ਨਾਲਿਆਂ ਦਾ ਪਾਣੀ ਪੱਧਰ ਵਧ ਗਿਆ ਹੈ। ਡਿਪਟੀ ਕਮਿਸ਼ਨਰ ਕਾਂਗੜਾ ਹੇਮਰਾਜ ਬੇਰਵਾ ਨੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਖਤਰਨਾਕ ਇਲਾਕਿਆਂ ਤੋਂ ਦੂਰ ਰਹਿਣ ਅਤੇ ਬਿਨਾਂ ਲੋੜ ਦੇ ਯਾਤਰਾ ਕਰਨ ਤੋਂ ਗੁਰੇਜ਼ ਕਰਨ।