ਅੱਤਵਾਦੀਆਂ 'ਤੇ ਜ਼ੋਰਦਾਰ ਹਮਲਾ ! ਪਹਿਲਗਾਮ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਕੀਤੀ ਕਾਰਵਾਈ, ਹਿਰਾਸਤ ਵਿੱਚ ਲਏ 175 ਲੋਕ
ਰਾਜੌਰੀ ਇਲਾਕੇ ਵਿੱਚ ਸੁਰੱਖਿਆ ਬਲਾਂ ਨੂੰ ਵੀ ਹਾਈ ਅਲਰਟ 'ਤੇ ਰੱਖਿਆ ਗਿਆ ਹੈ। ਜੰਮੂ-ਰਾਜੌਰੀ-ਪੂੰਛ ਹਾਈਵੇਅ 'ਤੇ ਵਾਹਨਾਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ ਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਵੱਡੀ ਗਿਣਤੀ ਵਿੱਚ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ।
ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਪੁਲਿਸ ਨੇ ਫੌਜ ਸੀਆਰਪੀਐਫ ਤੇ ਹੋਰ ਸੁਰੱਖਿਆ ਬਲਾਂ ਨਾਲ ਮਿਲ ਕੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਇੱਕ ਵਿਸ਼ਾਲ ਤਲਾਸ਼ੀ ਅਤੇ ਘੇਰਾਬੰਦੀ ਮੁਹਿੰਮ ਸ਼ੁਰੂ ਕੀਤੀ ਹੈ। ਸਰਚ ਆਪ੍ਰੇਸ਼ਨ ਦਿਨ-ਰਾਤ ਪੂਰੀ ਚੌਕਸੀ ਨਾਲ ਚਲਾਇਆ ਜਾ ਰਿਹਾ ਹੈ। ਇਨ੍ਹਾਂ ਕਾਰਵਾਈਆਂ ਤਹਿਤ ਅਨੰਤਨਾਗ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ 'ਤੇ ਕਈ ਛਾਪੇ ਮਾਰੇ ਗਏ। ਹੁਣ ਤੱਕ ਲਗਭਗ 175 ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਤੇ ਅੱਤਵਾਦੀ ਗਤੀਵਿਧੀਆਂ ਦਾ ਸਮਰਥਨ ਕਰਨ ਵਾਲੇ ਨੈੱਟਵਰਕ ਨੂੰ ਖਤਮ ਕਰਨ ਲਈ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਅਨੰਤਨਾਗ ਪੁਲਿਸ ਨੇ ਕਿਹਾ ਕਿ ਅਸੀਂ ਆਪਣੇ ਸਹਿਯੋਗੀ ਸੁਰੱਖਿਆ ਬਲਾਂ ਦੇ ਸਹਿਯੋਗ ਨਾਲ ਕਿਸੇ ਵੀ ਸੰਭਾਵੀ ਅੱਤਵਾਦੀ ਮੌਜੂਦਗੀ ਨੂੰ ਖ਼ਤਮ ਕਰਨ ਤੇ ਜ਼ਿਲ੍ਹੇ ਨੂੰ ਸੁਰੱਖਿਅਤ ਕਰਨ ਲਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਰਹੇ ਹਾਂ। ਅਨੰਤਨਾਗ ਪੁਲਿਸ ਜ਼ਿਲ੍ਹੇ ਵਿੱਚ ਸ਼ਾਂਤੀ ਬਣਾਈ ਰੱਖਣ ਅਤੇ ਆਮ ਸਥਿਤੀ ਵਿੱਚ ਵਿਘਨ ਪਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਨਾਕਾਮ ਕਰਨ ਲਈ ਵਚਨਬੱਧ ਹੈ।
ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਸੁਰੱਖਿਆ ਨੂੰ ਹੋਰ ਵਧਾਉਣ, ਸ਼ੱਕੀ ਗਤੀਵਿਧੀਆਂ ਦੀ ਨਿਗਰਾਨੀ ਕਰਨ ਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਾਧੂ ਮੋਬਾਈਲ ਵਾਹਨ ਜਾਂਚ ਪੋਸਟਾਂ (MVCPs) ਸਥਾਪਤ ਕੀਤੀਆਂ ਗਈਆਂ ਹਨ। ਜਨਤਾ ਦਾ ਸਹਿਯੋਗ ਮੰਗਿਆ ਗਿਆ ਹੈ ਤੇ ਨਾਗਰਿਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਆਪਣੇ ਨੇੜਲੇ ਪੁਲਿਸ ਸਟੇਸ਼ਨ ਨੂੰ ਦੇਣ।
ਤੁਹਾਨੂੰ ਦੱਸ ਦੇਈਏ ਕਿ 22 ਅਪ੍ਰੈਲ ਨੂੰ ਅੱਤਵਾਦੀਆਂ ਨੇ ਪਹਿਲਗਾਮ ਦੇ ਬੈਸਰਨ ਮੈਦਾਨ ਵਿੱਚ ਸੈਲਾਨੀਆਂ 'ਤੇ ਗੋਲੀਬਾਰੀ ਕੀਤੀ ਸੀ, ਜਿਸ ਵਿੱਚ 26 ਲੋਕ ਮਾਰੇ ਗਏ ਸਨ। ਮਰਨ ਵਾਲਿਆਂ ਵਿੱਚ 25 ਭਾਰਤੀ ਅਤੇ 1 ਨੇਪਾਲੀ ਨਾਗਰਿਕ ਸ਼ਾਮਲ ਹਨ ਤੇ ਕਈ ਹੋਰ ਜ਼ਖਮੀ ਹੋ ਗਏ। ਇਸ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਆਪਣੀ ਚੌਕਸੀ ਵਧਾ ਦਿੱਤੀ ਹੈ। ਪੁਲਿਸ ਨੇ ਗਸ਼ਤ ਤੇ ਘਾਤ ਲਗਾਉਣ ਦੀਆਂ ਕਾਰਵਾਈਆਂ ਤੇਜ਼ ਕਰ ਦਿੱਤੀਆਂ ਹਨ, ਖਾਸ ਕਰਕੇ ਸੰਘਣੇ ਜੰਗਲੀ ਖੇਤਰਾਂ ਵਿੱਚ ਜਿੱਥੇ ਅੱਤਵਾਦੀ ਲੁਕਣ ਦੀ ਕੋਸ਼ਿਸ਼ ਕਰ ਸਕਦੇ ਹਨ।
ਇਸ ਦੌਰਾਨ, ਰਾਜੌਰੀ ਇਲਾਕੇ ਵਿੱਚ ਸੁਰੱਖਿਆ ਬਲਾਂ ਨੂੰ ਵੀ ਹਾਈ ਅਲਰਟ 'ਤੇ ਰੱਖਿਆ ਗਿਆ ਹੈ। ਜੰਮੂ-ਰਾਜੌਰੀ-ਪੂੰਛ ਹਾਈਵੇਅ 'ਤੇ ਵਾਹਨਾਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ ਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਵੱਡੀ ਗਿਣਤੀ ਵਿੱਚ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਭਾਰਤੀ ਫੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਸ਼ੁੱਕਰਵਾਰ ਨੂੰ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਲਈ ਸ਼੍ਰੀਨਗਰ ਦਾ ਦੌਰਾ ਕੀਤਾ। ਜਨਰਲ ਦਿਵੇਦੀ ਨੂੰ ਜੰਮੂ-ਕਸ਼ਮੀਰ ਵਿੱਚ ਸਰਗਰਮ ਅੱਤਵਾਦੀਆਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਦੇ ਨਾਲ-ਨਾਲ ਪਾਕਿਸਤਾਨੀ ਫੌਜ ਵੱਲੋਂ ਕੰਟਰੋਲ ਰੇਖਾ 'ਤੇ ਜੰਗਬੰਦੀ ਦੀ ਉਲੰਘਣਾ ਕਰਨ ਦੀਆਂ ਕੋਸ਼ਿਸ਼ਾਂ ਬਾਰੇ ਜਾਣਕਾਰੀ ਦਿੱਤੀ ਗਈ।






















