ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮਹਾਰਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜੂਰ ਸਾਹਿਬ ਦੇ ਪ੍ਰਬੰਧਾਂ ਵਿੱਚ ਦਖ਼ਲ ਤੇ ਰਾਸ਼ਟਰੀ ਸਿੱਖ ਸੰਗਤ ਦੇ ਜਨਰਲ ਸਕੱਤਰ ਅਵਤਾਰ ਸਿੰਘ ਸ਼ਾਸਤਰੀ ਦੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਸ਼ਾਸਤਰੀ ਨੇ ਕਿਹਾ ਸੀ ਕਿ ਗੁਰਦੁਆਰਿਆਂ ਦਾ ਪ੍ਰਬੰਧ ਅਕਾਲੀ ਦਲ ਵੱਲੋਂ ਕੀਤਾ ਜਾ ਰਿਹਾ ਹੈ। ਇਸ ’ਤੇ ਤਲਖ਼ ਪ੍ਰਤੀਕਿਰਿਆ ਦਿੰਦਿਆਂ ਭਾਈ ਲੌਂਗੋਵਾਲ ਨੇ ਕਿਹਾ ਹੈ ਕਿ ਹਮੇਸ਼ਾ ਤੋਂ ਹੀ ਗੁਰਦੁਆਰਿਆਂ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧਾਂ ਵਿੱਚ ਕਸੇ ਦਾ ਦਖ਼ਲ ਬਿਲਕੁਲ ਸਹਿਣ ਨਹੀਂ ਕੀਤਾ ਜਾਏਗਾ।
ਭਾਈ ਲੌਂਗੋਵਾਲ ਨੇ ਕਿਹਾ ਕਿ ਆਰਐਸਐਸ ਦਾ ਹਿੱਸਾ ਰਾਸ਼ਟਰੀ ਸਿੱਖ ਸੰਗਤ ਆਪਣੀ ਮਾਂ ਜਥੇਬੰਦੀ ਦੇ ਇਸ਼ਾਰਿਆਂ ’ਤੇ ਸਿੱਖ ਵਿਰੋਧੀ ਕੰਮਾਂ ਵਿੱਚ ਜੁਟੀ ਹੋਈ ਹੈ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਸਰਕਾਰ ਤਖ਼ਤ ਸ੍ਰੀ ਹਜੂਰ ਸਾਹਿਬ ਬੋਰਡ ਨਾਂਦੇੜ ਦੇ ਐਕਟ 1956 ਵਿੱਚ ਸੋਧ ਕਰਨ ਬਾਰੇ ਸੋਚ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਐਕਟ ਵਿੱਚ ਬਦਲਾਅ ਕਰਕੇ ਆਪਣੀ ਮਰਜ਼ੀ ਨਾਲ ਬੋਰਡ ਦਾ ਪ੍ਰਧਾਨ ਥਾਪਣ ਦਾ ਪ੍ਰਸਤਾਵ ਪਾਸ ਕਰਨ ਲਈ ਚੁੱਪ-ਚਪੀਤੇ ਢੰਗ ਨਾਲ ਕੰਮ ਕਰ ਰਹੀ ਹੈ ਪਰ ਸਿੱਖ ਪੰਥ ਗੁਰੂ ਘਰਾਂ ਵਿੱਚ ਦਖ਼ਲ ਨੂੰ ਬਰਦਾਸ਼ਤ ਨਹੀਂ ਕਰੇਗਾ।
ਸਬੰਧਤ ਖ਼ਬਰ- ਆਰਐਸਐਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪੰਥਕ ਰੁਤਬੇ ਨੂੰ ਵੰਗਾਰ
ਉਨ੍ਹਾਂ ਕਿਹਾ ਕਿ ਆਰਐਸਐਸ ਨੂੰ ਇਹ ਗੱਲ ਨਹੀਂ ਭੁੱਲਣੀ ਚਾਹੀਦੀ ਕਿ ਸਿੱਖ ਕੌਮ ਇੱਕ ਵੱਖਰੀ ਕੌਮ ਹੈ, ਇਸ ਦਾ ਆਪਣਾ ਇਤਿਹਾਸ, ਮਰਿਆਦਾ ਤੇ ਰੀਤੀ ਰਿਵਾਜ਼ ਹਨ। ਦੇਸ਼ ਦੀ ਆਜ਼ਾਦੀ ਲਈ ਸਿੱਖਾਂ ਨੇ ਕਈ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਹਰ ਧਰਮ ਦਾ ਸਤਕਾਰ ਕਰਦੀ ਹੈ ਪਰ ਇਸ ਨੂੰ ਆਪਣੇ ਧਰਮ ਵਿੱਚ ਕਿਸੇ ਹੋਰ ਦਾ ਦਖ਼ਲ ਬਰਦਾਸ਼ਤ ਨਹੀਂ। ਉਨ੍ਹਾਂ ਸਿੱਖ ਕੌਮ ਨੂੰ ਆਰਐਸਐਸ ਵੱਲੋਂ ਸਿੱਖ ਵਿਰੋਧੀ ਕਾਰਨਾਮਿਆਂ ਦਾ ਡਟ ਕੇ ਵਿਰੋਧ ਕਰਨ ਦੀ ਅਪੀਲ ਕੀਤੀ।