Amritsar News: ਹਰਿਆਣਾ ਤੋਂ ਬਾਅਦ ਹੁਣ ਰਾਜਸਥਾਨ ਵਿੱਚ ਵੱਖਰੀ ਗੁਰਦੁਆਰਾ ਕਮੇਟੀ ਦਾ ਵਿਵਾਦ ਖੜ੍ਹਾ ਹੋ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੋਸ਼ ਲਾਇਆ ਹੈ ਕਿ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨਾਲ ਮਿਲ ਕੇ ਰਾਜਸਥਾਨ ਵਿੱਚ ਵੱਖਰੀ ਗੁਰਦੁਆਰਾ ਕਮੇਟੀ ਬਣਾਉਣ ਦਾ ਯਤਨ ਕਰ ਰਹੇ ਹਨ। ਉਨ੍ਹਾਂ ਨੇ ਕਾਂਗਰਸੀ ਆਗੂ ਦੀ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਤੇ ਸਿੱਖ ਮਸਲਿਆਂ ਵਿੱਚ ਦਖ਼ਲ ਦੇਣ ਤੋਂ ਵਰਜਿਆ। 



ਉਧਰ, ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਰਾਜਸਥਾਨ ਵਿੱਚ ਵੱਖਰੀ ਗੁਰਦੁਆਰਾ ਕਮੇਟੀ ਬਣਾਉਣ ਦੀ ਮੰਗ ਉਥੋਂ ਦੇ ਸਿੱਖਾਂ ਵੱਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਹਰਿਆਣਾ ਦੇ ਸਿੱਖਾਂ ਦੀ ਮੰਗ ’ਤੇ ਸੁਪਰੀਮ ਕੋਰਟ ਵੱਲੋਂ ਵੱਖਰੀ ਕਮੇਟੀ ਬਣਾਉਣ ਨੂੰ ਮਾਨਤਾ ਦਿੱਤੀ ਜਾ ਸਕਦੀ ਹੈ ਤਾਂ ਰਾਜਸਥਾਨ ਵਿੱਚ ਕਿਉਂ ਨਹੀਂ? ਉਨ੍ਹਾਂ ਕਿਹਾ ਕਿ ਰਾਜਸਥਾਨ ਵਿੱਚ ਵੀ ਗੁਰਦੁਆਰਿਆਂ ਦੀ ਸਾਂਭ-ਸੰਭਾਲ ਦੀ ਵੱਡੀ ਲੋੜ ਹੈ। ਇਸ ਵਾਸਤੇ ਉਥੋਂ ਦੇ ਸਿੱਖਾਂ ਦੀ ਮੰਗ ਜ਼ਾਇਜ਼ ਹੈ।



ਹਰਿਆਣਾ 'ਚ ਵੀ ਚੱਲ ਰਿਹਾ ਵੱਖਰੀ ਗੁਰਦੁਆਰਾ ਕਮੇਟੀ ਦਾ ਵਿਵਾਦ
ਇਸ ਦੇ ਨਾਲ ਹੀ ਹਰਿਆਣਾ ਵਿੱਚ ਵੱਖਰੀ ਗੁਰਦੁਆਰਾ ਕਮੇਟੀ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਇੱਕ ਪਾਸੇ ਸ਼੍ਰੋਮਣੀ ਕਮੇਟੀ ਇਸ ਦਾ ਵਿਰੋਧ ਕਰ ਰਹੀ ਹੈ, ਉੱਥੇ ਹੀ ਦੂਜੇ ਪਾਸੇ ਇਸ ਮਾਮਲੇ ਵਿੱਚ ਹਰਿਆਣਾ ਦੇ ਸਿੱਖਾਂ ਦੀ ਆਪਸੀ ਸਹਿਮਤੀ ਵੀ ਨਹੀਂ ਬਣ ਰਹੀ। ਇਸ ਲਈ ਇਹ ਮਾਮਲਾ ਉਲਝਦਾ ਜਾ ਰਿਹਾ ਹੈ। ਉਂਝ ਹਰਿਆਣਾ ਦੇ ਸਿੱਖਾਂ ਵਿੱਚ ਦਰਾੜ੍ਹ ਪੈਣ ਮਗਰੋਂ ਹਰਿਆਣਾ ਦੇ ਆਗੂ ਜਗਦੀਸ਼ ਸਿੰਘ ਝੀਂਡਾ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਹਨ। ਉਨ੍ਹਾਂ ਨੇ ਐਤਵਾਰ ਨੂੰ ਆਪਣੀ 41 ਮੈਂਬਰੀ ਕਮੇਟੀ ਦੀ ਸੂਚੀ ਸ੍ਰੀ ਅਕਾਲ ਤਖ਼ਤ ’ਤੇ ਸੌਂਪੀ ਤੇ ਅਪੀਲ ਕੀਤੀ ਹੈ ਕਿ ਉਸ ਦੀ ਕਮੇਟੀ ਨੂੰ ਮਾਨਤਾ ਦਿੱਤੀ ਜਾਵੇ।


 


ਦੱਸ ਦਈਏ ਕਿ ਸੁਪਰੀਮ ਕੋਰਟ ਵੱਲੋਂ ਹਰਿਆਣਾ ਵਿੱਚ ਵੱਖਰੀ ਕਮੇਟੀ ਐਕਟ ਨੂੰ ਮਾਨਤਾ ਦਿੱਤੀ ਗਈ ਹੈ। ਇਸ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਵਿੱਚ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਹੋਈ ਹੈ। ਦੂਜੇ ਪਾਸੇ, ਹਰਿਆਣਾ ਦੇ ਸਿੱਖਾਂ ਵਿੱਚ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਦੌੜ ਲੱਗੀ ਹੋਈ ਹੈ। ਹਾਲ ਹੀ ਵਿੱਚ ਹਰਿਆਣਾ ਸਰਕਾਰ ਵੱਲੋਂ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਨਾਲ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ, ਜਗਦੀਸ਼ ਸਿੰਘ ਝੀਂਡਾ ਤੇ ਹੋਰ ਸਿੱਖ ਸਹਿਮਤ ਨਹੀਂ ਹਨ।