ਨਵੀਂ ਦਿੱਲੀ: ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਆਪਣੀ ਆਵਾਜ਼ ਕੇਂਦਰ ਦੇ ਕੰਨੀ ਪਾਉਣ ਲਈ ਦਿੱਲੀ ਪਹੁੰਚ ਚੁੱਕੇ ਹਨ। ਫਿਲਹਾਲ ਉਨ੍ਹਾਂ ਨੂੰ ਦਿੱਲੀ-ਹਰਿਆਣਾ ਦੇ ਬਾਡਰਾਂ ਤੇ ਰੋਕਿਆ ਗਿਆ ਹੈ।

ਇਸ ਦੌਰਾਨ ਸ਼ਿਵ ਸੈਨਾ ਨੇਤਾ ਸੰਜੇ ਰਾਉਤ ਦਾ ਕਹਿਣਾ ਹੈ ਕਿ ਜਿਸ ਢੰਗ ਦਾ ਕਿਸਾਨਾਂ ਨਾਲ ਸਲੂਕ ਕੀਤਾ ਜਾ ਰਿਹਾ ਹੈ, ਉਸ ਤੋਂ ਇੰਝ ਲੱਗਦਾ ਹੈ ਕਿ ਉਹ ਅੱਤਵਾਦੀ ਹਨ। ਉਨ੍ਹਾਂ ਨੂੰ ਖਾਲਿਸਤਾਨੀ ਦੱਸਿਆ ਜਾ ਰਿਹਾ ਹੈ ਇਹ ਕਿਸਾਨਾਂ ਦਾ ਅਪਮਾਨ ਹੈ।

ਰਾਉਤ ਨੇ ਕਿਹਾ, "ਜਿਸ ਤਰ੍ਹਾਂ ਕਿਸਾਨਾਂ ਨੂੰ ਦਿੱਲੀ ਵਿਚ ਦਾਖਲ ਹੋਣ ਤੋਂ ਰੋਕਿਆ ਗਿਆ ਹੈ, ਅਜਿਹਾ ਲੱਗਦਾ ਹੈ ਜਿਵੇਂ ਉਹ ਇਸ ਦੇਸ਼ ਨਾਲ ਸਬੰਧਤ ਨਹੀਂ ਹਨ। ਉਨ੍ਹਾਂ ਨਾਲ ਅੱਤਵਾਦੀਆਂ ਵਰਗਾ ਸਲੂਕ ਕੀਤਾ ਗਿਆ ਹੈ ਕਿਉਂਕਿ ਉਹ ਸਿੱਖ ਹਨ ਤੇ ਪੰਜਾਬ ਤੇ ਹਰਿਆਣਾ ਤੋਂ ਆਏ ਹਨ, ਉਨ੍ਹਾਂ ਨੂੰ ਖਾਲਿਸਤਾਨੀ ਕਿਹਾ ਜਾ ਰਿਹਾ ਹੈ। ਇਹ ਕਿਸਾਨਾਂ ਦਾ ਅਪਮਾਨ ਹੈ।"



 


ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਲਗਾਤਾਰ ਤਿੰਨ ਦਿਨਾਂ ਤੋਂ ਦਿੱਲੀ 'ਚ ਅੰਦੋਲਨ ਕਰ ਰਹੇ ਕਿਸਾਨ ਐਤਵਾਰ ਨੂੰ ਵੀ ਆਪਣਾ ਵਿਰੋਧ ਪ੍ਰਦਰਸ਼ਨ ਜਾਰੀ ਰੱਖਣ ‘ਤੇ ਅੜੇ ਹੋਏ ਹਨ। ਕਿਸਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪ੍ਰਸਤਾਵ ਨੂੰ ਸਵੀਕਾਰ ਕਰਨ ਲਈ ਤਿਆਰ ਨਹੀਂ ਹਨ ਕਿ ਜੇ ਉਹ ਪਹਿਲਾਂ ਸ਼ਾਂਤੀ ਨਾਲ ਬੁਰਾੜੀ ਦੇ ਨਿਰੰਕਾਰੀ ਮੈਦਾਨ ਵਿੱਚ ਬੈਠ ਜਾਣ ਤਾਂ ਸਰਕਾਰ ਫੇਰ ਉਨ੍ਹਾਂ ਨਾਲ ਗੱਲਬਾਤ ਕਰੇਗੀ।


ਸ਼ਨੀਵਾਰ ਨੂੰ ਵੀ ਸਿੰਘੂ ਬਾਡਰ ਤੇ ਸੁਰੱਖਿਆ ਕਰਮੀਆਂ ਦੀ ਤਾਇਨਾਤੀ ਰਹੀ। ਕਿਸਾਨਾਂ ਨੇ ਕੱਲ੍ਹ ਸਾਫ ਕਰ ਦਿੱਤਾ ਸੀ ਕਿ ਉਹ ਕਿਤੇ ਨਹੀਂ ਜਾਣਗੇ।ਕਿਸਾਨ ਹੁਣ ਅੱਗੇ ਦਾ ਰਣਨੀਤੀ ਲਈ ਮੀਟਿੰਗ ਕਰ ਰਹੇ ਹਨ।