ਅੰਮ੍ਰਿਤਸਰ: ਦੋ ਦਿਨ ਪਹਿਲਾਂ ਮੋਗਾ ਵਿੱਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਰੈਲੀ ਵਿੱਚ ਮੰਚ ਤੋਂ ਬੋਲਣ ਦਾ ਮੌਕਾ ਨਾ ਦਿੱਤੇ ਜਾਣ ’ਤੇ ਨਾਰਾਜ਼ਗੀ ਜਤਾਉਣ ਵਾਲੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਆਪਣੀ ਗੱਲ ਤੋਂ ਪਲਟ ਗਏ ਹਨ। ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਪੰਜ ਰੇਲਵੇ ਓਵਰਬ੍ਰਿਜ ਦਾ ਉਦਘਾਟਨ ਕਰਨ ਆਏ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਨਾਲ ਕੋਈ ਨਾਰਾਜ਼ਗੀ ਨਹੀਂ ਹੈ ਬਲਕਿ ਉਨ੍ਹਾਂ ਦਾ ਪੂਰਾ ਜੀਵਨ ਪੰਜਾਬ ਲਈ ਹੈ ਤੇ ਉਹ ਕਾਂਗਰਸ ਪਾਰਟੀ ਨੂੰ ਸਮਰਪਿਤ ਹਨ। ਇਸ ਲਈ ਉਹ ਕਿਸੇ ਨਾਲ ਨਾਰਾਜ਼ ਨਹੀਂ ਹਨ।

ਇਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੈਪਟਨ ਦੀ ਵਜ੍ਹਾ ਕਰਕੇ ਹੀ ਉਨ੍ਹਾਂ ਦਾ ਪੰਜਾਬ ਦੀ ਸੇਵਾ ਕਰਨ ਦੀ ਸੁਫਨਾ ਸਾਕਾਰ ਹੋਇਆ ਹੈ। ਦੱਸ ਦੇਈਏ ਕਿ ਮੋਗਾ ਵਿੱਚ ਰਾਹੁਲ ਗਾਂਧੀ ਦੀ ਰੈਲੀ ਵਿੱਚ ਮੰਚ ’ਤੇ ਸਿਰਫ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਤੇ ਆਸ਼ਾ ਕੁਮਾਰੀ ਨੂੰ ਹੀ ਬੋਲਣ ਦਾ ਮੌਕਾ ਦਿੱਤਾ ਗਿਆ ਸੀ। ਇਸ ਤੋਂ ਸਿੱਧੂ ਨੇ ਨਾਰਾਜ਼ਗੀ ਜ਼ਾਹਰ ਕੀਤੀ ਸੀ।

ਇਸ ਤੋਂ ਇਲਾਵਾ ਸਿੱਧੂ ਨੇ ਪੰਜਾਬ ਬੀਜੇਪੀ ਪ੍ਰਧਾਨ ਸ਼ਵੇਤ ਮਲਿਕ ਨੂੰ ਵੀ ਸਲਾਹ ਦਿੱਤੀ ਸੀ ਕਿ ਉਹ ਉਨ੍ਹਾਂ ਬਾਰੇ ਬੋਲਣ ਤੋਂ ਪਹਿਲਾਂ ਸੋਚ ਲਿਆ ਕਰਨ। ਉਨ੍ਹਾਂ ਕਿਹਾ ਕਿ ਸ਼ਵੇਤ ਮਲਿਕ ਸੋਨੇ ਦਾ ਚਮਚ ਮੂੰਹ ਵਿੱਚ ਲੈ ਕੇ ਬੈਠੇ ਹਨ ਤੇ ਉਨ੍ਹਾਂ ਨੂੰ ਚਮਚ ਮੂੰਹ ਵਿੱਚ ਰੱਖ ਕੇ ਚੁੱਪ ਬੈਠਣਾ ਚਾਹੀਦਾ ਹੈ।