ਚੰਡੀਗੜ੍ਹ: ਪਾਕਿਸਤਾਨ ਦੇ ਬਣਨ ਜਾ ਰਹੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਆਪਣੇ ਅਹੁਦੇ ਦੇ ਸਹੁੰ ਚੁੱਕ ਸਮਾਗਮ ਲਈ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਸੱਦਾ ਭੇਜਿਆ ਹੈ। ਸਿੱਧੂ ਨੇ ਇਸ ਨੂੰ ਪ੍ਰਵਾਨ ਵੀ ਕਰ ਲਿਆ ਹੈ। ਇਸ ਸਬੰਧੀ ਨਵਜੋਤ ਸਿੰਘ ਸਿੱਧੂ ਨੇ ਅੱਜ ਦਿੱਲੀ ਵਿੱਚ ਪਾਕਿਸਤਾਨੀ ਹਾਈ ਕਮਿਸ਼ਨਰ ਨਾਲ ਮੁਲਾਕਾਤ ਕੀਤੀ। ਦੋਵਾਂ ਵਿਚਾਲੇ ਕਰੀਬ ਇੱਕ ਘੰਟਾ ਗੱਲਬਾਤ ਚੱਲੀ। ਮੁਲਾਕਾਤ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਕਿ ਉਨ੍ਹਾਂ ਭਾਰਤ ਸਰਕਾਰ ਕੋਲ ਵੀਜ਼ੇ ਲਈ ਅਪਲਾਈ ਕਰ ਦਿੱਤਾ ਹੈ। ਹੁਣ ਇਹ ਭਾਰਤ ਸਰਕਾਰ ’ਤੇ ਨਿਰਭਰ ਕਰਦਾ ਹੈ ਕਿ ਉਹ ਸਿੱਧੂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦਿੰਦੀ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਬਾਕੀ ਦਾ ਪ੍ਰੋਗਰਾਮ ਉਹ ਭਾਰਤ ਸਰਕਾਰ ਵੱਲੋਂ ਉਨ੍ਹਾਂ ਨੂੰ ਪਾਕਿਸਤਾਨ ਜਾਣ ਦੀ ਮਨਜ਼ੂਰੀ ਦਿੱਤੇ ਜਾਣ ਬਾਅਦ ਹੀ ਤੈਅ ਕਰਨਗੇ।