ਨਨਕਾਣਾ ਸਾਹਿਬ ਜਾਣ ਵਾਲੇ ਸਿੱਖ ਜਥੇ 'ਤੇ ਕੇਂਦਰ ਨੇ ਲਾਈ ਰੋਕ, ਬੀਬੀ ਜਗੀਰ ਕੌਰ ਨੇ ਕਿਹਾ 'ਭਾਰਤ ਸਰਕਾਰ ਦੀ ਸਿੱਖ ਵਿਰੋਧੀ ਮਾਨਸਿਕਤਾ'
ਗ੍ਰਹਿ ਮੰਤਰਾਲੇ ਦੇ ਇਸ ਕਦਮ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਨਰਾਜ਼ਗੀ ਜਤਾਈ ਹੈ।
ਅੰਮ੍ਰਿਤਸਰ: ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਜਥੇ 'ਤੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਐਨ ਮੌਕੇ 'ਤੇ ਰੋਕ ਲਾ ਦਿੱਤੀ ਹੈ। ਗ੍ਰਹਿ ਮੰਤਰਾਲੇ ਨੇ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਇਹ ਰੋਕ ਲਾਈ ਹੈ। ਗ੍ਰਹਿ ਵਿਭਾਗ ਨੇ ਸ਼੍ਰੋਮਣੀ ਕਮੇਟੀ ਨੂੰ ਇੱਕ ਚਿੱਠੀ ਭੇਜ ਕੇ ਸੁਰੱਖਿਆ ਦਾ ਹਵਾਲਾ ਦਿੰਦਿਆਂ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਤੋਂ ਰੋਕਿਆ ਗਿਆ ਹੈ। 18 ਤੋਂ 25 ਫਰਵਰੀ ਤੱਕ ਜਥੇ ਨੇ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਮਨਾਉਣ ਲਈ ਪਾਕਿਸਤਾਨ ਜਾਣਾ ਸੀ।
ਗ੍ਰਹਿ ਮੰਤਰਾਲੇ ਦੇ ਇਸ ਕਦਮ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਨਰਾਜ਼ਗੀ ਜਤਾਈ ਹੈ। ਉਨ੍ਹਾਂ ਕਿਹਾ, "ਪਾਕਿਸਤਾਨ ਭੇਜੇ ਜਾ ਰਹੇ ਜਥੇ 'ਤੇ ਰੋਕ ਲਗਾ ਕੇ ਭਾਰਤ ਸਰਕਾਰ ਨੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਸਾਰੀਆਂ ਤਿਆਰੀਆਂ ਮੁਕੰਮਲ ਹੋਣ 'ਤੇ ਆਖ਼ਰੀ ਮੌਕੇ ਜਥੇ 'ਤੇ ਰੋਕ ਲਗਾਉਣੀ ਭਾਰਤ ਸਰਕਾਰ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਸਬੂਤ ਹੈ।"
ਜਗੀਰ ਕੌਰ ਨੇ ਕਿਹਾ, ਭਾਰਤ ਸਰਕਾਰ ਵੱਲੋਂ ਜਥੇ ਨੂੰ ਰੋਕਣ ਪਿੱਛੇ ਕਾਰਨ ਸੁਰੱਖਿਆ ਦਾ ਹਵਾਲਾ ਦਿੱਤਾ ਗਿਆ ਹੈ ਜਦਕਿ ਬੀਤੇ ਨਵੰਬਰ ਮਹੀਨੇ ਵਿੱਚ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਕਰਕੇ ਆਇਆ ਹੈ। ਜੇਕਰ ਉਸ ਵਕਤ ਕੋਈ ਖਤਰਾ ਨਹੀਂ ਸੀ ਤਾਂ ਹੁਣ ਖਤਰਾ ਕਿਵੇਂ ਪੈਦਾ ਹੋ ਗਿਆ।'
ਜਥੇਦਾਰ ਨੇ ਵੀ ਨਿਰਾਸ਼ਾ ਜਤਾਈ
ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਨਨਕਾਣਾ ਸਾਹਿਬ ਸਿੱਖਾਂ ਲਈ ਬਹੁਤ ਅਹਿਮ ਹੈ, ਬਿਲਕੁਲ ਉਸੇ ਤਰ੍ਹਾਂ ਜਿਵੇਂ ਕਿ ਮੱਕਾ ਤੇ ਮਦੀਨਾ, ਹਿੰਦੂਆਂ ਲਈ ਅਯੁੱਧਿਆ, ਬਨਾਰਸ ਤੇ ਜਗਨਨਾਥ ਪੁਰੀ ਸਥਾਨ ਹਨ।
ਉਨ੍ਹਾਂ ਕਿਹਾ, 'ਤਕਰੀਬਨ ਸਾਰੇ ਸ਼ਰਧਾਲੂ ਅੰਮ੍ਰਿਤਸਰ ਪਹੁੰਚ ਚੁੱਕੇ ਹਨ। ਐਨ ਮੌਕੇ 'ਤੇ ਜਥੇ ਨੂੰ ਮਨ੍ਹਾ ਕਰਨਾ ਇਹ ਕੇਂਦਰ ਸਰਕਾਰ ਦਾ ਸਿੱਖਾਂ ਦੀ ਆਸਥਾ 'ਤੇ ਇੱਕ ਕਿਸਮ ਦਾ ਹਮਲਾ ਹੈ। ਮੈਨੂੰ ਹੈਰਾਨੀ ਨਹੀਂ ਹੋ ਰਹੀ ਕਿਉਂਕਿ ਧਾਰਮਿਕ ਯਾਤਰਾਵਾਂ 'ਤੇ ਪਾਬੰਦੀ ਮੁਗਲ ਕਾਲ ਵਿੱਚ ਵੀ ਲੱਗਦੀ ਰਹੀ ਹੈ।'