ਅੰਮ੍ਰਿਤਸਰ: ਕਾਂਗਰਸ ਦੇ ਸੀਨੀਅਰ ਨੇਤਾ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਦੀ ਗੁਰੂ ਗੋਬਿੰਦ ਸਿੰਘ ਨਾਲ ਤੁਲਨਾ ਕਰਦੀ ਤਸਵੀਰ ਤੋਂ ਸਿੱਖਾਂ ਦੇ ਮਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਇਸ ਦਾ ਸਖ਼ਤ ਵਿਰੋਧ ਕੀਤਾ ਹੈ। ਹਾਲਾਂਕਿ, ਹੁਣ ਇਸ ਪੋਸਟ ਨੂੰ ਹਟਾ ਦਿੱਤਾ ਗਿਆ ਹੈ।


ਕਾਂਗਰਸੀ ਆਗੂ ਕਮਲ ਨਾਥ ਨੇ ਆਪਣੀ ਫੇਸਬੁੱਕ ‘ਤੇ ਇਕ ਪੋਸਟ ਪਾਈ ਹੈ, ਜਿਸ ਵਿਚ ਉਸ ਨੇ ਗੁਰੂ ਗੋਬਿੰਦ ਸਿੰਘ ਨਾਲ ਸਬੰਧਤ ਬੋਲਾਂ ਨੂੰ ਤੋੜ ਮਰੋੜ ਕੇ ਪੇਸ਼ ਕਰਦਿਆਂ, ਗੁਰੂ ਗੋਬਿੰਦ ਸਿੰਘ ਦੀ ਥਾਂ ਆਪਣਾ ਨਾਂ ਵਰਤਿਆ ਹੈ। ਉਸ ਦੀ ਇਹ ਪੋਸਟ ਵੱਡੇ ਪੱਧਰ ‘ਤੇ ਵਾਇਰਲ ਹੋਈ ਹੈ ਅਤੇ ਵਿਸ਼ਵ ਭਰ ਵਿਚ ਸਿੱਖ ਭਾਈਚਾਰੇ ਵਲੋਂ ਇਸ ‘ਤੇ ਇਤਰਾਜ਼ ਕੀਤਾ ਜਾ ਰਿਹਾ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ‘ਤੇ ਸਖ਼ਤ ਇਤਰਾਜ਼ ਉਠਾਉਂਦਿਆਂ ਕਿਹਾ ਕਿ ਕਮਲ ਨਾਥ ਨੇ ਅਜਿਹਾ ਕਰ ਕੇ ਆਪਣੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ ਹੈ। ਉਸ ਦੀ ਇਸ ਕਾਰਵਾਈ ਨਾਲ ਸਿੱਖ ਸੰਗਤਾਂ ਵਿਚ ਰੋਸ ਹੈ। ਇਸ ਮਾਮਲੇ ਵਿਚ ਉਸ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ।