ਚੰਡੀਗੜ੍ਹ: ਅਗਲੇ ਦਿਨਾਂ ਵਿੱਚ ਮੌਸਮ ਵਿਗੜ ਸਕਦਾ ਹੈ। ਹਿਮਾਚਲ ਪ੍ਰਦੇਸ਼ ਵਿੱਚ 6 ਤੋਂ 8 ਜਨਵਰੀ ਤੱਕ ਭਾਰੀ ਬਰਫਬਾਰੀ ਹੋਏਗੀ। ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ। ਇਸ ਦਾ ਅਸਰ ਮੈਦਾਨੀ ਇਲਾਕਿਆਂ ਵਿੱਚ ਵੀ ਹੋ ਸਕਦਾ ਹੈ।

ਮੌਸਮ ਵਿਭਾਗ ਨੇ ਕਿਹਾ ਹੈ ਕਿ ਪਹਾੜੀ ਇਲਾਕਿਆਂ ਵਿੱਚ 6 ਤੋਂ ਅੱਠ ਜਨਵਰੀ ਤੱਕ ਬਰਫਬਾਰੀ ਹੋਏਗੀ। ਇਸ ਤੋਂ ਇਲਾਵਾ ਹੇਠਲੇ ਇਲਾਕਿਆਂ ਵਿੱਚ ਬਾਰਸ਼ ਤੇ ਗੜ੍ਹੇਮਾਰੀ ਹੋ ਸਕਦੀ ਹੈ। ਮੌਸਮ ਵਿਾਭਗ ਨੇ ਚੇਤਾਵਨੀ ਜਾਰੀ ਕੀਤੀ ਹੈ ਕਿ ਇਨ੍ਹਾਂ ਦਿਨਾਂ ਵਿੱਚ ਟੂਰਿਸਟ ਬਾਹਰ ਨਾ ਨਿਕਲਣ।

ਦਰਅਸਲ ਸ਼ਨੀਵਾਰ ਨੂੰ ਵੀ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਦੇ ਬਹੁਤੇ ਹਿੱਸਿਆਂ ਵਿੱਚ ਤਾਜ਼ਾ ਬਰਫਬਾਰੀ ਹੋਈ। ਸਮੁੱਚੇ ਉੱਤਰੀ ਭਾਰਤ ਨੂੰ ਠੰਢ ਨੇ ਪਿਛਲੇ ਦੋ ਹਫ਼ਤਿਆਂ ਤੋਂ ਜਕੜਿਆ ਹੋਇਆ ਹੈ ਭਾਵੇਂਕਿ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਦਰਜ ਕੀਤੀ ਗਈ ਹੈ। ਹਿਮਾਚਲ ਪ੍ਰਦੇਸ਼ ਦੇ ਸੈਲਾਨੀ ਕੇਂਦਰ ਮਨਾਲੀ ਤੇ ਸ਼ਿਮਲਾ ਵਿੱਚ ਸਾਲ 2020 ਦੀ ਪਹਿਲੀ ਬਰਫਬਾਰੀ ਹੋਈ ਹੈ।

ਪੰਜਾਬ ਤੇ ਹਰਿਆਣਾ ਵਿੱਚ ਜ਼ਬਰਦਸਤ ਠੰਢ ਪੈ ਰਹੀ ਹੈ। ਦੋਵਾਂ ਸੂਬਿਆਂ ਵਿੱਚ ਫਰੀਦਕੋਟ (3.6 ਡਿਗਰੀ ਸੈਲਸੀਅਸ) ਤਾਪਮਾਨ ਨਾਲ ਸਭ ਤੋਂ ਠੰਢਾ ਸ਼ਹਿਰ ਰਿਹਾ ਹੈ। ਦਿੱਲੀ ਵਿੱਚ ਸ਼ਨਿਚਰਵਾਰ ਨੂੰ ਸਵੇਰੇ ਘੱਟੋ ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਇਹ ਆਮ ਨਾਲੋਂ ਇੱਕ ਡਿਗਰੀ ਵੱਧ ਸੀ।

ਪੰਜਾਬ ਵਿੱਚ ਪਟਿਆਲਾ, ਅੰਮ੍ਰਿਤਸਰ, ਲੁਧਿਆਣਾ ਦਾ ਘੱਟੋ ਘੱਟ ਤਾਪਮਾਨ ਕ੍ਰਮਵਾਰ 4.8, 4.6, ਤੇ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਦਾ ਘੱਟੋ ਘੱਟ ਤਾਪਮਾਨ 6.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।