ਨਵੀਂ ਦਿੱਲੀ: ਕਾਂਗਰਸ ਨੂੰ ਲੀਹ 'ਤੇ ਲਿਆਉਣ ਲਈ ਸੋਨੀਆ ਗਾਂਧੀ ਨੇ ਸ਼ਨੀਵਾਰ ਦੁਪਹਿਰ ਨੂੰ ਪਾਰਟੀ ਦੀ ਜ਼ਰੂਰੀ ਮੀਟਿੰਗ ਬੁਲਾਈ। ਸੋਨੀਆ ਗਾਂਧੀ ਦੇ ਘਰ 10 ਜਨਪਥ 'ਤੇ ਦੁਪਹਿਰ 12 ਵਜੇ ਇਹ ਬੈਠਕ ਸ਼ੁਰੂ ਹੋਈ। ਬੈਠਕ 'ਚ ਪ੍ਰਿਅੰਕਾ ਗਾਂਧੀ ਸ਼ਾਮਲ ਨਹੀਂ ਹੋਈ। ਹਾਲਾਂਕਿ ਬੈਠਕ 'ਚ ਰਾਹੁਲ ਗਾਂਧੀ ਮੌਜੂਦ ਸੀ। ਮੀਟਿੰਗ ਵਿੱਚ ਪ੍ਰਸ਼ਾਂਤ ਕਿਸ਼ੋਰ ਨੂੰ ਵੀ ਬੁਲਾਇਆ ਗਿਆ ਸੀ। ਇਸ ਬੈਠਕ 'ਚ ਮਲਿਕਾਰਜੁਨ ਖੜਗੇ, ਏ ਕੇ ਐਂਟਨੀ, ਅੰਬਿਕਾ ਸੋਨੀ, ਜੈਰਾਮ ਰਮੇਸ਼, ਮੁਕੁਲ ਵਾਸਨਿਕ, ਦਿਗਵਿਜੇ ਸਿੰਘ ਅਤੇ ਅਜੇ ਮਾਕਨ ਵਰਗੇ ਸੀਨੀਅਰ ਨੇਤਾਵਾਂ ਨੇ ਵੀ ਹਿੱਸਾ ਲਿਆ।

Continues below advertisement


2024 ਦੀਆਂ ਲੋਕ ਸਭਾ ਚੋਣਾਂ ਅਤੇ ਗੁਜਰਾਤ ਚੋਣਾਂ ਦੀ ਤਿਆਰੀ
ਕਾਂਗਰਸ ਦੀ ਕਾਰਗੁਜ਼ਾਰੀ ਲਗਾਤਾਰ ਨਿਘਾਰ ਵੱਲ ਜਾ ਰਹੀ ਹੈ। ਪਿਛਲੇ ਮਹੀਨੇ 5 ਰਾਜਾਂ ਦੇ ਵਿਧਾਨ ਸਭਾ ਚੋਣ ਨਤੀਜਿਆਂ ਵਿੱਚ ਪਾਰਟੀ ਨੂੰ ਹਰ ਥਾਂ ਬੁਰੀ ਤਰ੍ਹਾਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਦੱਸਿਆ ਜਾ ਰਿਹਾ ਹੈ ਕਿ ਪਾਰਟੀ ਦੇ ਗੁਆਚੇ ਹੋਏ ਸਮਰਥਨ ਆਧਾਰ ਨੂੰ ਮੁੜ ਸੁਰਜੀਤ ਕਰਨ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਇਹ ਜ਼ਰੂਰੀ ਮੀਟਿੰਗ ਬੁਲਾਈ ਗਈ ਹੈ। ਇਹੀ ਕਾਰਨ ਹੈ ਕਿ ਇਸ ਵਿੱਚ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਵੀ ਬੁਲਾਇਆ ਗਿਆ ਹੈ। ਪਾਰਟੀ ਵਿਚ ਵੱਡੇ ਪੱਧਰ 'ਤੇ ਬਦਲਾਅ ਦੀ ਚਰਚਾ ਵੀ ਜ਼ੋਰ ਫੜ ਰਹੀ ਹੈ। ਇੰਨਾ ਹੀ ਨਹੀਂ ਪਾਰਟੀ ਦੀਆਂ ਨਜ਼ਰਾਂ ਜਲਦੀ ਹੀ ਹੋਣ ਵਾਲੀਆਂ ਗੁਜਰਾਤ ਵਿਧਾਨ ਸਭਾ ਚੋਣਾਂ 'ਤੇ ਵੀ ਟਿਕੀਆਂ ਹੋਈਆਂ ਹਨ। ਪਾਰਟੀ ਆਪਣੇ ਆਪ ਨੂੰ ਮਜ਼ਬੂਤ ਕਰਨਾ ਚਾਹੁੰਦੀ ਹੈ ਅਤੇ ਇੱਥੇ ਬਿਹਤਰ ਪ੍ਰਦਰਸ਼ਨ ਕਰਨਾ ਚਾਹੁੰਦੀ ਹੈ।ਇਸ ਤੋਂ ਇਲਾਵਾ ਪਾਰਟੀ 2024 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵੀ ਸ਼ੁਰੂ ਕਰਨਾ ਚਾਹੁੰਦੀ ਹੈ, ਤਾਂ ਜੋ ਭਾਜਪਾ ਨੂੰ ਟੱਕਰ ਦੇ ਸਕੇ।


ਪ੍ਰਸ਼ਾਂਤ ਕਿਸ਼ੋਰ ਕਾਂਗਰਸ 'ਚ ਸ਼ਾਮਲ ਹੋ ਸਕਦੇ
ਇਸ ਦੌਰਾਨ ਚਰਚਾ ਹੈ ਕਿ ਪ੍ਰਸ਼ਾਂਤ ਕਿਸ਼ੋਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਜਲਦੀ ਹੀ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿੱਤੀ ਜਾ ਸਕਦੀ ਹੈ। ਪਾਰਟੀ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਵੀ ਦੇ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਪਾਰਟੀ ਕਾਫੀ ਸਮੇਂ ਤੋਂ ਪ੍ਰਸ਼ਾਂਤ ਕਿਸ਼ੋਰ ਨਾਲ ਗੱਲਬਾਤ ਕਰ ਰਹੀ ਸੀ। ਪ੍ਰਸ਼ਾਂਤ ਨੇ ਹਾਈਕਮਾਂਡ ਨੂੰ ਕਈ ਸੁਝਾਅ ਵੀ ਦਿੱਤੇ ਸਨ।