Students Visa Crisis in USA: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹੁਣ ਵਿਦੇਸ਼ੀ ਵਿਦਿਆਰਥੀਆਂ ਉਪਰ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਟਰੰਪ ਨੇ ਆਪਸ਼ਨਲ ਪ੍ਰੈਕਟੀਕਲ ਟ੍ਰੇਨਿੰਗ (OPT) ਨੂੰ ਖਤਮ ਕਰਨ ਲਈ ਅਮਰੀਕੀ ਸੰਸਦ ਕਾਂਗਰਸ ਵਿੱਚ ਇੱਕ ਨਵਾਂ ਬਿੱਲ ਪੇਸ਼ ਕੀਤਾ ਹੈ। ਇਸ ਨਾਲ ਅਮਰੀਕਾ ਵਿੱਚ ਪੜ੍ਹ ਰਹੇ 3 ਲੱਖ ਭਾਰਤੀ ਵਿਦਿਆਰਥੀਆਂ ਸਮੇਤ ਦੁਨੀਆ ਭਰ ਦੇ ਵਿਦਿਆਰਥੀਆਂ ਦੀ ਚਿੰਤਾ ਵਧ ਗਈ ਹੈ।
ਦੱਸ ਦਈਏ ਕਿ OPT ਇੱਕ ਅਜਿਹਾ ਪ੍ਰੋਗਰਾਮ ਹੈ ਜੋ F-1 ਵੀਜ਼ਾ 'ਤੇ ਪੜ੍ਹ ਰਹੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅਧਿਐਨ ਖੇਤਰ ਨਾਲ ਸਬੰਧਤ ਖੇਤਰ ਵਿੱਚ ਅਸਥਾਈ ਤੌਰ 'ਤੇ ਕੰਮ ਕਰਨ ਦੀ ਆਗਿਆ ਦਿੰਦਾ ਹੈ। ਇਹ ਵਿਗਿਆਨ, ਤਕਨਾਲੋਜੀ, ਇੰਜੀਨੀਅਰਿੰਗ ਤੇ ਗਣਿਤ (STEM) ਦੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਗ੍ਰੈਜੂਏਸ਼ਨ ਤੋਂ ਬਾਅਦ ਤਿੰਨ ਸਾਲਾਂ ਤੱਕ ਸੰਯੁਕਤ ਰਾਜ ਅਮਰੀਕਾ ਵਿੱਚ ਰਹਿਣ ਤੇ ਨੌਕਰੀਆਂ ਲੱਭਣ ਦੀ ਆਗਿਆ ਦਿੰਦਾ ਹੈ।
ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਇਹ ਬਿੱਲ ਪਾਸ ਹੋ ਜਾਂਦਾ ਹੈ ਤਾਂ ਵਿਦਿਆਰਥੀਆਂ ਨੂੰ F-1 ਵੀਜ਼ਾ 'ਤੇ ਕੰਮ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਇਸ ਤੋਂ ਇਲਾਵਾ ਉਹ F-1 ਵੀਜ਼ਾ ਨੂੰ ਵਰਕ ਵੀਜ਼ਾ ਵਿੱਚ ਨਹੀਂ ਬਦਲ ਸਕਣਗੇ। ਅਜਿਹੇ ਵਿਦਿਆਰਥੀਆਂ ਲਈ ਅਮਰੀਕਾ ਵਿੱਚ ਕੰਮ ਕਰਨ ਲਈ H-1B ਵਰਕ ਵੀਜ਼ਾ ਪ੍ਰਾਪਤ ਕਰਨਾ ਲਾਜ਼ਮੀ ਹੋਵੇਗਾ। ਇਹ ਸਥਿਤੀ ਉਨ੍ਹਾਂ ਵਿਦਿਆਰਥੀਆਂ ਲਈ ਚਿੰਤਾਜਨਕ ਹੈ ਜੋ H-1B ਵਰਕ ਵੀਜ਼ਾ ਲਈ ਅਰਜ਼ੀ ਦੇ ਰਹੇ ਹਨ। ਇੱਕ ਰਿਪੋਰਟ ਅਨੁਸਾਰ 2023-24 ਅਕਾਦਮਿਕ ਸਾਲ ਵਿੱਚ ਅਮਰੀਕਾ ਵਿੱਚ 3 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਸਨ, ਜਿਨ੍ਹਾਂ ਵਿੱਚੋਂ ਲਗਪਗ 33% OPT ਲਈ ਯੋਗ ਸਨ।
ਦੱਸ ਦਈਏ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਅਮਰੀਕਾ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਉਪਰ ਸ਼ਿਕੰਜਾ ਕੱਸਣ ਲੱਗੇ ਹਨ। ਮਾਮੂਲੀ ਕਸੂਰ ਲਈ ਵੀ ਵਿਦਿਆਰਥੀਆਂ ਦੇ ਵੀਜ਼ੇ ਰੱਦ ਹੋਣ ਲੱਗੇ ਹਨ। ਹਾਲ ਹੀ ਵਿੱਚ ਅਮਰੀਕੀ ਅਧਿਕਾਰੀਆਂ ਨੇ ਮਾਮੂਲੀ ਅਪਰਾਧਾਂ ਦੇ ਆਧਾਰ 'ਤੇ ਵਿਦਿਆਰਥੀਆਂ ਦੇ F-1 ਵੀਜ਼ੇ ਰੱਦ ਕਰਨੇ ਸ਼ੁਰੂ ਕਰ ਦਿੱਤੇ ਹਨ। ਇਨ੍ਹਾਂ ਵਿੱਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ, ਸ਼ਰਾਬ ਪੀ ਕੇ ਜਾਂ ਤੇਜ਼ ਰਫ਼ਤਾਰ ਗੱਡੀ ਚਲਾਉਣਾ ਤੇ ਦੁਕਾਨਾਂ ਤੋਂ ਚੋਰੀ ਵਰਗੇ ਅਪਰਾਧ ਸ਼ਾਮਲ ਹਨ।
ਮੀਡੀਆ ਰਿਪੋਰਟਾਂ ਮੁਤਾਬਕ ਹੈਦਰਾਬਾਦ ਦੇ ਕਈ ਵਿਦਿਆਰਥੀਆਂ ਨੂੰ ਈਮੇਲ ਰਾਹੀਂ ਸੂਚਿਤ ਕੀਤਾ ਗਿਆ ਕਿ ਉਨ੍ਹਾਂ ਦੇ ਰਿਕਾਰਡ ਮਿਟਾ ਦਿੱਤੇ ਗਏ ਹਨ ਤੇ ਉਹ ਹੁਣ ਕਾਨੂੰਨੀ ਤੌਰ 'ਤੇ ਅਮਰੀਕਾ ਵਿੱਚ ਨਹੀਂ ਰਹਿ ਸਕਦੇ। ਵਿਦਿਆਰਥੀਆਂ ਨੂੰ ਤੁਰੰਤ ਦੇਸ਼ ਛੱਡਣ ਦੇ ਨਿਰਦੇਸ਼ ਦਿੱਤੇ ਗਏ ਹਨ। ਕਈ ਵਿਦਿਆਰਥੀਆਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀਆਂ ਪੁਰਾਣੀਆਂ ਗਲਤੀਆਂ ਨੂੰ ਆਧਾਰ ਵਜੋਂ ਵਰਤਿਆ ਜਾ ਰਿਹਾ ਹੈ।
ਇੱਕ ਵਿਦਿਆਰਥੀ ਨੇ ਕਿਹਾ ਕਿ ਉਸ ਨੇ 2 ਸਾਲ ਪਹਿਲਾਂ ਤੇਜ਼ ਰਫ਼ਤਾਰ ਕਾਨੂੰਨ ਦੀ ਉਲੰਘਣਾ ਕੀਤੀ ਸੀ ਤੇ ਜੁਰਮਾਨਾ ਭਰ ਦਿੱਤਾ ਸੀ। ਇੱਕ ਹੋਰ ਨੇ ਸ਼ਰਾਬ ਦੇ ਨਸ਼ੇ ਵਿੱਚ ਗੱਡੀ ਚਲਾਉਣ ਤੋਂ ਬਾਅਦ ਸਾਰੀਆਂ ਸ਼ਰਤਾਂ ਪੂਰੀਆਂ ਕੀਤੀਆਂ ਸਨ। ਇਸ ਦੇ ਨਾਲ ਹੀ ਅਮਰੀਕੀ ਇਮੀਗ੍ਰੇਸ਼ਨ ਕਾਨੂੰਨਾਂ ਨਾਲ ਜੁੜੇ ਵਕੀਲਾਂ ਦਾ ਕਹਿਣਾ ਹੈ ਕਿ ਪਹਿਲਾਂ ਅਜਿਹੇ ਛੋਟੇ ਅਪਰਾਧਾਂ ਲਈ ਵੀਜ਼ੇ ਰੱਦ ਨਹੀਂ ਕੀਤੇ ਜਾਂਦੇ ਸਨ। ਵਿਦਿਆਰਥੀਆਂ ਨੂੰ ਵੀਜ਼ਾ ਰੱਦ ਹੋਣ ਤੋਂ ਰੋਕਣ ਲਈ ਤੁਰੰਤ ਕਾਨੂੰਨੀ ਸਲਾਹ ਲੈਣ ਦੀ ਸਲਾਹ ਦਿੱਤੀ ਜਾਂਦੀ ਹੈ।