ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੁੱਧਵਾਰ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਕਿ ਵੱਖ-ਵੱਖ ਅਦਾਲਤਾਂ ਵਿੱਚ ਪੈਂਡਿੰਗ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਸਾਰੇ ਮੁਕੱਦਮੇ ਇਕੱਠੇ ਕਰ ਲਏ ਜਾਣ ਤੇ ਫਾਸਟ ਟਰੈਕ ਕੋਰਟ ਦੀ ਮਦਦ ਨਾਲ ਪ੍ਰਤੀ ਦਿਨ ਮੁਕੱਦਮਿਆਂ ’ਤੇ ਸੁਣਵਾਈ ਕੀਤੀ ਜਾਏ ਤਾਂ ਜੋ ਪੀੜਤਾਂ ਨੂੰ ਜਲਦੀ ਤੋਂ ਜਲਦੀ ਇਨਸਾਫ ਮਿਲ ਸਕੇ।
ਉਨ੍ਹਾਂ ਨੇ ਇਸ ਮਾਮਲੇ ਸਬੰਧੀ ਜਾਂਚ ਕਰ ਰਹੀ ਐਸਆਈਟੀ ਨੂੰ ਵੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਸੋਨੀਆ ਗਾਂਧੀ ਨੂੰ ਸੰਮਨ ਕਰਨ ਦੀ ਮੰਗ ਕੀਤੀ ਤਾਂ ਜੋ ਕਤਲੇਆਮ ਵਿੱਚ ਕਾਂਗਰਸ ਦੀ ਕਥਿਤ ਸ਼ਮੂਲੀਅਤ ਦਾ ਪਤਾ ਲਾਉਣ ਲਈ ਉਨ੍ਹਾਂ ਦਾ ਝੂਠ ਫੜ੍ਹਨ ਵਾਲਾ ਟੈਸਟ ਕੀਤਾ ਜਾ ਸਕੇ।
ਸੁਖਬੀਰ ਬਾਦਲ ਨੇ ਇਲਜ਼ਾਮ ਲਾਇਆ ਕਿ ਕਤਲੇਆਮ ਸਮੇਂ ਤਤਕਾਲੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਨਿਗਰਾਨੀ ਹੇਠ ਉਨ੍ਹਾਂ ਦੇ ਆਪਣੇ ਘਰ ਹੀ ਇਹ ਸਾਜ਼ਿਸ਼ ਘੜੀ ਗਈ ਸੀ। ਉਨ੍ਹਾਂ ਇਲਜ਼ਾਮ ਲਾਇਆ ਕਿ ਗਾਂਧੀ ਪਰਿਵਾਰ ਦੰਗਿਆਂ ਦੇ ਦੋਸ਼ੀ ਜਗਦੀਸ਼ ਟਾਈਟਲਰ ਤੇ ਸੱਜਣ ਕੁਮਾਰ ਸਮੇਤ ਕਾਂਗਰਸੀ ਨੇਤਾਵਾਂ ਨੂੰ ਪਨਾਹ ਦੇ ਰਹੇ ਹਨ ਤੇ ਉਨ੍ਹਾਂ ਦਾ ਬਚਾਅ ਕਰ ਰਿਹਾ ਹੈ।
ਸੁਖਬੀਰ ਨੇ ਅਕਾਲੀ ਦਲ ਦੀ ਮੰਗ ’ਤੇ ਇਸ ਕੇਸ ਦੀ ਜਾਂਚ ਲਈ SIT ਗਠਿਤ ਕਰਨ ਲਈ ਨਰਿੰਦਰ ਮੋਦੀ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਇਸੇ ਐਸਆਈਟੀ ਦੀ ਤਾਜ਼ਾ ਜਾਂਚ ਦੀ ਵਜ੍ਹਾ ਕਾਰਨ ਹੀ ਦੰਗਿਆਂ ਨਾਲ ਸਬੰਧਤ ਕੇਸਾਂ ਵਿੱਚ ਪਹਿਲੀ ਸਜ਼ਾ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਕੱਲ੍ਹ ਅਦਾਲਤ ਵੱਲੋਂ ਸਿੱਖ ਕਤਲੇਆਮ ਦੇ ਦੋ ਦੋਸ਼ੀਆਂ ਵਿੱਚੋਂ ਇੱਕ ਨੂੰ ਫਾਂਸੀ ਤੇ ਇੱਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ।