Himachal CM : ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਵਿਧਾਇਕ ਦਲ ਦੇ ਨੇਤਾ ਸੁਖਵਿੰਦਰ ਸਿੰਘ ਸੁੱਖੂ ਸੂਬੇ ਦੇ ਅਗਲੇ ਮੁੱਖ ਮੰਤਰੀ ਅਤੇ ਪਾਰਟੀ ਨੇਤਾ ਮੁਕੇਸ਼ ਅਗਨੀਹੋਤਰੀ ਉਪ ਮੁੱਖ ਮੰਤਰੀ ਵਜੋਂ ਅੱਜ ਬਾਅਦ ਦੁਪਹਿਰ 1.30 ਵਜੇ ਸ਼ਿਮਲਾ ਦੇ ਇਤਿਹਾਸਕ ਰਿੱਜ ਵਿਖੇ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ 'ਚ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਸਮੇਤ ਸੀਨੀਅਰ ਨੇਤਾ ਸ਼ਾਮਲ ਹੋਣਗੇ। ਇਸ ਦੌਰਾਨ ਕੁਝ ਕੈਬਨਿਟ ਮੰਤਰੀ ਵੀ ਸਹੁੰ ਚੁੱਕਣਗੇ। ਸੂਬੇ ਵਿੱਚ ਮੁੱਖ ਮੰਤਰੀ ਸਮੇਤ ਵੱਧ ਤੋਂ ਵੱਧ ਕੈਬਨਿਟ ਮੰਤਰੀਆਂ ਦੀ ਗਿਣਤੀ 12 ਹੋ ਸਕਦੀ ਹੈ। ਮੰਤਰੀ ਮੰਡਲ ਦਾ ਵਿਸਥਾਰ ਬਾਅਦ ਵਿੱਚ ਕੀਤਾ ਜਾਵੇਗਾ।

 

ਚਾਰ ਵਾਰ ਵਿਧਾਇਕ ਰਹੇ ਅਤੇ ਸਾਬਕਾ ਸੂਬਾ ਕਾਂਗਰਸ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੂ ਨੂੰ ਹਿਮਾਚਲ ਪ੍ਰਦੇਸ਼ ਦਾ 15ਵਾਂ ਮੁੱਖ ਮੰਤਰੀ ਐਲਾਨਿਆ ਗਿਆ ਹੈ। ਇਸ ਤੋਂ ਇਲਾਵਾ ਮੌਜੂਦਾ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਹੇ ਮੁਕੇਸ਼ ਅਗਨੀਹੋਤਰੀ ਉਪ ਮੁੱਖ ਮੰਤਰੀ ਹੋਣਗੇ। ਇਸ ਦੇ ਨਾਲ ਹੀ ਪ੍ਰਤਿਭਾ ਸਿੰਘ ਮੁੱਖ ਮੰਤਰੀ ਦੇ ਅਹੁਦੇ ਦੀ ਦੌੜ ਤੋਂ ਬਾਹਰ ਹੋ ਗਈ। ਸਹੁੰ ਚੁੱਕ ਸਮਾਗਮ ਐਤਵਾਰ ਨੂੰ ਦੁਪਹਿਰ 1:30 ਵਜੇ ਸ਼ਿਮਲਾ ਦੇ ਰਿਜ ਮੈਦਾਨ 'ਚ ਹੋਵੇਗਾ।




 

ਹਾਈਕਮਾਂਡ ਵੱਲੋਂ ਸੁੱਖੂ ਦੇ ਨਾਂ ਨੂੰ ਮਨਜ਼ੂਰੀ ਦਿੱਤੇ ਜਾਣ ਤੋਂ ਬਾਅਦ ਸ਼ਨੀਵਾਰ ਸ਼ਾਮ ਸ਼ਿਮਲਾ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਹੋਈ ਸੀ । ਇਸ ਵਿੱਚ ਸੁੱਖੂ ਨੂੰ ਸਰਬਸੰਮਤੀ ਨਾਲ ਵਿਧਾਇਕ ਦਲ ਦਾ ਆਗੂ ਚੁਣ ਲਿਆ ਗਿਆ। ਸਹੁੰ ਚੁੱਕ ਸਮਾਗਮ ਵਿੱਚ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ, ਪਾਰਟੀ ਦੀ ਕੌਮੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਤੋਂ ਇਲਾਵਾ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਹੁੱਡਾ ਸਮੇਤ ਪਾਰਟੀ ਦੇ ਕਈ ਆਗੂ ਮੌਜੂਦ ਰਹਿਣਗੇ।

ਇਸ ਮੌਕੇ ਸੁਖਵਿੰਦਰ ਸੁੱਖੂ ਨੇ ਕਿਹਾ ਕਿ ਹੁਣ ਉਨ੍ਹਾਂ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਲਾਗੂ ਕਰਨਾ ਮੇਰੀ ਜ਼ਿੰਮੇਵਾਰੀ ਹੋਵੇਗੀ। ਸੁੱਖੂ ਨੇ ਕਿਹਾ ਕਿ ਸੱਤਾ ਸਿਰਫ ਸੱਤਾ ਲਈ ਨਹੀਂ ਹੋਣੀ ਚਾਹੀਦੀ, ਸਗੋਂ ਸਿਸਟਮ ਨੂੰ ਬਦਲਣ ਲਈ ਹੋਣਾ ਚਾਹੀਦਾ ਹੈ। ਉਹ ਹਿਮਾਚਲ ਦੇ ਭੋਲੇ-ਭਾਲੇ ਲੋਕਾਂ ਨੂੰ ਸਾਫ਼-ਸੁਥਰਾ ਤੇ ਇਮਾਨਦਾਰ ਪ੍ਰਸ਼ਾਸਨ ਦੇਣਗੇ। ਜੋ ਵੀ ਫੈਸਲਾ ਲਿਆ ਜਾਵੇਗਾ, ਉਹ ਆਮ ਅਤੇ ਗਰੀਬ ਲੋਕਾਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਹੀ ਲਿਆ ਜਾਵੇਗਾ।