ਨਵੀਂ ਦਿੱਲੀ: ਕੇਂਦਰ ਸਰਕਾਰ ਨੋਟਬੰਦੀ ਦੇ ਫੈਸਲੇ ਖਿਲਾਫ ਕਿਸੇ ਵੀ ਤਰ੍ਹਾਂ ਦਾ ਕਾਰਵਾਈ 'ਤੇ ਰੋਕ ਲਾਉਣ ਲਵਾਉਣ ਲਈ ਸੁਪਰੀਮ ਕੋਰਟ ਪਹੁੰਚ ਗਈ ਹੈ। ਕੇਂਦਰ ਨੇ ਸੁਪਰੀਮ ਕੋਰਟ ਨੂੰ ਛੱਡ ਕੇ ਹੋਰ ਅਦਾਲਤਾਂ ਵਿੱਚ ਦਾਇਰ ਮਾਮਲਿਆਂ ਦੀ ਸੁਣਵਾਈ 'ਤੇ ਰੋਕ ਲਾਉਣ ਦੀ ਮੰਗ ਕੀਤੀ ਹੈ। ਸੁਪਰੀਮ ਕੋਰਟ ਕੇਂਦਰ ਸਰਕਾਰ ਦੀ ਪਟੀਸ਼ਨ 'ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰਨ ਲਈ ਰਾਜ਼ੀ ਹੋ ਗਈ ਹੈ।

ਜਸਟਿਸ ਏ.ਆਰ. ਦਵੇ ਤੇ ਜਸਟਿਸ ਏ.ਐਮ. ਖਾਨਵਿਲਕਰ ਦੀ ਬੈਂਚ ਨੇ ਕੇਂਦਰ ਵੱਲੋਂ ਪੇਸ਼ ਆਟਰਨੀ ਜਨਰਲ ਮੁਕੁਲ ਰੋਹਤਗੀ ਦੀ ਦਲੀਲ 'ਤੇ ਸਹਿਮਤੀ ਪ੍ਰਗਟਾ ਦਿੱਤੀ ਕਿ ਸਰਵਉੱਚ ਅਦਾਲਤ ਨੂੰ ਛੱਡ ਕੇ ਵੱਖ-ਵੱਖ ਅਦਾਲਤਾਂ ਵਿੱਚ ਕਾਰਵਾਈ ਨਾਲ ਬਹੁਤ ਭੁਲੇਖਾ ਪੈਦਾ ਹੋ ਜਾਏਗਾ।

ਸੁਪਰੀਮ ਕੋਰਟ ਨੇ 15 ਨਵੰਬਰ ਨੂੰ ਨੋਟਬੰਦੀ ਬਾਰੇ ਸਰਕਾਰ ਦਾ ਨੋਟੀਫਿਕੇਸ਼ਨ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਪਰ ਸਰਕਾਰ ਤੋਂ ਪੁੱਛਿਆ ਸੀ ਕਿ ਲੋਕਾਂ ਦੀ ਸਮੱਸਿਆ ਹੱਲ ਕਰਨ ਲਈ ਕੀ ਕਦਮ ਚੁੱਕੇ ਗਏ ਹਨ।