ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਜਿਣਸੀ ਸੋਸ਼ਣ ਦੇ ਇਲਜ਼ਾਮਾਂ ਵਿੱਚ ਘਿਰੇ ਚੀਫ਼ ਜਸਟਿਸ ਰੰਜਨ ਗੋਗੋਈ ਨੂੰ ਫਸਾਏ ਜਾਣ ਦੀ ਸਾਜ਼ਿਸ਼ ਦੇ ਦਾਅਵੇ ਸਬੰਧੀ CBI, IB ਤੇ ਦਿੱਲੀ ਪੁਲਿਸ ਦੇ ਮੁਖੀਆਂ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਸੁਣਵਾਈ ਕਰ ਰਹੇ ਚੀਫ਼ ਜਸਟਿਸ ਨੂੰ ਉਨ੍ਹਾਂ ਦੇ ਚੈਂਬਰ ਵਿੱਚ ਜਾ ਕੇ ਮਿਲਣ ਦਾ ਵੀ ਹੁਕਮ ਦਿੱਤਾ ਹੈ। ਦੱਸ ਦੇਈਏ ਇੱਕ ਵਕੀਲ ਨੇ ਦਾਅਵਾ ਕੀਤਾ ਹੈ ਕਿ ਚੀਫ਼ ਜਸਟਿਸ ਰੰਜਨ ਗੋਗੋਈ ਨੂੰ ਕਿਸੇ ਵੱਡੀ ਸਾਜ਼ਿਸ਼ ਤਹਿਤ ਫਸਾਇਆ ਜਾ ਰਿਹਾ ਹੈ।


ਜਸਟਿਸ ਅਰੁਣ ਮਿਸ਼ਰਾ, ਜਸਟਿਸ ਆਰਐਫ ਨਰਿਮਨ ਤੇ ਜਸਟਿਸ ਦੀਪਕ ਗੁਪਤਾ ਦੀ ਵਿਸ਼ੇਸ਼ ਬੈਂਚ ਨੇ ਕਿਹਾ ਕਿ ਸੀਬੀਆਈ ਤੇ ਗੁਪਤਚਰ ਬਿਊਰੋ ਦੇ ਨਿਰਦੇਸ਼ਕਾਂ ਤੇ ਦਿੱਲੀ ਪੁਲਿਸ ਕਮਿਸ਼ਨਰ ਨਾਲ ਗੁਪਤ ਮੀਟਿੰਗ ਕੀਤੀ ਜਾਏਗੀ। ਇਹ ਕੋਈ ਜਾਂਚ ਨਹੀਂ ਹੈ। ਇਨ੍ਹਾਂ ਅਧਿਕਾਰੀਆਂ ਨਾਲ ਸਿਰਫ ਗੁਪਤ ਮੀਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਕੋਈ ਵੀ ਗੱਲ ਜਨਤਕ ਨਹੀਂ ਕਰਨਾ ਚਾਹੁੰਦੇ।

ਐਡਵੋਕੇਟ ਉਤਸਵ ਸਿੰਘ ਬੈਂਸ ਨੇ ਆਪਣੇ ਦਾਅਵੇ ਦੇ ਸਮਰਥਨ ਵਿੱਚ ਅਦਾਲਤ ਨੂੰ ਸੀਲਬੰਦ ਲਿਫਾਫੇ ਵਿੱਚ ਇਕ ਰਿਪੋਰਟ ਸੌਂਪੀ ਹੈ। ਬੈਂਸ ਨੇ ਦਾਅਵਾ ਕੀਤਾ ਹੈ ਕਿ ਚੀਫ਼ ਜਸਟਿਸ ਨੂੰ ਜਿਣਸੀ ਸੋਸ਼ਣ ਦੇ ਮਾਮਲੇ ਵਿੱਚ ਫਸਾਉਣ ਦੀ ਸਾਜ਼ਿਸ਼ ਕੀਤੀ ਗਈ ਹੈ।

ਦੱਸ ਦੇਈਏ ਚੀਫ਼ ਜਸਟਿਸ ਰੰਜਨ ਗੋਗੋਈ 'ਤੇ ਸਾਬਕਾ ਮਹਿਲਾ ਕਰਮਚਾਰੀ ਨੇ ਜਿਣਸੀ ਸੋਸ਼ਣ ਦੇ ਇਲਜ਼ਾਮ ਲਾਏ ਹਨ। ਮੰਗਲਵਾਰ ਨੂੰ ਇਲਜ਼ਾਮਾਂ ਦੀ ਜਾਂਚ ਲਈ 3 ਜੱਜਾਂ ਦੀ ਇਕ ਕਮੇਟੀ ਦਾ ਗਠਨ ਕੀਤਾ ਗਿਆ ਸੀ। ਕਮੇਟੀ ਵਿੱਚ ਜਸਟਿਸ ਐਸ ਏ ਬੋਬੜੇ, ਐਨ ਵੀ ਰਮਨਾ ਤੇ ਇੰਦਰਾ ਬੈਨਰਜੀ ਸ਼ਾਮਲ ਹਨ।