ਨਵੀਂ ਦਿੱਲੀ: ਖੇਤੀ ਕਾਨੂੰਨਾਂ ਬਾਰੇ ਕੋਈ ਹੱਲ ਲੱਭਣ ਲਈ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਦੇ ਮੈਂਬਰ ਅਨਿਲ ਘਨਵਤ ਨੇ ਦਾਅਵਾ ਕੀਤਾ ਹੈ ਕਿ ਮੁਜ਼ਾਹਰਾਕਾਰੀ ਕਿਸਾਨਾਂ ਨੂੰ ਇਨਸਾਫ਼ ਮਿਲੇਗਾ। ਮਹਾਰਾਸ਼ਟਰ ਦੇ ਪ੍ਰਮੁੱਖ ਕਿਸਾਨ ਸੰਗਠਨ ਸ਼ੇਤਕਾਰੀ ਸੰਗਠਨ ਦੇ ਮੁੱਖੀ ਅਨਿਲ ਘਨਵਤ ਨੇ ਏਐਨਆਈ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਅੰਦੋਲਨ ਕਿਤੇ ਜਾ ਕੇ ਰੁਕਣਾ ਚਾਹੀਦਾ ਹੈ ਤੇ ਕਿਸਾਨਾਂ ਦੇ ਪੱਖ ਵਿੱਚ ਇੱਕ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ।
ਦੱਸ ਦਈਏ ਕਿ ਕਿਸਾਨਾਂ ਨੇ ਇਸ ਕਮੇਟੀ ਨੂੰ 'ਸਰਕਾਰੀ' ਕਰਾਰ ਦਿੰਦਿਆਂ ਇਸ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਨੇ ਜਿਹੜੀ ਚਾਰ ਮੈਂਬਰੀ ਕਮੇਟੀ ਐਲਾਨੀ ਹੈ, ਉਸ ਦੇ ਸਾਰੇ ਮੈਂਬਰ ਹੀ ਤਿੰਨਾਂ ਖੇਤੀ ਕਾਨੂੰਨਾਂ ਦੇ ਪੈਰੋਕਾਰ ਰਹੇ ਹਨ। ਉਹ ਬੀਤੇ ਮਹੀਨਿਆਂ ਦੌਰਾਨ ਸ਼ਰ੍ਹੇਆਮ ਇਨ੍ਹਾਂ ਕਾਨੂੰਨਾਂ ਦੇ ਪੱਖ ਵਿੱਚ ਮਾਹੌਲ ਬਣਾਉਣ ਦੀਆਂ ਨਾਕਾਮ ਕੋਸ਼ਿਸ਼ਾਂ ਕਰਦੇ ਆਏ ਹਨ। ਇਹ ਅਫਸੋਸਨਾਕ ਹੈ ਕਿ ਦੇਸ਼ ਦੀ ਸਿਖਰਲੀ ਅਦਾਲਤ ਨੇ ਆਪਣੀ ਸਹਾਇਤਾ ਲਈ ਬਣਾਈ ਇਸ ਕਮੇਟੀ ਵਿੱਚ ਕੋਈ ਵੀ ਨਿਰਪੱਖ ਵਿਅਕਤੀ ਨਹੀਂ ਰੱਖਿਆ।
ਇਸ ਬਾਰੇ ਆਪਣਾ ਪੱਖ ਰੱਖਦਿਆਂ ਕਮੇਟੀ ਮੈਂਬਰ ਅਨਿਲ ਘਨਵਤ ਨੇ ਕਿਹਾ ਹੈ ਕਿ ਪਹਿਲਾਂ ਕਿਸਾਨਾਂ ਨੂੰ ਸੁਣਨਾ ਹੋਵੇਗਾ, ਜੇ ਉਨ੍ਹਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਤੇ ਖੇਤੀ ਉਪਜ ਬਾਜ਼ਾਰ ਬਾਰੇ ਕੋਈ ਗ਼ਲਤਫ਼ਹਿਮੀ ਹੈ ਤਾਂ ਅਸੀਂ ਉਸ ਨੂੰ ਦੂਰ ਕਰਾਂਗੇ। ਉਨ੍ਹਾਂ ਨੂੰ ਭਰੋਸਾ ਦਿੱਤਾ ਜਾਣਾ ਜ਼ਰੂਰੀ ਹੈ ਕਿ ਜੋ ਵੀ ਹੋ ਰਿਹਾ ਹੈ, ਉਹ ਉਨ੍ਹਾਂ ਦੇ ਹਿੱਤ ਵਿੱਚ ਹੀ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕਈ ਕਿਸਾਨ ਲੀਡਰ ਤੇ ਸੰਗਠਨ ਐਮਐਸਪੀ ਦੀ ਇਜਾਰੇਦਾਰੀ ਤੋਂ ਆਜ਼ਾਦੀ ਚਾਹੁੰਦੇ ਹਨ। ਇਸ ਨੂੰ ਰੋਕਣ ਦੀ ਲੋੜ ਹੈ ਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਦੀ ਆਜ਼ਾਦੀ ਦਿੱਤੀ ਜਾਣੀ ਚਾਹਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 40 ਸਾਲਾਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ। ਜਿਹੜੇ ਕਿਸਾਨਾਂ ਨੂੰ ਐਮਐਸਪੀ ਚਾਹੀਦੀ ਹੈ, ਉਨ੍ਹਾਂ ਨੂੰ ਉਹ ਮਿਲੇ ਤੇ ਜਿਨ੍ਹਾਂ ਨੂੰ ਇਸ ਤੋਂ ਮੁਕਤੀ ਚਾਹੀਦੀ ਹੈ, ਉਨ੍ਹਾਂ ਕੋਲ ਵੀ ਵਿਕਲਪ ਹੋਣਾ ਚਾਹੀਦਾ ਹੈ।
ਕਮੇਟੀ ਉੱਪਰ ਉੱਠੇ ਸਵਾਲਾਂ ਬਾਰੇ ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਗ਼ਲਤਫ਼ਹਿਮੀ ਹੈ। ਅਸ਼ੋਕ ਗੁਲਾਟੀ ਕੋਈ ਸਿਆਸੀ ਆਗੂ ਨਹੀਂ ਹੈ ਤੇ ਨਾ ਹੀ ਕਿਸੇ ਸਮੂਹ ਦਾ ਹਿੱਸਾ ਹੈ। ਉਹ ਖੇਤੀ ਅਰਥਸ਼ਾਸਤਰੀ ਹਨ ਤੇ ਮੈਂ ਵੀ ਇਸ ਬਾਰੇ ਨਿਰਪੱਖ ਹਾਂ, ਮੈਂ ਕਦੇ ਕਿਸੇ ਸਿਆਸੀ ਪਾਰਟੀ ਨਾਲ ਕੰਮ ਨਹੀਂ ਕੀਤਾ, ਸਗੋਂ ਹਮੇਸ਼ਾ ਕਿਸਾਨਾਂ ਦੇ ਲਈ ਕੰਮ ਕੀਤਾ ਹੈ।
ਦੱਸ ਦਈਏ ਕਿ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਲੀਡਰ ਰਹੇ ਭੁਪਿੰਦਰ ਸਿੰਘ ਮਾਨ, ਮਹਾਰਾਸ਼ਟਰ ਤੋਂ ਸ਼ੇਤਕਾਰੀ ਸੰਗਠਨ ਦੇ ਅਨਿਲ ਘਨਵਤ, ਪਦਮਸ਼੍ਰੀ ਨਾਲ ਸਨਮਾਨਿਤ ਖੇਤੀ ਅਰਥਸ਼ਾਸਤਰੀ ਅਸ਼ੋਕ ਗੁਲਾਟੀ ਤੇ ਹੈਦਰਾਬਾਦ ਦੇ ਨੈਸ਼ਨਲ ਅਕੈਡਮੀ ਆਫ ਐਗਰੀਕਲਚਰਲ ਰਿਸਰਚ ਮੈਨੇਜਮੈਂਟ ਤੇ ਨੈਸ਼ਨਲ ਸੈਂਟਰ ਫਾਰ ਐਗਰੀਕਲਚਰਲ ਇਕੋਨਾਮਿਕਸ ਐਂਡ ਪਾਲਸੀ ਰਿਸਰਚ ਨਵੀਂ ਦਿੱਲੀ ਦੇ ਪ੍ਰਧਾਨ ਰਹਿ ਡਾਕਟਰ ਪ੍ਰਮੋਦ ਕੁਮਾਰ ਜੋਸ਼ੀ ਮੈਂਬਰ ਹਨ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ