ਨਵੀਂ ਦਿੱਲੀ : ਸੁਪਰੀਮ ਕੋਰਟ (Supreme Court) ਨੇ ਇੱਕ ਫੈਸਲੇ ਵਿੱਚ ਕਿਹਾ ਹੈ ਕਿ ਕੋਈ ਵੀ ਧੀ ਜੋ ਆਪਣੇ ਪਿਤਾ ਨਾਲ ਕਿਸੇ ਤਰ੍ਹਾਂ ਦਾ ਰਿਸ਼ਤਾ ਨਹੀਂ ਰੱਖਣਾ ਚਾਹੁੰਦੀ ਹੈ ਤਾਂ ਉਹ ਉਸ ਤੋਂ ਪੜ੍ਹਾਈ ਜਾਂ ਵਿਆਹ ਲਈ ਕਿਸੇ ਵੀ ਰਕਮ ਦੀ ਹੱਕਦਾਰ ਨਹੀਂ ਹੈ। ਅਜਿਹੀ ਧੀ ਦਾ ਆਪਣੇ ਪਿਤਾ ਦੀ ਜਾਇਦਾਦ 'ਤੇ ਕੋਈ ਹੱਕ ਨਹੀਂ ਹੈ।
ਜਸਟਿਸ ਐਮਐਮ ਸੁੰਦਰੇਸ਼ ਅਤੇ ਜਸਟਿਸ ਸੰਜੇ ਕਿਸ਼ਨ ਕੌਲ ਦੀ ਬੈਂਚ ਨੇ ਤਲਾਕ ਮਾਮਲੇ ਦੀ ਸੁਣਵਾਈ ਕਰਦਿਆਂ ਕਿਹਾ ਕਿ ਜੇਕਰ ਬੇਟੀ ਦੀ ਉਮਰ 20 ਸਾਲ ਦੇ ਕਰੀਬ ਹੈ ਅਤੇ ਉਹ ਆਪਣੇ ਪਿਤਾ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ ਤਾਂ ਉਸ ਨੂੰ ਮੰਗ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਇਸ ਮਾਮਲੇ 'ਚ ਪਟੀਸ਼ਨਕਰਤਾ ਨੇ ਆਪਣੀ ਪਤਨੀ ਤੋਂ ਵੱਖ ਹੋਣ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ।
ਸੁਪਰੀਮ ਕੋਰਟ ਨੇ ਤਲਾਕ ਦੀ ਅਰਜ਼ੀ ਸਵੀਕਾਰ ਕਰ ਲਈ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਦਲੀਲਾਂ ਤੋਂ ਪਤਾ ਲੱਗਦਾ ਹੈ ਕਿ ਪਤਨੀ ਆਪਣੇ ਭਰਾ ਨਾਲ ਰਹਿੰਦੀ ਹੈ। ਉਸ ਦਾ ਅਤੇ ਬੇਟੀ ਦੀ ਪੜ੍ਹਾਈ ਦਾ ਖਰਚਾ ਪਤੀ ਹੀ ਚੁੱਕ ਰਿਹਾ ਹੈ। ਪਤੀ ਵੱਲੋਂ ਪਤਨੀ ਨੂੰ ਅੰਤਰਿਮ ਗੁਜ਼ਾਰੇ ਵਜੋਂ ਅੱਠ ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤੇ ਜਾ ਰਹੇ ਹਨ।
ਅਦਾਲਤ ਨੇ ਕਿਹਾ ਕਿ ਪਤੀ ਪਤਨੀ ਨੂੰ ਸਾਰੇ ਦਾਅਵਿਆਂ ਦੇ ਰੂਪ ਵਿੱਚ 10 ਲੱਖ ਰੁਪਏ ਦੀ ਇੱਕਮੁਸ਼ਤ ਰਕਮ ਵੀ ਦੇ ਸਕਦਾ ਹੈ। ਸੁਪਰੀਮ ਕੋਰਟ ਨੇ ਆਪਣੇ ਫੈਸਲੇ 'ਚ ਇਹ ਵੀ ਕਿਹਾ ਕਿ ਜੇਕਰ ਮਾਂ ਆਪਣੀ ਬੇਟੀ ਦੀ ਮਦਦ ਕਰਦੀ ਹੈ ਤਾਂ ਉਕਤ ਰਕਮ ਉਸ ਕੋਲ ਹੀ ਰਹੇਗੀ। ਪਤੀ ਨੇ ਜ਼ਿਲ੍ਹਾ ਅਦਾਲਤ ਵਿੱਚ ਤਲਾਕ ਲਈ ਅਰਜ਼ੀ ਦਾਇਰ ਕੀਤੀ ਸੀ ਜਿਸ ਨੂੰ ਮਨਜ਼ੂਰ ਕਰ ਲਿਆ ਗਿਆ ਸੀ।
ਜ਼ਿਲ੍ਹਾ ਅਦਾਲਤ ਦੇ ਫ਼ੈਸਲੇ ਨੂੰ ਪਤਨੀ ਵੱਲੋਂ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ। ਬਾਅਦ ਵਿੱਚ ਹਾਈ ਕੋਰਟ ਨੇ ਜ਼ਿਲ੍ਹਾ ਅਦਾਲਤ ਦੇ ਫੈਸਲੇ ਨੂੰ ਪਲਟ ਦਿੱਤਾ। ਇਸ ਤੋਂ ਬਾਅਦ ਪਤੀ ਨੇ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ।