ਇਹ ਵੀ ਪੜ੍ਹੋ- ਖਾਲਸੇ ਨੇ ਜਿੱਤਿਆ ਕਸ਼ਮੀਰੀਆਂ ਦਾ ਦਿਲ, ਸੋਸ਼ਲ ਮੀਡੀਆ 'ਤੇ ਸਿੱਖਾਂ ਦੇ ਸੋਹਲੇ
ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼, ਉੱਤਰਾਖੰਡ, ਬਿਹਾਰ, ਪੰਜਾਬ, ਹਰਿਆਣਾ, ਮੇਘਾਲਿਆ, ਪੱਛਮੀ ਬੰਗਾਲ, ਛੱਤੀਸਗੜ੍ਹ, ਮਹਾਰਾਸ਼ਟਰ, ਦਿੱਲੀ ਤੇ ਜੰਮੂ-ਕਸ਼ਮੀਰ ਸੂਬਿਆਂ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਕਿਹਾ ਹੈ ਕਿ ਸਾਰੇ ਸੂਬੇ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕਣ। ਇਸ ਦੇ ਨਾਲ ਹੀ ਅਦਾਲਤ ਨੇ ਭੀੜ ਦੀ ਹਿੰਸਾ ਦੇ ਮਾਮਲਿਆਂ ਨੂੰ ਕਾਬੂ ਕਰਨ ਲਈ ਬਣਾਏ ਗਏ ਨੋਡਲ ਅਫ਼ਸਰ ਵੀ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ।
ਅਦਾਲਤ ਨੇ ਕਿਹਾ ਹੈ ਕਿ ਜੇਕਰ ਕਿਧਰੇ ਕਸ਼ਮੀਰੀ ਵਿਦਿਆਰਥੀਆਂ ਨਾਲ ਗ਼ਲਤ ਸਲੂਕ ਹੋ ਰਿਹਾ ਹੈ ਜਾਂ ਮਾਰ-ਕੁੱਟ ਵਰਗੀਆਂ ਘਟਨਾਵਾਂ ਹੋ ਰਹੀਆਂ ਹਨ ਤਾਂ ਉੱਥੇ ਜਲਦ ਪੁਲਿਸ ਦੀ ਮੌਜੂਦਗੀ ਯਕੀਨੀ ਬਣਾਈ ਜਾਵੇ।
ਜ਼ਿਕਰਯੋਗ ਹੈ ਕਿ ਬੀਤੀ 14 ਫਰਵਰੀ ਨੂੰ ਪੁਲਵਾਮਾ ਵਿੱਚ ਵਾਪਰੇ ਫਿਦਾਈਨ ਹਮਲੇ ਵਿੱਚ ਸੀਆਰਪੀਐਫ ਦੇ 40 ਜਵਾਨਾਂ ਦੀ ਜਾਨ ਜਾਣ ਮਗਰੋਂ ਕਸ਼ਮੀਰੀ ਵਿਦਿਆਰਥੀਆਂ ਨੂੰ ਨਿਸ਼ਾਨਾ ਬਣਾਏ ਜਾਣ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ। ਇਹ ਵਿਦਿਆਰਥੀ ਵੱਖ-ਵੱਖ ਸੂਬਿਆਂ ਤੋਂ ਆ ਕੇ ਪੰਜਾਬ ਦੇ ਮੁਹਾਲੀ ਦੇ ਗੁਰਦੁਆਰਿਆਂ ਵਿੱਚ ਜਮ੍ਹਾਂ ਹੋ ਰਹੇ ਹਨ, ਜਿੱਥੋਂ ਸਿੱਖ ਜਥੇਬੰਦੀਆਂ ਉਨ੍ਹਾਂ ਦੇ ਜੰਮੂ ਜਾਂ ਕਸ਼ਮੀਰ ਵਿੱਚ ਭੇਜਣ ਦਾ ਬੰਦੋਬਸਤ ਕਰਨ ਵਿੱਚ ਮਦਦ ਦੇ ਰਹੀਆਂ ਹਨ।