ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਹੱਤਿਆ ਕਾਂਡ ਦੇ ਦੋਸ਼ੀ ਏਜੀ ਪੇਰਾਰੀਵਲਨ ਨੂੰ ਬਰੀ ਕਰ ਦਿੱਤਾ ਹੈ। ਕਾਂਗਰਸ ਨੇਤਾ ਰਣਦੀਪ ਸੁਰਜੇਵਾਲਾ ਨੇ ਏਜੀ ਪੇਰਾਰੀਵਲਨ ਦੀ ਰਿਹਾਈ 'ਤੇ ਤੰਜ ਕਸਿਆ ਹੈ। ਕਾਂਗਰਸ ਦੇ ਰਾਸ਼ਟਰੀ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਇਹ ਵੀ ਕਿਹਾ ਕਿ ਇਸ ਸਰਕਾਰ 'ਚ ਵੀ ਰਾਜੀਵ ਗਾਂਧੀ ਦੇ ਕਾਤਲ ਨੂੰ ਛੱਡ ਦਿੱਤਾ ਹੈ, ਮੋਦੀ ਦੱਸਣ ਕਿ ਕੀ ਇਹੀ ਰਾਸ਼ਟਰਵਾਦ ਹੈ।

ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਅਸੀਂ ਸੁਪਰੀਮ ਕੋਰਟ ਦੇ ਫੈਸਲੇ ਤੋਂ ਦੁਖੀ ਹਾਂ। ਇਹ ਫੈਸਲਾ ਮੰਦਭਾਗਾ ਹੈ, ਕਿਉਂਕਿ ਅਦਾਲਤ ਨੇ ਰਾਜੀਵ ਗਾਂਧੀ ਦੇ ਕਾਤਲ ਨੂੰ ਰਿਹਾਅ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਤਾਮਿਲਨਾਡੂ ਦੇ ਤਤਕਾਲੀ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਰਾਸ਼ਟਰਪਤੀ ਵੱਲੋਂ ਫੈਸਲਾ ਨਾ ਲੈਣ ਕਾਰਨ ਅਦਾਲਤ ਨੇ ਇਹ ਫੈਸਲਾ ਦਿੱਤਾ ਹੈ। ਸੁਰਜੇਵਾਲਾ ਨੇ ਅੱਗੇ ਕਿਹਾ ਕਿ ਅੱਜ ਦੇਸ਼ ਲਈ ਦੁੱਖ ਦਾ ਦਿਨ ਹੈ। ਰਾਜੀਵ ਗਾਂਧੀ ਕਾਂਗਰਸ ਦੇ ਹੀ ਆਗੂ ਨਹੀਂ ਸਨ, ਬਲਕਿ ਦੇਸ਼ ਦੇ ਪ੍ਰਧਾਨ ਮੰਤਰੀ ਸਨ।

ਦੱਸ ਦੇਈਏ ਕਿ ਏਜੀ ਪੇਰਾਰੀਵਲਨ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਹੱਤਿਆ ਦੇ ਮਾਮਲੇ ਵਿੱਚ 30 ਸਾਲ ਤੋਂ ਜੇਲ੍ਹ ਵਿੱਚ ਸਨ। ਸੁਪਰੀਮ ਕੋਰਟ ਨੇ ਏਜੀ ਪੇਰਾਰੀਵਲਨ ਦੀ ਰਿਹਾਈ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਜੇਲ੍ਹ ਵਿੱਚ ਉਸ ਦੇ ਚੰਗੇ ਵਤੀਰੇ ਕਾਰਨ ਉਸ ਦੀ ਰਿਹਾਈ ਦੇ ਹੁਕਮ ਦਿੱਤੇ ਹਨ। ਇਸ ਤੋਂ ਪਹਿਲਾਂ 9 ਮਾਰਚ ਨੂੰ ਸੁਪਰੀਮ ਕੋਰਟ ਨੇ ਏਜੀ ਪੇਰਾਰੀਵਲਨ ਨੂੰ ਜ਼ਮਾਨਤ ਦੇ ਦਿੱਤੀ ਸੀ। ਹੁਣ ਉਸ ਨੂੰ ਰਿਹਾਅ ਕਰ ਦਿੱਤਾ ਗਿਆ ਹੈ।

ਜਸਟਿਸ ਐਲ ਨਾਗੇਸ਼ਵਰ ਦੀ ਬੈਂਚ ਨੇ ਧਾਰਾ 142 ਦੀ ਵਰਤੋਂ ਕਰਦੇ ਹੋਏ ਉਸ ਦੀ ਰਿਹਾਈ ਦਾ ਹੁਕਮ ਦਿੱਤਾ ਹੈ। ਹਾਲਾਂਕਿ ਤਾਮਿਲਨਾਡੂ ਵਿੱਚ DMK ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਸੱਤਾਧਾਰੀ ਡੀਐਮਕੇ ਦੇ ਬੁਲਾਰੇ ਏ ਸਰਵਾਨਨ ਨੇ ਇਸ ਫੈਸਲੇ ਨੂੰ ਇਤਿਹਾਸਕ ਕਰਾਰ ਦਿੱਤਾ ਹੈ।