ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਇਕ ਮਹੱਤਵਪੂਰਨ ਫੈਸਲਾ ਦਿੰਦੇ ਹੋਏ ਕਿਹਾ ਕਿ ਇੱਕ ਪੜ੍ਹਿਆ ਲਿਖਿਆ ਵਿਅਕਤੀ ਆਪਣੇ ਪਤੀ / ਪਤਨੀ ਵਿਰੁੱਧ ਲਗਾਤਾਰ ਕਈ ਵਾਰ ਸ਼ਿਕਾਇਤ ਕਰਦਾ ਹੈ ਤਾਂ ਉਹ ਉਸ ਲਈ ਮਾਨਸਿਕ ਪਰੇਸ਼ਾਨੀ ਦਾ ਕਾਰਨ ਬਣ ਸਕਦਾ ਹੈ। ਇਹ ਸ਼ਿਕਾਇਤਾਂ ਉਸਦੀ ਸਾਖ ਅਤੇ ਉਸਦੇ ਕੈਰੀਅਰ ਤੇ ਮਾੜਾ ਪ੍ਰਭਾਵ ਪਾ ਸਕਦੀਆਂ ਹਨ ਅਤੇ ਇਸ ਅਧਾਰ ਤੇ ਉਸਨੂੰ ਤਲਾਕ ਦੀ ਆਗਿਆ ਵੀ ਦਿੱਤੀ ਜਾ ਸਕਦੀ ਹੈ।

 

ਜਸਟਿਸ ਸੰਜੇ ਕਿਸ਼ਨ ਕੌਲ, ਜਸਟਿਸ ਦਿਨੇਸ਼ ਮਹੇਸ਼ਵਰੀ ਅਤੇ ਜਸਟਿਸ ਰਿਸ਼ੀਕੇਸ਼ ਰਾਏ ਦੇ ਬੈਂਚ ਨੇ ਆਪਣੇ ਫ਼ੈਸਲੇ ਵਿਚ ਕਿਹਾ ਕਿ ਜੇ ਕੋਈ ਪਤੀ ਜਾਂ ਪਤਨੀ ਇਸ ਤਰ੍ਹਾਂ ਦਾ ਵਿਵਹਾਰ ਕਰਦਾ ਹੈ ਤਾਂ ਇਸ ਨੂੰ ਸਿਰਫ ਵਿਆਹੇ ਜੀਵਨ ਦਾ ਹਿੱਸਾ ਨਹੀਂ ਮੰਨਿਆ ਜਾ ਸਕਦਾ। ਉਹ ਵੀ ਜਦੋਂ ਸ਼ਿਕਾਇਤ ਕਰਨ ਵਾਲਾ ਵਿਅਕਤੀ ਪੜ੍ਹਿਆ-ਲਿਖਿਆ ਹੁੰਦਾ ਹੈ ਅਤੇ ਉਹ ਇਨ੍ਹਾਂ ਸ਼ਿਕਾਇਤਾਂ ਦੇ ਨਤੀਜੇ ਬਾਰੇ ਵੀ ਜਾਣਦਾ ਹੁੰਦਾ ਹੈ।

 

ਦਰਅਸਲ, ਇਕ ਆਰਮੀ ਅਧਿਕਾਰੀ ਨੇ ਆਪਣੀ ਪਤਨੀ ਦੇ ਖ਼ਿਲਾਫ਼ ਤਲਾਕ ਲਈ ਅਰਜ਼ੀ ਦਾਇਰ ਕੀਤੀ ਸੀ। ਆਪਣੀ ਪਟੀਸ਼ਨ ਵਿੱਚ, ਇਸ ਅਧਿਕਾਰੀ ਨੇ ਕਿਹਾ ਸੀ ਕਿ, ਉਸਦੀ ਪਤਨੀ ਨੇ ਉਸਦੇ ਵਿਰੁੱਧ ਸੈਨਾ ਦੇ ਉੱਚ ਅਧਿਕਾਰੀਆਂ ਸਾਹਮਣੇ ਕਈ ਅਪਮਾਨਜਨਕ ਸ਼ਿਕਾਇਤਾਂ ਕੀਤੀਆਂ ਸੀ, ਜਿਸ ਕਾਰਨ ਉਸਦੇ ਖ਼ਿਲਾਫ਼ ਕੋਰਟ ਇਨਕੁਆਰੀ ਵੀ ਹੋਈ।ਇਸ ਨਾਲ ਉਸਦੀ ਸਾਖ ਨੂੰ ਨੁਕਸਾਨ ਪਹੁੰਚਿਆ।

 

ਪਟੀਸ਼ਨਕਰਤਾ ਨੇ ਕਿਹਾ ਕਿ ਆਪਣੀ ਪਤਨੀ ਦੇ ਨਾਲ ਉਸਨੇ ਰਾਜ ਮਹਿਲਾ ਕਮਿਸ਼ਨ ਸਮੇਤ ਵੱਖ ਵੱਖ ਥਾਵਾਂ ‘ਤੇ ਉਸਦੇ ਖਿਲਾਫ ਸ਼ਿਕਾਇਤ ਵੀ ਕੀਤੀ ਸੀ। ਪਤਨੀ ਨੇ ਆਪਣੀ ਪਟੀਸ਼ਨ ਵਿਚ ਕਿਹਾ ਕਿ ਆਪਣੀ ਵਿਆਹੁਤਾ ਜ਼ਿੰਦਗੀ ਬਚਾਉਣ ਲਈ ਉਸ ਨੇ ਗੁੱਸੇ ਵਿਚ ਆ ਕੇ ਇਹ ਸ਼ਿਕਾਇਤਾਂ ਕੀਤੀਆਂ ਸੀ। ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਸੈਨਾ ਅਧਿਕਾਰੀ ਦੇ ਹੱਕ ਵਿੱਚ ਫੈਸਲਾ ਸੁਣਾਉਂਦੇ ਹੋਏ ਫੌਜ ਦੇ ਅਧਿਕਾਰੀ ਦੀ ਤਲਾਕ ਦੀ ਅਰਜ਼ੀ ਨੂੰ ਸਵੀਕਾਰ ਕਰ ਲਿਆ।