ਨਵੀਂ ਦਿੱਲੀ: ਖੇਤੀ ਕਾਨੂੰਨਾਂ 'ਤੇ ਕਿਸਾਨਾਂ ਤੇ ਸਰਕਾਰ ਵਿਚਾਲੇ ਖਿੱਚੋਤਾਣ ਜਾਰੀ ਹੈ। ਕਿਸਾਨ ਆਪਣੀਆਂ ਮੰਗਾਂ ਨੂੰ ਲੈਕੇ ਪਿਛਲੇ ਕਈ ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹਨ ਤੇ ਓਧਰ ਕੇਂਦਰ ਟਸ ਤੋਂ ਮਸ ਨਹੀਂ ਹੋ ਰਿਹਾ। ਦਿੱਲੀ ਬਾਰਡਰ 'ਤੇ ਡਟੇ ਕਿਸਾਨਾਂ ਲਈ ਅੱਜ ਦਾ ਦਿਨ ਕਾਫੀ ਅਹਿਮ ਹੋ ਸਕਦਾ ਹੈ। ਦਰਅਸਲ ਦਿੱਲੀ ਦੀਆਂ ਸੀਮਾਵਾਂ 'ਤੇ ਕਿਸਾਨ ਡਟੇ ਰਹਿਣਗੇ ਜਾਂ ਉਨ੍ਹਾਂ ਨੂੰ ਕਿਤੇ ਹੋਰ ਭੇਜਿਆ ਜਾਵੇਗਾ, ਇਸ 'ਤੇ ਅੱਜ ਸੁਪਰੀਮ ਕੋਰਟ ਫੈਸਲਾ ਸੁਣਾ ਸਕਦਾ ਹੈ।
ਦਰਅਸਲ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਬਾਰਡਰ ਤੇ ਹੋ ਰਹੇ ਕਿਸਾਨ ਅੰਦੋਲਨ ਨੂੰ ਲੈਕੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਅੱਜ SC ਚ ਮਾਮਲੇ ਦੀ ਸੁਣਵਾਈ ਹੋਵੇਗੀ। ਚੀਫ ਜਸਟਿ ਐਸ ਏ ਬੋਬੜੇ, ਜਸਟਿਸ ਏ ਐਸ ਬੋਪੰਨਾ ਅਤੇ ਜਸਟਿਸ ਵੀ ਰਾਮਸੁਬ੍ਰਾਮਨੀਅਨ ਦੀ ਬੈਂਚ ਮਾਮਲੇ ਦੀ ਸੁਣਵਾਈ ਕਰੇਗਾ।
ਰਿਸ਼ਭ ਸ਼ਰਮਾ ਨੇ ਦਾਇਰ ਕੀਤੀ ਪਟੀਸ਼ਨ
ਇਸ ਪਟੀਸ਼ਨ 'ਚ ਦਿੱਲੀ ਦੀਆਂ ਸਰਹੱਦਾਂ ਤੋਂ ਕਿਸਾਨਾਂ ਨੂੰ ਹਟਾਉਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨ 'ਚ ਕਿਹਾ ਗਿਆ ਕਿ ਇਸ ਤਰ੍ਹਾਂ ਲੋਕਾਂ ਦੇ ਇਕੱਠਾ ਹੋਣ ਨਾਲ ਕੋਰੋਨਾ ਵਾਇਰਸ ਦੀ ਇਨਫੈਕਸ਼ਨ ਦਾ ਖਤਰਾ ਵਧ ਸਕਦਾ ਹੈ। ਪਟੀਸ਼ਨ 'ਚ ਕਿਹਾ ਗਿਆ ਕਿ ਦਿੱਲੀ ਬਾਰਡਰ ਤੋਂ ਕਿਸਾਨਾਂ ਨੂੰ ਹਟਾਉਣਾ ਜ਼ਰੂਰੀ ਹੈ। ਕਿਉਂਕਿ ਇਸ ਨਾਲ ਸੜਕਾਂ ਬਲੌਕ ਹੋ ਰਹੀਆਂ ਹਨ। ਐਮਰਜੈਂਸੀ ਤੇ ਮੈਡੀਕਲ ਸਰਵਿਸ ਵੀ ਪ੍ਰਭਾਵਿਤ ਹੋ ਰਹੀ ਹੈ।
ਸੁਪਰੀਮ ਕੋਰਟ 'ਚ ਇਹ ਪਟੀਸ਼ਨ ਕਾਨੂੰਨ ਦੀ ਪੜ੍ਹਾਈ ਕਰਨ ਵਾਲੇ ਰਿਸ਼ਭ ਸ਼ਰਮਾ ਨੇ ਦਾਇਰ ਕੀਤੀ ਹੈ। ਉਨ੍ਹਾਂ ਆਪਣੀ ਪਟੀਸ਼ਨ 'ਚ ਕਿਹਾ ਹੈ ਕਿ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਤੋਂ ਹਟਾ ਕੇ ਸਰਕਾਰ ਵੱਲੋਂ ਮਿੱਥੇ ਸਥਾਨ 'ਤੇ ਤਬਦੀਲ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਪ੍ਰਦਰਸ਼ਨ ਦੌਰਾਨ ਕੋਰੋਨਾ ਗਾਈਡਲਾਈਨਜ਼ ਦਾ ਪਾਲਣ ਵੀ ਕਰਨਾ ਚਾਹੀਦਾ।
ਕਿਸਾਨਾਂ ਨਾਲ ਜੁੜੀ ਇਕ ਹੋਰ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ
ਇਸ ਦੇ ਨਾਲ ਹੀ ਸੁਪਰੀਮ ਕੋਰਟ 'ਚ ਅੱਜ ਕਿਸਾਨਾਂ ਨਾਲ ਜੁੜੀ ਇਕ ਹੋਰ ਪਟੀਸ਼ਨ 'ਤੇ ਸੁਣਵਾਈ ਹੋਣੀ ਹੈ। ਇਸ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਸੁਪਰੀਮ ਕੋਰਟ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਮੰਗ 'ਤੇ ਵਿਚਾਰ ਕਰਨ ਦਾ ਨਿਰਦੇਸ਼ ਦੇਣ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ