ਹੈਦਰਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਬੁੱਧਵਾਰ ਦੁਪਹਿਰ ਢਾਈ ਵਜੇ ਕਰਤਾਰਪੁਰ ਗਲਿਆਰੇ ਦੇ ਉਸਾਰੀ ਕਾਰਜਾਂ ਦੀ ਪਾਕਿਸਤਾਨ ਤੋਂ ਸ਼ੁਰੂਆਤ ਕਰਨਗੇ। ਦੋਵਾਂ ਦੇਸ਼ਾਂ ਦਰਮਿਆਨ ਖ਼ਰਾਬ ਹੋਏ ਸਬੰਧਾਂ ਨੂੰ ਦੇਖਦੇ ਹੋਏ ਇਸ ਕਦਮ ਨੂੰ ਬੇਹੱਦ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਪਰ ਇਸ ਦੋਸਤਾਨਾ ਕਦਮ ਤੋਂ ਬਾਅਦ ਭਾਰਤ ਨੇ ਸਾਰਕ ਸੰਮੇਲਨ ਵਿੱਚ ਸ਼ਾਮਲ ਹੋਣ ਤੋਂ ਹੀ ਇਨਕਾਰ ਕਰ ਦਿੱਤਾ ਹੈ।
ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਭਾਰਤ ਤੇ ਪਾਕਿਸਤਾਨ ਦੇ ਰਿਸ਼ਤਿਆਂ ਵੱਡਾ 'ਝਟਕਾ' ਦਿੰਦਿਆਂ ਕਿਹਾ ਹੈ ਕਿ ਅਤਿਵਾਦ ਤੇ ਗੱਲਬਾਤ ਦੋਵੇਂ ਇਕੱਠੇ ਨਹੀਂ ਰਹਿ ਸਕਦੇ। ਭਾਰਤੀ ਵਿਦੇਸ਼ ਮੰਤਰੀ ਦੇ ਇਸ ਬਿਆਨ ਨਾਲ ਪਾਕਿਸਤਾਨ ਦੀਆਂ ਭਾਰਤੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਸਾਰਕ ਸੰਮੇਲਨ 'ਚ ਬੁਲਾਉਣ ਦੀਆਂ ਆਸਾਂ ਨੂੰ ਵੱਡਾ ਝਟਕਾ ਲੱਗਾ ਹੈ। ਇਸ ਵਾਰ ਸਾਰਕ ਸੰਮੇਲਨ ਪਾਕਿਸਤਾਨ ਵਿੱਚ ਕਰਵਾਇਆ ਜਾ ਰਿਹਾ ਹੈ। ਭਾਰਤ ਨੇ ਇਸ ਵਿੱਚ ਆਪਣੀ ਸ਼ਮੂਲੀਅਤ ਕਰਨ ਤੋਂ ਸਾਫ਼ ਮਨ੍ਹਾ ਕਰ ਦਿੱਤਾ ਹੈ।
ਸੁਸ਼ਮਾ ਸਵਰਾਜ ਨੇ ਕਰਤਾਰਪੁਰ ਸਾਹਿਬ ਗਲਿਆਰੇ ਦੀ ਉਸਾਰੀ ਦਰਮਿਆਨ ਸਭ ਕੁਝ ਠੀਕ ਹੋਣ ਵੱਲ ਵਧਣ ਦੀ ਉਮੀਦ ਦਾ ਖੰਡਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਕਈ ਸਾਲਾਂ ਤੋਂ ਪਾਕਿਸਤਾਨ ਸਰਕਾਰ ਕੋਲ ਇਸ ਮਸਲੇ ਨੂੰ ਚੁੱਕਦਾ ਰਿਹਾ ਹੈ ਤੇ ਇਸ ਵਾਰ ਪਾਕਿਸਤਾਨ ਨੇ ਸਕਾਰਾਤਮਕ ਜਵਾਬ ਦਿੱਤਾ ਹੈ। ਇਸ ਦਾ ਮਤਲਬ ਇਹ ਨਹੀਂ ਹੈ ਕਿ ਇਸ ਕਾਰਨ ਦੁਵੱਲੀ ਗੱਲਬਾਤ ਸ਼ੁਰੂ ਹੋ ਜਾਵੇਗੀ, ਕਿਉਂਕਿ ਅਤਿਵਾਦ ਤੇ ਗੱਲਬਾਤ ਨਾਲ-ਨਾਲ ਨਹੀਂ ਚੱਲ ਸਕਦੇ।