ਨਵੀਂ ਦਿੱਲੀ: ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਲਈ ਪਾਕਿਸਤਾਨ ਜਾਣ ਤੋਂ ਇਨਕਾਰ ਕਰ ਦਿੱਤਾ ਹੈ। ਕੱਲ੍ਹ ਇਸ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਥਾਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਐਸ ਐਸ ਪੁਰੀ ਪਾਕਿਸਤਾਨ ਵਿੱਚ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਸਮਾਗਮ ਵਿੱਚ ਹਾਜ਼ਰੀ ਭਰਨਗੇ।
ਸੁਸ਼ਮਾ ਸਵਰਾਜ ਨੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਚਿੱਠੀ ਲਿਖ ਕੇ ਸੱਦਾ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਤੇਲੰਗਾਨਾ ਵਿੱਚ ਚੋਣ ਪ੍ਰਚਾਰ ਵਿੱਚ ਰੁੱਝੇ ਹੋਣ ਕਰਕੇ ਉਹ ਪਾਕਿਸਤਾਨ ਨਹੀਂ ਆ ਸਕਦੇ ਪਰ ਇਸ ਸਮਾਗਮ ਵਿੱਚ ਹਰਸਿਮਰਤ ਕੌਰ ਬਾਦਲ ਤੇ ਐਸ ਐਸ ਪੁਰੀ ਭਾਰਤ ਦੀ ਪ੍ਰਤੀਨਿਧਤਾ ਕਰਨਗੇ।
ਜ਼ਿਕਰਯੋਗ ਹੈ ਕਿ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕੱਲ੍ਹ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਭੇਜਿਆ ਸੀ। ਇਸ ਦੇ ਕੁਝ ਦੇਰ ਬਾਅਦ ਹੀ ਉਨ੍ਹਾਂ ਦੇ ਸੱਦੇ ’ਤੇ ਪ੍ਰਤੀਕਿਰਿਆ ਦਿੰਦਿਆਂ ਵਿਦੇਸ਼ ਮੰਤਰੀ ਨੇ ਟਵੀਟ ਕਰ ਕੇ ਕਿਹਾ ਕਿ ਤੈਅ ਕੀਤੀ ਤਾਰੀਖ਼ ’ਤੇ ਉਹ ਪਾਕਿਸਤਾਨ ਜਾਣ ਤੋਂ ਅਸਮਰਥ ਹਨ ਪਰ ਉਨ੍ਹਾਂ ਦੇ ਸਾਥੀ ਹਰਸਿਮਰਤ ਕੌਰ ਬਾਦਲ ਤੇ ਹਰਦੀਪ ਸਿੰਘ ਪੁਰੀ ਭਾਰਤ ਸਰਕਾਰ ਵੱਲੋਂ ਪ੍ਰਤੀਨਿਧਤਾ ਕਰਨਗੇ।